JALANDHAR WEATHER

ਵਿਧਾਇਕ ਫੌਜਾ ਸਿੰਘ ਸਰਾਰੀ ਨੇ ਝੋਨੇ ਦੀ ਸਰਕਾਰੀ ਖਰੀਦ ਕਰਵਾਈ ਸ਼ੁਰੂ

ਗੁਰੂ ਹਰ ਸਹਾਏ, 3 ਅਕਤੂਬਰ (ਕਪਿਲ ਕੰਧਾਰੀ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕੇ ਦੇ ਵਿਧਾਇਕ ਸਰਦਾਰ ਫੌਜਾ ਸਿੰਘ ਸਰਾਰੀ ਵਲੋਂ ਗੁਰੂ ਹਰ ਸਹਾਏ ਦੀ ਨਵੀਂ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਮਾਰਕੀਟ ਕਮੇਟੀ ਦੀ ਚੇਅਰਮੈਨ ਸੁਸ਼ੀਲ ਬੱਟੀ, ਵਿਧਾਇਕ ਸਰਾਰੀ ਦੇ ਪੀ.ਏ. ਬਚਿੱਤਰ ਸਿੰਘ ਲਾਡੀ ਆਦਿ ਹਾਜ਼ਰ ਸਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮਾਰਕੀਟ ਕਮੇਟੀ ਗੁਰੂ ਹਰ ਸਹਾਏ ਦੇ ਸੈਕਟਰੀ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਆੜ੍ਹਤੀ ਸਿਡਾਨਾ ਕਮਿਸ਼ਨ ਏਜੰਟ ਦੀ ਦੁਕਾਨ ਉਤੇ ਕਿਸਾਨ ਸੁਰਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਲੱਖੋ ਕੇ ਬਹਿਰਾਮ ਦਾ ਝੋਨਾ ਵਿਕਣ ਲਈ ਆਇਆ ਸੀ, ਜਿਸ ਦੀ ਸਰਕਾਰੀ ਖਰੀਦ ਹਲਕਾ ਵਿਧਾਇਕ ਫੌਜਾ ਸਿੰਘ ਸਰਾਰੀ ਵਲੋਂ ਸ਼ੁਰੂ ਕਰਵਾਈ ਗਈ।

ਇਸ ਮੌਕੇ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਫੌਜਾ ਸਿੰਘ ਨੇ ਆੜ੍ਹਤੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਕਿਸਾਨਾਂ ਨੂੰ ਮੰਡੀਆਂ ਵਿਚ ਝੋਨਾ ਸੁਕਾ ਕੇ ਲਿਆਉਣ ਲਈ ਪ੍ਰੇਰਿਤ ਕਰਨ ਅਤੇ 17% ਨਮੀ ਵਾਲਾ ਝੋਨਾ ਹੀ ਮੰਡੀਆਂ ਵਿਚ ਲਿਆਂਦਾ ਜਾਵੇ ਤਾਂ ਜੋ ਕਿ ਉਨ੍ਹਾਂ ਨੂੰ ਝੋਨੇ ਦਾ ਸਹੀ ਭਾਅ ਮਿਲ ਸਕੇ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਅਧੀਨ ਆਉਂਦੀਆਂ ਸਾਰੀਆਂ ਮੰਡੀਆਂ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸਰਕਾਰ ਕਿਸਾਨਾਂ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਦਾਣਾ ਮੰਡੀ ਵਿਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।  ਇਸ ਮੌਕੇ ਮਾਰਕੀਟ ਕਮੇਟੀ ਦੇ ਸੈਕਟਰੀ ਕ੍ਰਿਸ਼ਨ ਲਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਵੀ ਖਰੀਦ ਕੇਂਦਰਾਂ ਵਿਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਆਉਂਦੀ ਹੈ ਤਾਂ ਉਨ੍ਹਾਂ ਨੂੰ ਮੁਸ਼ਕਿਲ ਸੰਬੰਧੀ ਜਾਣੂ ਕਰਵਾਉਣ ਤਾਂ ਜੋ ਉਨ੍ਹਾਂ ਦੀ ਸਮੱਸਿਆ ਦਾ ਹੱਲ ਕੀਤਾ ਜਾ ਸਕੇ। ਇਸ ਦੌਰਾਨ ਆੜ੍ਹਤੀਆ ਐਸੋਸੀਏਸ਼ਨ ਦੇ ਆਗੂ ਰਵੀ ਸ਼ਰਮਾ, ਸਿਮੂ ਮੱਕੜ, ਕੁਲਬੀਰ ਸਿੰਘ ਬਰਾੜ, ਅਮਿਤ ਬੱਬਰ, ਕ੍ਰਿਸ਼ਨ ਸੇਤੀਆ, ਪ੍ਰੇਮ ਸਚਦੇਵਾ, ਸੁਰਿੰਦਰ ਪੂਰੀ, ਡੀ. ਐਫ਼. ਐਸ. ਓ. ਸਮਰਜੀਤ ਸਿੰਘ, ਇੰਸਪੈਕਟਰ ਅਜਮੇਰ ਸਿੰਘ, ਇੰਸਪੈਕਟਰ ਗੁਰਤੇਜ ਸਿੰਘ ਆਦਿ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ