ਗੀਤਾ ਗਿੱਲ ਅਜਨਾਲਾ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਵਾਈਸ ਚੇਅਰਪਰਸਨ ਨਿਯੁਕਤ

ਅਜਨਾਲਾ, (ਅੰਮ੍ਰਿਤਸਰ), 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਆਮ ਆਦਮੀ ਪਾਰਟੀ ਵਿਚ ਜੁਝਾਰੂ ਮਹਿਲਾ ਆਗੂ ਵਜੋਂ ਵਿਚਰਨ ਵਾਲੀ ‘ਆਪ’ ਮਹਿਲਾ ਵਿੰਗ ਜ਼ਿਲਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਅ ਰਹੀ ਗੀਤਾ ਗਿੱਲ ਅਜਨਾਲਾ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਵਾਈਸ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਗੀਤਾ ਗਿੱਲ ਮਸੀਹ ਭਲਾਈ ਬੋਰਡ ਪੰਜਾਬ ਦੀ ਮੈਂਬਰ ਅਤੇ ਆਮ ਆਦਮੀ ਪਾਰਟੀ ਜ਼ਿਲਾ ਅੰਮ੍ਰਿਤਸਰ ਦੇ ਸਕੱਤਰ ਵਜੋਂ ਵੀ ਸੇਵਾਵਾਂ ਨਿਭਾਅ ਰਹੀ ਹੈ। ਆਪਣੀ ਇਸ ਨਿਯੁਕਤੀ ਲਈ ਨਵ- ਨਿਯੁਕਤ ਵਾਈਸ ਚੇਅਰਪਰਸਨ ਗੀਤਾ ਗਿੱਲ ਅਜਨਾਲਾ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੁੱਚੀ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਂਦਿਆਂ ਹੋਇਆਂ ਬਤੌਰ ਵਾਈਸ ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੱਬੀਆਂ ਕੁਚਲੀਆਂ ਔਰਤਾਂ ਨੂੰ ਨਿਆਂ ਦਿਵਾਉਣ, ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਅਤੇ ਘਰੇਲੂ ਹਿੰਸਾ ਦਾ ਸ਼ਿਕਾਰ ਹੋ ਰਹੀਆਂ ਮਹਿਲਾਵਾਂ ਨੂੰ ਨਿਆਂ ਦਿਵਾਉਣ ਤੋਂ ਇਲਾਵਾ ਮਹਿਲਾਵਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਹਰ ਸੰਭਵ ਕੋਸ਼ਿਸ਼ ਕਰਾਂਗੀ।