ਕੇਂਦਰੀ ਰੱਖਿਆ ਰਾਜ ਮੰਤਰੀ ਸੰਜੇ ਸੇਠ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 4 ਅਕਤੂਬਰ (ਜਸਵੰਤ ਸਿੰਘ ਜੱਸ)- ਕੇਂਦਰੀ ਰੱਖਿਆ ਰਾਜ ਮੰਤਰੀ ਸ੍ਰੀ ਸੰਜੇ ਸੇਠ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਦੇ ਆਦੇਸ਼ ’ਤੇ ਪੰਜਾਬ ਵਿਚ ਹੜ੍ਹ ਰਾਹਤ ਕਾਰਜਾਂ ਦੀ ਸਮੀਖਿਆ ਕਰਨ ਲਈ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਭਾਰਤ ਦਾ ਖੇਤੀਬਾੜੀ ਦੇ ਖੇਤਰ ਵਿਚ ਸਿਰਮੌਰ ਸੂਬਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਹਰਿਆਲੀ ਅਤੇ ਖੁਸ਼ਹਾਲੀ ਮੋਦੀ ਜੀ ਦਾ ਸੰਕਲਪ ਹੈ ਤੇ ਉਨ੍ਹਾਂ ਦੀ ਇੱਛਾ ਹੈ ਕਿ ਹਰ ਪੀੜਤ ਵਿਅਕਤੀ ਤੱਕ ਰਾਹਤ ਪਹੁੰਚੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਹਰ ਪਲ ਖੜੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕਸਰ ਨਹੀਂ ਛੱਡੇਗੀ। ਇਸ ਮੌਕੇ ਸਹਾਇਕ ਸੂਚਨਾ ਅਧਿਕਾਰੀ ਜਤਿੰਦਰ ਪਾਲ ਸਿੰਘ ਅਤੇ ਭਾਜਪਾ ਦੇ ਅੰਮ੍ਰਿਤਸਰ ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਵੀ ਹਾਜ਼ਰ ਸਨ।