ਮੌਸਮ ਵਿਭਾਗ ਵਲੋਂ 5, 6 ਤੇ 7 ਅਕਤੂਬਰ ਨੂੰ ਭਾਰੀ ਬਾਰਿਸ਼ ਦੇ ਮੱਦੇਨਜ਼ਰ ਡੀ.ਸੀ. ਜਲੰਧਰ ਵਲੋਂ ਐਡਵਾਈਜ਼ਰੀ ਜਾਰੀ

ਜਲੰਧਰ, 4 ਅਕਤੂਬਰ-5, 6 ਅਤੇ 7 ਅਕਤੂਬਰ ਨੂੰ ਮੌਸਮ ਵਿਭਾਗ ਵਲੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਅਧਿਕਾਰੀਆਂ ਨੂੰ ਛੁੱਟੀਆਂ ਕੈਂਸਲ ਕਰਕੇ ਸਟੇਸ਼ਨ 'ਤੇ ਰਹਿਣ ਦੀ ਹਦਾਇਤ ਦਿੱਤੀ ਗਈ ਹੈ ਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨਗਰ ਨਿਗਮ ਜਲੰਧਰ ਨੂੰ ਨੀਵੇਂ ਇਲਾਕਿਆਂ ਸਮੇਤ ਸ਼ਹਿਰ ਵਿਚ ਪਾਣੀ ਦੀ ਨਿਕਾਸੀ ਲਈ ਲੋੜੀਂਦੇ ਇੰਤਜ਼ਾਮ ਯਕੀਨੀ ਬਣਾਉਣ ਦੀ ਹਦਾਇਤ ਵੀ ਦਿੱਤੀ ਹੈ ਤੇ ਪੰਪਿੰਗ ਸਟੇਸ਼ਨਾਂ ਦੇ ਨਿਰਵਿਘਨ ਸੰਚਾਲਨ ਲਈ ਐਸ.ਟੀ.ਪੀਜ਼ 'ਤੇ ਬਿਜਲੀ ਦਾ ਬੈਕਅੱਪ ਲਾਜ਼ਮੀ ਕਰਨ ਲਈ ਕਿਹਾ ਹੈ। ਡਰੇਨੇਜ਼ ਵਿਭਾਗ ਨੂੰ ਬੰਨ੍ਹਾਂ ਦੀ ਸੁਰੱਖਿਆ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੱਤੇ ਹਨ ਕਿ ਦਰਿਆ ਨੇੜੇ ਰਹਿੰਦੇ ਇਲਾਕਿਆਂ ਵਿਚ ਲੋਕਾਂ ਨੂੰ ਸੁਚੇਤ ਕੀਤਾ ਜਾਵੇ ਅਤੇ ਲੋੜ ਪੈਣ 'ਤੇ ਲੋਕਾਂ ਨੂੰ ਉੱਚੀਆਂ ਤੇ ਸੁਰੱਖਿਅਤ ਥਾਵਾਂ 'ਤੇ ਲਿਜਾਣ ਲਈ ਪਹਿਲਾਂ ਹੀ ਸਾਰੇ ਜ਼ਰੂਰੀ ਪ੍ਰਬੰਧ ਕਰ ਲਏ ਜਾਣ। ਪੀ.ਐਸ.ਪੀ.ਸੀ.ਐਲ. ਨੂੰ ਵੀ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਾਰੀ ਬਾਰਿਸ਼ ਦੀ ਸੰਭਾਵਨਾ ਦੇ ਮੱਦੇਨਜ਼ਰ ਪੁਖ਼ਤਾ ਬੰਦੋਬਸਤ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।