ਪਾਕਿਸਤਾਨ ਨਾਲ ਜੁੜੇ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼, ਦੋ ਗ੍ਰਿਫ਼ਤਾਰ

ਅੰਮ੍ਰਿਤਸਰ, 5 ਅਕਤੂਬਰ - ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਵੱਲੋਂ ਖੁਫੀਆ ਜਾਣਕਾਰੀ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਪਾਕਿਸਤਾਨ ਨਾਲ ਜੁੜੇ ਇਕ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਅਤੇ ਦੋ ਕਾਰਕੁਨਾਂ ਗੁਰਜੰਟ ਸਿੰਘ ਅਤੇ ਗੁਰਵੇਲ ਸਿੰਘ, ਦੋਵੇਂ ਨਿਵਾਸੀ ਤਰਨਤਾਰਨ ਨੂੰ ਗ੍ਰਿਫ਼ਤਾਰ ਕਰਕੇ 2.5 ਕਿਲੋ ਹੈਰੋਇਨ ਅਤੇ 5 ਆਧੁਨਿਕ ਪਿਸਤੌਲ ਸਮੇਤ ਮੈਗਜ਼ੀਨ ਬਰਾਮਦ ਕੀਤੇ ਗਏ।
ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਪਾਕਿਸਤਾਨ ਸਥਿਤ ਤਸਕਰ ਦੇ ਨਿਰਦੇਸ਼ਾਂ 'ਤੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਲਈ ਕੰਮ ਕਰ ਰਹੇ ਸਨ। ਬਰਾਮਦ ਕੀਤੇ ਗਏ ਹਥਿਆਰ ਪੰਜਾਬ ਵਿਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਸਪਲਾਈ ਕੀਤੇ ਜਾਣੇ ਸਨ।ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਨੈੱਟਵਰਕ ਦੇ ਪਿਛਲੇ ਅਤੇ ਅਗਲੇ ਸੰਬੰਧਾਂ ਸਮੇਤ ਪੂਰੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।