JALANDHAR WEATHER

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਤਲਵੰਡੀ ਪੁਲ ਚੌਂਕ ’ਤੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਫੂਕੇ ਪੁਤਲੇ

ਸੁਲਤਾਨਪੁਰ ਲੋਧੀ, (ਕਪੂਰਥਲਾ), 6 ਅਕਤੂਬਰ (ਥਿੰਦ)- ਕੇਂਦਰ ਅਤੇ ਸੂਬਾ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਫ਼ਸਲਾਂ ਦਾ ਮੁਆਵਜ਼ਾ ਨਾ ਦਿੱਤੇ ਜਾਣ ਅਤੇ ਪਰਾਲੀ ਸਾੜਨ ’ਤੇ ਹਾਈਕੋਰਟ ਦੇ ਹੁਕਮਾਂ ਅਨੁਸਾਰ ਕਿਸਾਨਾਂ ਨੂੰ ਛੇ ਮਹੀਨੇ ਸਜ਼ਾ ਤੇ ਜ਼ੁਰਮਾਨੇ ਕੀਤੇ ਜਾਣ ਦੇ ਵਿਰੋਧ ਵਿਚ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਅਤੇ ਸੰਗਠਨ ਸਕੱਤਰ ਸ਼ੇਰ ਸਿੰਘ ਮਹੀਂਵਾਲ ਦੀ ਅਗਵਾਈ ਹੇਠ ਤਲਵੰਡੀ ਪੁਲ ਚੌਂਕ ’ਤੇ ਸੂਬਾ ਅਤੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪੁਤਲੇ ਫੂਕੇ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਪ੍ਰਧਾਨ ਸਰਵਨ ਸਿੰਘ ਬਾਊਪੁਰ ਨੇ ਕਿਹਾ ਕਿ ਹੜ੍ਹਾਂ ਨਾਲ ਕਿਸਾਨਾਂ ਦੀਆਂ ਫ਼ਸਲਾਂ ਜਿਨ੍ਹਾਂ ਵਿਚ ਮੁੱਖ ਤੌਰ ’ਤੇ ਝੋਨਾ ਅਤੇ ਹਰੇ ਚਾਰੇ ਦਾ ਭਾਰੀ ਨੁਕਸਾਨ ਹੋਇਆ ਹੈ। ਕਿਸਾਨਾਂ ਵਲੋਂ ਹੁਣ ਅਗਲੀ ਫ਼ਸਲ ਬੀਜਣ ਦੀ ਤਿਆਰੀ ਕੀਤੀ ਜਾ ਰਹੀ ਹੈ ਪਰ ਸੂਬਾ ਅਤੇ ਕੇਂਦਰ ਸਰਕਾਰ ਵਲੋਂ ਅਜੇ ਤੱਕ ਮੁਆਵਜ਼ਾ ਨਹੀਂ ਦਿੱਤਾ ਗਿਆ ਹੈ।

ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰੋਜ਼ਾਨਾ ਹੀ ਮੰਤਰੀ ਗੇੜੇ ਮਾਰ ਰਹੇ ਹਨ ਪਰ ਕਿਸੇ ਨੇ ਵੀ ਅਜੇ ਤੱਕ ਮੁਆਵਜ਼ਾ ਦੇਣ ਦੀ ਗੱਲ ਨਹੀਂ ਕਹੀ। ਜ਼ਿਲ੍ਹਾ ਸੰਗਠਨ ਸਕੱਤਰ ਸ਼ੇਰ ਸਿੰਘ ਮਹੀਵਾਲ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਸਾੜਨ ’ਤੇ ਜ਼ੁਰਮਾਨਾ ਅਤੇ ਸਜ਼ਾ ਕਰਨ ਦਾ ਜੋ ਮਾਣਯੋਗ ਹਾਈਕੋਰਟ ਵਲੋਂ ਹੁਕਮ ਦਿੱਤਾ ਗਿਆ ਹੈ, ਉਹ ਮੰਦਭਾਗਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਰਕਾਰਾਂ ਦੀ ਜ਼ਿੰਮੇਵਾਰੀ ਹੈ ਕਿ ਕਿਸਾਨ ਦੇ ਖੇਤ ਵਿਚੋਂ ਪਰਾਲੀ ਨੂੰ ਸਾਂਭਣ ਲਈ ਪੁਖਤਾ ਪ੍ਰਬੰਧ ਕਰਨ ਪਰ ਸਰਕਾਰ ਇਸ ਮਸਲੇ ’ਤੇ ਬਿਲਕੁਲ ਫੇਲ੍ਹ ਹੋ ਚੁੱਕੀ ਹੈ। ਜ਼ਿਲ੍ਹਾ ਪ੍ਰੈੱਸ ਸਕੱਤਰ ਪੁਸ਼ਪਿੰਦਰ ਸਿੰਘ ਰੰਧੀਰਪੁਰ ਨੇ ਕਿਹਾ ਕਿ ਕਣਕ ਦੇ ਘਟੋ ਘੱਟ ਸਮਰਥਨ ਮੁੱਲ ਵਿਚ ਕੀਤਾ ਗਿਆ ਵਾਧਾ ਬਹੁਤ ਘੱਟ ਹੈ, ਕੇਂਦਰ ਸਰਕਾਰ ਨੂੰ ਘਟੋ ਘੱਟ 3000 ਪ੍ਰਤੀ ਕੁਇੰਟਲ ਕਣਕ ਦਾ ਭਾਅ ਮਿਥਣਾ ਚਾਹੀਦਾ ਹੈ। ਇਸ ਪ੍ਰਦਰਸ਼ਨ ਵਿਚ ਸੈਂਕੜੇ ਕਿਸਾਨ ਮਜ਼ਦੂਰਾਂ ਨੇ ਹਿੱਸਾ ਲਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ