JALANDHAR WEATHER

ਅਮਰੀਕੀ ਫੌਜ 'ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣਾ ਧਾਰਮਿਕ ਆਜ਼ਾਦੀ ਦੀ ਉਲੰਘਣਾ - ਧਾਮੀ

ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੇ ਰੱਖਿਆ ਸਕੱਤਰ ਦੇ ਅਮਰੀਕੀ ਰੱਖਿਆ ਬਲਾਂ ’ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਵਾਲੇ ਬਿਆਨ ਬਾਰੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਅਮਰੀਕਾ ਸਰਕਾਰ ਕੋਲ ਮਾਮਲਾ ਉਠਾ ਕੇ ਇਸ ’ਤੇ ਰੋਕ ਲਗਾਉਣ ਲਈ ਆਖਿਆ ਹੈ। ਪੱਤਰ ਵਿਚ ਲਿਖਿਆ ਗਿਆ ਕਿ ਇਸ ਫੈਸਲੇ ਨਾਲ ਸਿੱਖਾਂ ਦੀਆਂ ਧਾਰਮਿਕ ਮਾਨਤਾਵਾਂ ਨੂੰ ਸੱਟ ਵੱਜੀ ਹੈ, ਇਸ ਨੂੰ ਰੋਕਿਆ ਜਾਵੇ ਅਤੇ ਸਿੱਖਾਂ ਨੂੰ ਪਹਿਲਾਂ ਵਾਂਗ ਅਮਰੀਕਾ ਦੀ ਆਰਮੀ ਵਿਚ ਆਪਣੇ ਧਰਮ ਦਾ ਪਾਲਣ ਕਰਦਿਆਂ ਸੇਵਾਵਾਂ ਦੀ ਇਜਾਜ਼ਤ ਹੋਵੇ।

ਦਫ਼ਤਰ ਤੋਂ ਜਾਰੀ ਬਿਆਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਮਰੀਕਾ ਦੀ ਸਰਕਾਰ ਦੇ ਅਧਿਕਾਰੀ ਦਾ ਅਜਿਹਾ ਬਿਆਨ ਸਿੱਖਾਂ ਦੀਆਂ ਪ੍ਰੰਪਰਾਵਾਂ ਅਤੇ ਮੌਲਿਕ ਅਧਿਕਾਰਾਂ ਨੂੰ ਅੱਖੋ-ਪਰੋਖੇ ਕਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਆਪਣੀ ਕਾਬਲੀਅਤ ਨਾਲ ਜਿਥੇ ਪੂਰੀ ਦੁਨੀਆ ਵਿਚ ਚੰਗੇ ਮੁਕਾਮ ਹਾਸਿਲ ਕੀਤੇ ਹਨ, ਉਥੇ ਅਮਰੀਕਾ ਦੇ ਵਿਕਾਸ ਵਿਚ ਵੀ ਆਪਣਾ ਯੋਗਦਾਨ ਪਾਇਆ ਹੈ ਅਤੇ ਅਮਰੀਕਾ ਦੀਆਂ ਸੇਨਾਵਾਂ ਵਿਚ ਵੀ ਸਿੱਖ ਆਪਣੀ ਡਿਊਟੀ ਪੂਰੀ ਲਗਨ ਨਾਲ ਕਰ ਰਹੇ ਹਨ। ਅਜਿਹੇ ਵਿਚ ਫੌਜ ਦੀ ਡਿਊਟੀ ਦੌਰਾਨ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਦਾ ਫੈਸਲਾ ਤਰਕਸੰਗਤ ਨਹੀਂ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਵਲੋਂ ਆਪਣੇ ਕੇਸ ਨਾ ਕੱਟਣੇ ਆਪਣੇ ਗੁਰੂ ਸਾਹਿਬਾਨ ਅਤੇ ਧਰਮ ਪ੍ਰਤੀ ਵਚਨਬੱਧਤਾ ਹੈ ਅਤੇ ਅਮਰੀਕਾ ਦੇ ਰੱਖਿਆ ਮੰਤਰੀ ਵਲੋਂ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਦਾ ਕਾਨੂੰਨ ਸਿੱਖਾਂ ਦੀ ਧਾਰਮਿਕ ਆਜ਼ਾਦੀ ’ਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਵਰਗੇ ਲੋਕਤੰਤਰੀ ਦੇਸ਼ ਵਿਚ ਸਿੱਖ ਭਾਈਚਾਰੇ ਨਾਲ ਅਜਿਹਾ ਵਿਤਕਰਾ ਠੀਕ ਨਹੀਂ ਹੈ। ਉਨ੍ਹਾਂ ਇਹ ਵੀ ਆਖਿਆ ਕਿ ਅਮਰੀਕਾ ਦੇ ਸਰਬਪੱਖੀ ਵਿਕਾਸ ਵਿਚ ਸਿੱਖਾਂ ਦੇ ਯੋਗਦਾਨ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਸਿੱਖਾਂ ਨੇ ਉਥੇ ਰਹਿੰਦਿਆਂ ਬੇਹੱਦ ਸਖ਼ਤ ਮਿਹਨਤ ਕਰਕੇ ਦੇਸ਼ ਦੀ ਖੁਸ਼ਹਾਲੀ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਰੀਤੀ-ਰਿਵਾਜ ਦੁਨੀਆ ਦੇ ਕਿਸੇ ਹਿੱਸੇ ਵਿਚ ਵੀ ਜਾਣ-ਪਛਾਣ ਦੇ ਮੁਥਾਜ ਨਹੀਂ ਹਨ ਕਿਉਂਕਿ ਪੂਰੀ ਦੁਨੀਆ ਵਿਚ ਸਿੱਖਾਂ ਨੇ ਆਪਣੀ ਪਛਾਣ ਸਥਾਪਤ ਕੀਤੀ ਹੋਈ ਹੈ। ਅਮਰੀਕਾ ਦੇਸ਼ ਜਿਹੜਾ ਕਿ ਸਿੱਖਾਂ ਦੇ ਰਹਿਣ-ਸਹਿਣ, ਪਛਾਣ ਅਤੇ ਮਰਿਯਾਦਾ ਨੂੰ ਨੇੜਿਓਂ ਸਮਝਦਾ ਹੈ, ਉਥੇ ਸਿੱਖਾਂ ਦੀ ਧਾਰਮਿਕ ਆਜ਼ਾਦੀ ਨੂੰ ਸੱਟ ਮਾਰਨੀ ਠੀਕ ਨਹੀਂ ਹੈ। ਉਨ੍ਹਾਂ ਅਮਰੀਕਾ ਸਰਕਾਰ ਨੂੰ ਅਜਿਹਾ ਕੋਈ ਵੀ ਫੈਸਲਾ ਨਾ ਕਰਨ ਦੀ ਅਪੀਲ ਕਰਨ ਦੇ ਨਾਲ ਭਾਰਤ ਦੇ ਵਿਦੇਸ਼ ਮੰਤਰੀ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਹ ਮਾਮਲਾ ਤੁਰੰਤ ਅਮਰੀਕਾ ਦੀ ਸਰਕਾਰ ਕੋਲ ਉਠਾ ਕੇ ਇਸ ਦਾ ਹੱਲ ਕਰਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ