ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸ਼ਰਧਾ ਅਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹੈ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

.jpeg)
.jpeg)
.jpeg)
.jpeg)
.jpeg)
.jpeg)

ਅੰਮ੍ਰਿਤਸਰ, 8 ਅਕਤੂਬਰ (ਜਸਵੰਤ ਸਿੰਘ ਜੱਸ)- ਚੌਥੇ ਪਾਤਿਸ਼ਾਹ ਅਤੇ ਗੁਰੂ ਨਗਰੀ ਅੰਮ੍ਰਿਤਸਰ ਦੇ ਬਾਨੀ ਗੁਰੂ ਰਾਮਦਾਸ ਜੀ ਦਾ 491ਵਾਂ ਪ੍ਰਕਾਸ਼ ਪੁਰਬ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਅੱਜ ਲੱਖਾਂ ਸੰਗਤਾਂ ਦੇਸ਼ ਵਿਦੇਸ਼ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜ ਰਹੀਆਂ ਹਨ। ਸ੍ਰੀ ਹਰਿਮੰਦਰ ਸਾਹਿਬ, ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸੁੰਦਰ ਜਲੌਅ ਸਜਾਏ ਗਏ ਹਨ, ਜਿਸ ਦੌਰਾਨ ਗੁਰੂ ਘਰ ਦੀਆਂ ਬੇਸ਼ਕੀਮਤੀ ਅਤੇ ਇਤਿਹਾਸਿਕ ਵਸਤਾਂ ਸੰਗਤਾਂ ਦੇ ਦਰਸ਼ਨਾਂ ਲਈ ਰੱਖੀਆਂ ਗਈਆਂ ਹਨ। ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਕਰੀਬ 10 ਟਨ ਰੰਗ ਬਿਰੰਗੇ ਫੁੱਲਾਂ ਨਾਲ ਕੀਤੀ ਸਜਾਵਟ ਸੰਗਤਾਂ ਦਾ ਮਨ ਮੋਹ ਰਹੀ ਹੈ। ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਸ਼ਾਮ ਨੂੰ ਦੀਪਮਾਲਾ ਹੋਵੇਗੀ ਤੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਆਤਿਸ਼ਬਾਜੀ ਚਲਾਈ ਜਾਵੇਗੀ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਵੀ ਸਜਾਏ ਜਾ ਰਹੇ ਹਨ।