ਮੋਗਾ 'ਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 100 ਕਰੋੜ ਦੇ ਵਿਕਾਸ ਪ੍ਰੋਜੈਕਟ ਸ਼ੁਰੂ
ਮੋਗਾ, 8 ਅਕਤੂਬਰ-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਅੱਜ ਮੋਗਾ ਜ਼ਿਲ੍ਹੇ ਵਿਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 100 ਕਰੋੜ ਦੇ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਹਨ। ਇਹ ਪਹਿਲ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਦਰਸ਼ੀ ਅਗਵਾਈ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਦੀ ਸਰਗਰਮ ਅਗਵਾਈ ਹੇਠ ਸ਼ੁਰੂ ਕੀਤੀ ਗਈ ਸੀ। ਇਸ ਪ੍ਰੋਗਰਾਮ ਦਾ ਉਦਘਾਟਨ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਜ਼ਿਲ੍ਹੇ ਦੀ ਬਿਜਲੀ ਸਪਲਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਗੇ, ਜਿਸ ਨਾਲ ਪਿੰਡਾਂ ਅਤੇ ਸ਼ਹਿਰਾਂ ਦੇ ਵਸਨੀਕਾਂ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ।
ਇਸ ਮੌਕੇ ਮੌਜੂਦ ਪੀ.ਐਸ.ਪੀ.ਸੀ.ਐਲ. ਦੇ ਸੀਨੀਅਰ ਅਧਿਕਾਰੀਆਂ ਨੇ ਐਲਾਨ ਕੀਤਾ ਕਿ ਮੋਗਾ ਜ਼ਿਲ੍ਹੇ ਵਿਚ ਆਉਣ ਵਾਲੇ ਮਹੀਨਿਆਂ ਵਿਚ ਨਵੇਂ ਟ੍ਰਾਂਸਫਾਰਮਰਾਂ ਦੀ ਸਥਾਪਨਾ, ਵਾਇਰਿੰਗ ਨੂੰ ਬਦਲਣ ਅਤੇ ਸਬ-ਸਟੇਸ਼ਨਾਂ ਦੇ ਆਧੁਨਿਕੀਕਰਨ ਸਮੇਤ ਕਈ ਮੁੱਖ ਪ੍ਰੋਜੈਕਟ ਪੂਰੇ ਕੀਤੇ ਜਾਣਗੇ। ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੂੰ ਬਿਜਲੀ ਖੇਤਰ ਵਿਚ ਆਤਮ-ਨਿਰਭਰ ਬਣਾਉਣ ਲਈ ਵਚਨਬੱਧ ਹਨ ਅਤੇ ਮੋਗਾ ਵਿਚ ਇਹ 100 ਕਰੋੜ ਰੁਪਏ ਦਾ ਪ੍ਰੋਜੈਕਟ ਇਸ ਦਿਸ਼ਾ ਵਿਚ ਇਕ ਵੱਡਾ ਕਦਮ ਹੈ।