ਨਸ਼ੇ ਵਾਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ

ਮਹਿਲ ਕਲਾਂ, 11 ਅਕਤੂਬਰ (ਅਵਤਾਰ ਸਿੰਘ ਅਣਖੀ)-ਥਾਣਾ ਠੁੱਲੀਵਾਲ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਨੂੰ ਫੜੇ ਜਾਣ ਦੀ ਖਬਰ ਮਿਲੀ ਹੈ। ਇਸ ਸੰਬੰਧੀ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਬਲਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਐਸ.ਐਸ.ਪੀ. ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ, ਡੀ. ਐਸ. ਪੀ. ਮਹਿਲ ਕਲਾਂ ਜਸਪਾਲ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਦੀ ਦੇਖ-ਰੇਖ ਹੇਠ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਥਾਣਾ ਠੁੱਲੀਵਾਲ ਪੁਲਿਸ ਪਾਰਟੀ ਨੇ ਮਿਲੀ ਸੂਚਨਾ ਦੇ ਆਧਾਰ ਉਤੇ ਜਸਵਿੰਦਰ ਸਿੰਘ ਗੋਲੀ ਵਾਸੀ ਕੁਰੜ ਨੂੰ ਪਿੰਡ ਕੁਰੜ ਤੋਂ ਮਾਂਗੇਵਾਲ ਆਉਂਦੀ ਸੜਕ ਤੋਂ 420 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਲਿਆ। ਠੁੱਲੀਵਾਲ ਪੁਲਿਸ ਵਲੋਂ ਫੜੇ ਗਏ ਨੌਜਵਾਨ ਖ਼ਿਲਾਫ਼ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।