ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਏ.ਡੀ.ਜੀ.ਪੀ. ਖੁਦਕੁਸ਼ੀ ਮਾਮਲੇ 'ਚ ਚੰਡੀਗੜ੍ਹ ਦੇ ਡੀ.ਜੀ.ਪੀ. ਤੋਂ ਮੰਗੀ ਰਿਪੋਰਟ

ਚੰਡੀਗੜ੍ਹ, 11 ਅਕਤੂਬਰ-ਅਨੁਸੂਚਿਤ ਜਾਤੀ ਕਮਿਸ਼ਨ ਨੇ ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿਚ ਚੰਡੀਗੜ੍ਹ ਦੇ ਡੀ.ਜੀ.ਪੀ. ਤੋਂ ਰਿਪੋਰਟ ਮੰਗੀ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਹਰਿਆਣਾ ਦੇ ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਦੀ ਚੰਡੀਗੜ੍ਹ ਵਿਚ ਹੋਈ ਖੁਦਕੁਸ਼ੀ ਦਾ ਖੁਦ ਨੋਟਿਸ ਲਿਆ ਹੈ ਅਤੇ ਪੁਲਿਸ ਡਾਇਰੈਕਟਰ ਜਨਰਲ, ਚੰਡੀਗੜ੍ਹ ਤੋਂ ਰਿਪੋਰਟ ਮੰਗੀ ਹੈ।
ਇਸ ਜਾਣਕਾਰੀ ਦਾ ਖੁਲਾਸਾ ਕਰਦੇ ਹੋਏ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਇਹ ਮਾਮਲਾ ਇਕ ਅਖਬਾਰ ਦੀ ਰਿਪੋਰਟ ਰਾਹੀਂ ਉਨ੍ਹਾਂ ਦੇ ਧਿਆਨ ਵਿਚ ਆਇਆ ਸੀ। ਇਸ 'ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਨੇ ਪੁਲਿਸ ਡਾਇਰੈਕਟਰ ਜਨਰਲ, ਚੰਡੀਗੜ੍ਹ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਮਾਮਲੇ 'ਤੇ ਏ.ਡੀ.ਜੀ.ਪੀ. ਪੱਧਰ ਦੇ ਅਧਿਕਾਰੀ ਰਾਹੀਂ ਰਿਪੋਰਟ, ਮ੍ਰਿਤਕ ਅਧਿਕਾਰੀ ਦੇ ਖੁਦਕੁਸ਼ੀ ਨੋਟ ਅਤੇ ਉਸਦੀ ਪਤਨੀ ਅਮਨੀਤ ਕੌਰ ਦੁਆਰਾ 13 ਅਕਤੂਬਰ, 2025 ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਦਾਇਰ ਕੀਤੀ ਗਈ ਸ਼ਿਕਾਇਤ 'ਤੇ ਹੁਣ ਤੱਕ ਕੀਤੀ ਗਈ ਕਾਰਵਾਈ ਪੇਸ਼ ਕਰਨ। ਇਸ ਤੋਂ ਇਲਾਵਾ, ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਸੋਮਵਾਰ, 13 ਅਕਤੂਬਰ, 2025 ਨੂੰ ਪੀੜਤ ਪਰਿਵਾਰ ਨੂੰ ਮਿਲਣ ਵੀ ਜਾਣਗੇ।