ਗੁਟਕਾ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਪਿਓ-ਪੁੱਤਰ ਕਾਬੂ
ਜੈਤੋ, 11 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਇਥੋਂ ਨੇੜਲੇ ਪਿੰਡ ਕਰੀਰਵਾਲੀ ਵਿਖੇ ਅੱਜ ਸਵੇਰੇ ਗੁਰਦੁਆਰਾ ਸਾਹਿਬ ਨੇੜੇ ਬਾਬਾ ਮੁਨੀ ਦਾਸ ਜੀ ਦੀ ਜਗ੍ਹਾ ਵਿਚ ਗੁਟਕਾ ਸਾਹਿਬ ਜੀ ਦੇ ਅੰਗ ਖਿੱਲਰੇ ਹੋਏ ਮਿਲੇ ਤਾਂ ਪਿੰਡ ਵਿਚ ਵਾਸੀਆਂ ਵਿਚ ਰੋਸ ਦੀ ਲਹਿਰ ਦੌੜ ਗਈ ਅਤੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਐਸ.ਡੀ. ਮਨੋਜ ਕੁਮਾਰ ਅਤੇ ਥਾਣਾ ਜੈਤੋ ਦੇ ਐਸ.ਐਚ.ਓ. ਨਵਪ੍ਰੀਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਲੋਕਾਂ ਤੋਂ ਜਾਣਕਾਰੀ ਇਕੱਤਰ ਕਰਨ ਉਪਰੰਤ ਪਿੰਡ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਚੈੱਕ ਕੀਤਾ ਗਿਆ ਅਤੇ ਘਟਨਾ ਦੇ ਕਰੀਬ 8-9 ਘੰਟਿਆਂ ਉਪਰੰਤ ਪਿੰਡ ਦੇ ਹੀ ਦੋ ਵਿਅਕਤੀਆਂ ਨੂੰ ਪੁਲਿਸ ਵਲੋਂ ਆਪਣੇ ਨਾਲ ਥਾਣਾ ਜੈਤੋ ਵਿਖੇ ਲਿਆਂਦਾ ਗਿਆ।
ਇਸ ਸੰਬੰਧੀ ਜਦੋਂ ਐਸ.ਐਚ.ਓ. ਨਵਪ੍ਰੀਤ ਸਿੰਘ ਨਾਲ ਫੋਨ ’ਤੇ ਸੰਪਰਕ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿਚ ਕਥਿਤ ਦੋਸ਼ੀ ਪਿਓ ਤੇ ਪੁੱਤਰ ਜਸਵਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਅਤੇ ਬਲਕਰਨ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਕਰੀਰਵਾਲੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਆਰੰਭ ਕਰ ਦਿੱਤੀ ਹੈ। ਇਸ ਘਟਨਾ ’ਤੇ ਮੌਕੇ ਉੱਪਰ ਪੁੱਜੇ ਸੁਖਰਾਜ ਸਿੰਘ ਨਿਆਮੀਵਾਲਾ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ ਅਤੇ ਸੂਬੇ ਦੀ ਸਰਕਾਰ ਵਲੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨੂੰ ਰੋਕਣ ਲਈ ਸਖ਼ਤ ਕਾਨੂੰਨ ਨਾ ਹੋਣ ਕਰਕੇ ਹੀ ਬੇਅਦਬੀ ਦੀਆਂ ਘਟਨਾਵਾਂ ਵੱਧ ਰਹੀਆਂ ਹਨ। ਸਰਕਾਰ ਨੂੰ ਚਾਹੀਦਾ ਹੈ ਕਿ ਅਜਿਹੀਆਂ ਘਟਨਾਵਾਂ ਰੋਕਣ ਲਈ ਤੁਰੰਤ ਸਖ਼ਤ ਕਾਨੂੰਨ ਬਣਾਏ ਜਾਣ। ਇਸ ਮੌਕੇ ਹਰਜੀਤ ਸਿੰਘ ਪ੍ਰਧਾਨ, ਗੁਰਤੇਜ ਸਿੰਘ, ਨਿਰਮਲ ਸਿੰਘ, ਕੁਲਵਿੰਦਰ ਸਿੰਘ, ਜਸਪਾਲ ਸਿੰਘ ਸਰਪੰਚ, ਕੋਮਲ ਸਿੰਘ, ਹਰਜਿੰਦਰ ਸਿੰਘ ਅਤੇ ਹਰਮੇਲ ਸਿੰਘ ਬਾਠ ਆਦਿ ਨੇ ਉਕਤ ਘਟਨਾ ਨੂੰ ਮੰਦਭਾਗਾ ਦੱਸਿਆ ਅਤੇ ਕਥਿਤ ਦੋਸ਼ੀਆਂ ਨੂੰ ਜਲਦ ਕਾਬੂ ਕਰਨ ’ਤੇ ਪੁਲਿਸ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ।