2 ਐਕਟਿਵਾ ਦੀ ਟੱਕਰ 'ਚ ਇਕ ਵਿਅਕਤੀ ਦੀ ਮੌਤ

ਕਪੂਰਥਲਾ, 11 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਬੀਤੇ ਦਿਨ ਮਸਜਿਦ ਚੌਕ ਨਜ਼ਦੀਕ ਦੋ ਐਕਟਿਵਾ ਦੀ ਟੱਕਰ ਵਿਚ ਜ਼ਖ਼ਮੀ ਹੋਏ ਇਕ ਵਿਅਕਤੀ ਦੀ ਇਲਾਜ ਦੌਰਾਨ ਅੱਜ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਭਰਾ ਕੀਮਤੀ ਲਾਲ ਪੁੱਤਰ ਓਮ ਪ੍ਰਕਾਸ਼ ਵਾਸੀ ਨਰੋਤਮ ਵਿਹਾਰ ਜੋ ਕਿ ਇਕ ਫ਼ੈਕਟਰੀ ਵਿਚ ਸਕਿਓਰਿਟੀ ਗਾਰਡ ਦਾ ਕੰਮ ਕਰਦਾ ਸੀ ਤੇ ਬੀਤੇ ਦਿਨੀਂ ਜਦੋਂ ਉਹ ਆਪਣੀ ਐਕਟਿਵਾ 'ਤੇ ਕੰਮ ਉਤੇ ਜਾ ਰਿਹਾ ਸੀ ਤਾਂ ਮਸਜਿਦ ਚੌਕ ਨਜ਼ਦੀਕ ਦੂਸਰੀ ਤਰਫ਼ ਤੋਂ ਆ ਰਹੀ ਐਕਟਿਵਾ ਜਿਸਨੂੰ ਲਵੇਸ਼ ਪੁੱਤਰ ਰਕੇਸ਼ ਕੁਮਾਰ ਵਾਸੀ ਸ਼ੇਖੂਪੁਰ ਚਲਾ ਰਿਹਾ ਸੀ, ਨਾਲ ਟੱਕਰ ਹੋ ਗਈ, ਜਿਸ ਵਿਚ ਦੋਵੇਂ ਜ਼ਖਮੀ ਹੋ ਗਏ ਸਨ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਸੀ ਜਿਥੇ ਡਿਊਟੀ ਡਾਕਟਰ ਵਲੋਂ ਕੀਮਤੀ ਲਾਲ ਦੀ ਹਾਲਤ ਗੰਭੀਰ ਹੋਣ ਕਾਰਨ ਉਸਨੂੰ ਜਲੰਧਰ ਰੈਫ਼ਰ ਕਰ ਦਿੱਤਾ ਗਿਆ ਸੀ, ਜਿਸ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ। ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੇ ਥਾਣਾ ਸਿਟੀ ਤੋਂ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਚ ਰੱਖਵਾ ਦਿੱਤੀ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।