ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ

ਚਾਉਕੇ, 13 ਅਕਤੂਬਰ (ਮਨਜੀਤ ਸਿੰਘ ਘੜੈਲੀ)-ਪਿੰਡ ਚੋਟੀਆਂ ਦੇ ਇਕ ਨੌਜਵਾਨ ਕਿਸਾਨ ਵਲੋਂ ਕਰਜ਼ੇ ਦੀ ਪ੍ਰੇਸ਼ਾਨੀ ਕਾਰਨ ਜ਼ਹਿਰੀਲੀ ਚੀਜ਼ ਨਿਗਲਣ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦੀ ਖ਼ਬਰ ਹੈ। ਪਿੰਡ ਤੇ ਪਤਵੰਤਿਆਂ ਨੇ ਦੱਸਿਆ ਕਿ ਬੀਤੇ ਦਿਨ ਪਿੰਡ ਚੋਟੀਆਂ ਦੇ ਨੌਜਵਾਨ ਕਿਸਾਨ ਗੁਰਪ੍ਰਤਾਪ ਸਿੰਘ ਪੁੱਤਰ ਨਛੱਤਰ ਸਿੰਘ ਨੇ ਆਪਣੇ ਸਿਰ ਚੜ੍ਹੇ ਕਈ ਲੱਖ ਦੇ ਕਰਜ਼ੇ ਦੀ ਪ੍ਰੇਸ਼ਾਨੀ ਕਾਰਨ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਇਸ ਨੌਜਵਾਨ ਕੋਲ ਥੋੜ੍ਹੀ ਹੀ ਜ਼ਮੀਨ ਦੱਸੀ ਜਾ ਰਹੀ ਹੈ। ਉਕਤ ਨੌਜਵਾਨ ਦੀ ਉਮਰ ਕਰੀਬ 40 ਸਾਲ ਦੇ ਲਗਭਗ ਦੱਸੀ ਜਾ ਰਹੀ ਹੈ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਜੋ ਕਿ ਆਪਣੇ ਪਿੱਛੇ ਮਾਂ-ਬਾਪ, ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਪਿੰਡ ਵਾਸੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਪੀੜਤ ਪਰਿਵਾਰ ਨੂੰ ਯੋਗ ਮੁਆਵਜ਼ੇ ਦੀ ਮੰਗ ਕੀਤੀ ਹੈ।