ਦੀਵਾਲੀ ਮੌਕੇ ਪ੍ਰਧਾਨ ਮੰਤਰੀ ਮੋਦੀ ਵਲੋਂ ਦੇਸ਼ ਦੇ ਨਾਂਅ ਪੱਤਰ

ਨਵੀਂ ਦਿੱਲੀ, ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰ ਦੇ ਨਾਮ ਆਪਣੇ ਪੱਤਰ ਵਿਚ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਦੀਵਾਲੀ ਅਯੁੱਧਿਆ ਵਿਚ ਵਿਸ਼ਾਲ ਰਾਮ ਮੰਦਰ ਦੇ ਨਿਰਮਾਣ ਤੋਂ ਬਾਅਦ ਦੂਜੀ ਦੀਵਾਲੀ ਹੈ। ਪ੍ਰਧਾਨ ਮੰਤਰੀ ਨੇ ਭਗਵਾਨ ਸ੍ਰੀ ਰਾਮ ਦੇ ਜੀਵਨ ਤੋਂ ਪ੍ਰੇਰਨਾ ਲੈਣ ਬਾਰੇ ਗੱਲ ਕੀਤੀ। ਮੋਦੀ ਨੇ ਕਿਹਾ ਕਿ ਰਾਮ ਸਾਨੂੰ ਧਾਰਮਿਕਤਾ ਅਤੇ ਨਿਆਂ ਦੇ ਮਾਰਗ 'ਤੇ ਚੱਲਣ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੇ ਹਨ। ਮੋਦੀ ਨੇ ਪੱਤਰ ਵਿਚ ਹਾਲ ਹੀ ਵਿਚ ਹੋਏ ਆਪ੍ਰੇਸ਼ਨ ਸੰਧੂਰ ਦਾ ਵੀ ਜ਼ਿਕਰ ਕੀਤਾ।
ਮੋਦੀ ਨੇ ਦੇਸ਼ ਦੇ ਕਈ ਜ਼ਿਲ੍ਹਿਆਂ, ਖਾਸ ਕਰਕੇ ਦੂਰ-ਦੁਰਾਡੇ ਇਲਾਕਿਆਂ ਵਿਚ ਨਕਸਲਵਾਦ ਅਤੇ ਮਾਓਵਾਦੀ ਅੱਤਵਾਦ ਦੇ ਖਾਤਮੇ ਨੂੰ ਇਕ ਇਤਿਹਾਸਕ ਪ੍ਰਾਪਤੀ ਦੱਸਿਆ। ਉਨ੍ਹਾਂ ਕਿਹਾ ਕਿ ਇਸ ਦੀਵਾਲੀ 'ਤੇ ਇਨ੍ਹਾਂ ਖੇਤਰਾਂ ਵਿਚ ਪਹਿਲੀ ਵਾਰ ਦੀਵੇ ਜਗਾਏ ਜਾਣਗੇ, ਜੋ ਸ਼ਾਂਤੀ ਅਤੇ ਵਿਕਾਸ ਦਾ ਪ੍ਰਤੀਕ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਬਹੁਤ ਸਾਰੇ ਲੋਕ ਹਿੰਸਾ ਦਾ ਰਸਤਾ ਛੱਡ ਕੇ ਵਿਕਾਸ ਦੀ ਮੁੱਖ ਧਾਰਾ ਵਿਚ ਸ਼ਾਮਿਲ ਹੋ ਰਹੇ ਹਨ ਅਤੇ ਭਾਰਤ ਦੇ ਸੰਵਿਧਾਨ ਵਿਚ ਵਿਸ਼ਵਾਸ ਪ੍ਰਗਟ ਕਰ ਰਹੇ ਹਨ। ਇਹ ਦੇਸ਼ ਲਈ ਇਕ ਵੱਡਾ ਕਦਮ ਹੈ।
ਪ੍ਰਧਾਨ ਮੰਤਰੀ ਨੇ ਹਾਲ ਹੀ ਵਿਚ ਸ਼ੁਰੂ ਕੀਤੇ ਗਏ ਅਗਲੀ ਪੀੜ੍ਹੀ ਦੇ ਸੁਧਾਰਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਨਵਰਾਤਰੀ ਦੇ ਪਹਿਲੇ ਦਿਨ ਘੱਟ ਜੀ.ਐਸ.ਟੀ. ਦਰਾਂ ਲਾਗੂ ਕੀਤੀਆਂ ਗਈਆਂ ਸਨ, ਜਿਸ ਦੇ ਨਤੀਜੇ ਵਜੋਂ ਜੀ.ਐਸ.ਟੀ. ਬਚਤ ਉਤਸਵ ਰਾਹੀਂ ਨਾਗਰਿਕਾਂ ਲਈ ਹਜ਼ਾਰਾਂ ਕਰੋੜ ਰੁਪਏ ਦੀ ਬਚਤ ਹੋਈ।
ਉਨ੍ਹਾਂ ਕਿਹਾ ਕਿ ਕਈ ਵਿਸ਼ਵ ਚੁਣੌਤੀਆਂ ਦੇ ਵਿਚਕਾਰ ਭਾਰਤ ਸਥਿਰਤਾ ਅਤੇ ਲਚਕੀਲੇਪਣ ਦੇ ਪ੍ਰਤੀਕ ਵਜੋਂ ਉਭਰਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਆਉਣ ਵਾਲੇ ਸਾਲਾਂ ਵਿਚ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਲਈ ਤਿਆਰ ਹਾਂ।