JALANDHAR WEATHER

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਅੰਮ੍ਰਿਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਜਿਥੇ ਦੇਸ਼-ਵਿਦੇਸ਼ ਦੀਆਂ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ, ਉਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਬਾਬਾ ਨਿਹਾਲ ਸਿੰਘ ਤਰਨਾ ਦਲ ਹਰੀਆਂ ਵੇਲਾਂ, ਦਲ ਪੰਥ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਸ਼ਮੂਲੀਅਤ ਕੀਤੀ। ਬੰਦੀ ਛੋੜ ਦਿਹਾੜੇ ਸੰਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਗੁਰਮਤਿ ਸਮਾਗਮਾਂ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਜਥਿਆਂ, ਪ੍ਰਚਾਰਕਾਂ ਅਤੇ ਕਵੀਆਂ ਨੇ ਗੁਰਬਾਣੀ ਕੀਰਤਨ ਅਤੇ ਇਤਿਹਾਸ ਦੁਆਰਾ ਸੰਗਤ ਨਾਲ ਸਾਂਝ ਪਾਈ।

ਇਸ ਦੌਰਾਨ ਪ੍ਰੰਪਰਾ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸਿੱਖ ਪੰਥ ਦੇ ਨਾਂਅ ਸੰਦੇਸ਼ ਦਿੰਦਿਆਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦੇ ਨਾਲ-ਨਾਲ ਸਿੱਖਾਂ ਨਾਲ ਹੋ ਰਹੇ ਵਿਤਕਰੇ ਵਖਰੇਵੇਂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਦਅਦਬੀਆਂ ਦੀਆਂ ਘਟਨਾਵਾਂ, ਸਿੱਖ ਕਕਾਰਾਂ ’ਤੇ ਹੁੰਦੇ ਸਵਾਲ ਅਤੇ ਸਿੱਖ ਸੰਸਥਾਵਾਂ ਉੱਤੇ ਗਹਿਰੀ ਸਾਜ਼ਿਸ਼ ਤਹਿਤ ਕਬਜ਼ੇ ਦੀਆਂ ਚਾਲਾਂ ਪ੍ਰਤੀ ਚਿੰਤਾ ਪ੍ਰਗਟ ਕਰਦਿਆਂ ਪੰਥਕ ਏਕਤਾ ਦੀ ਗੱਲ ਕੀਤੀ।

ਉਨ੍ਹਾਂ ਕਿਹਾ ਕਿ ਛੇਵੇਂ ਪਾਤਿਸ਼ਾਹ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕਰਕੇ ਸਿੱਖਾਂ ਨੂੰ ਇਕ ਅਜਿਹਾ ਤਖ਼ਤ ਬਖ਼ਸ਼ਿਆ, ਜਿਹੜਾ ਹਮੇਸ਼ਾ ਹੱਕ, ਸੱਚ, ਨਿਆਂ ਅਤੇ ਧਰਮ ਦੇ ਬੋਲ-ਬਾਲਿਆਂ ਲਈ ਸੇਧ ਦਿੰਦਾ ਹੈ। ਉਨ੍ਹਾਂ ਕਿਹਾ ਕਿ ਬੰਦੀ ਛੋੜ ਦਿਵਸ ਮੌਕੇ ਸਮੁੱਚਾ ਖ਼ਾਲਸਾ ਪੰਥ ਪੰਥਕ ਰਵਾਇਤਾਂ ਮੁਤਾਬਕ ਇਥੇ ਸਿਰ ਜੋੜ ਕੇ ਬੈਠਦਾ ਹੈ ਅਤੇ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਰਣਨੀਤੀ ਬਣਾਉਂਦਾ ਹੈ। ਉਨ੍ਹਾਂ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਭਾਈ ਜਗਤਾਰ ਸਿੰਘ ਹਵਾਰਾ, ਭਾਈ ਗੁਰਦੀਪ ਸਿੰਘ ਖੈਰਾ, ਭਾਈ ਦਵਿੰਦਰਪਾਲ ਸਿੰਘ ਭੁੱਲਰ, ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਓਰਾ ਤੇ ਹੋਰ ਸਿੰਘਾਂ ਅਤੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਹੱਕ ਹਕੂਕਾਂ ਦੀ ਗੱਲ ਕਰਦਿਆਂ ਸਰਕਾਰ ਪਾਸੋਂ ਤੁਰੰਤ ਰਿਹਾਈ ਦੀ ਮੰਗ ਕੀਤੀ। ਗਿਆਨੀ ਗੜਗੱਜ ਨੇ ਸਰਕਾਰ ਵਲੋਂ 2019 ’ਚ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਜਾਰੀ ਕੀਤੇ ਨੋਟੀਫਿਕੇਸ਼ਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਨੂੰ ਆਪਣੇ ਫੈਸਲੇ ’ਤੇ ਦ੍ਰਿੜ੍ਹ ਰਹਿਣਾ ਚਾਹੀਦਾ ਹੈ ਅਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰਨਾ ਚਾਹੀਦਾ ਹੈ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵੀ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਦਿੱਤੀ। ਇਸ ਦੌਰਾਨ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਵੀ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ। ਬੰਦੀ ਛੋੜ ਦਿਵਸ ਸਮਾਗਮਾਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਮਗਵਿੰਦਰ ਸਿੰਘ ਖਾਪੜਖੇੜੀ, ਸ. ਅਮਰਜੀਤ ਸਿੰਘ ਬੰਡਾਲਾ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਬਲਵਿੰਦਰ ਸਿੰਘ ਵੇਈਂ ਪੂਈਂ, ਸ. ਦਰਸ਼ਨ ਸਿੰਘ ਬਰਾੜ, ਸ. ਹਰਭਜਨ ਸਿੰਘ ਮਸਾਣਾ, ਭਾਈ ਅਜੈਬ ਸਿੰਘ ਅਭਿਆਸੀ, ਅਕਾਲੀ ਆਗੂ ਸ. ਸੁੱਚਾ ਸਿੰਘ ਲੰਗਾਹ, ਓ.ਐਸ.ਡੀ. ਸ. ਸਤਬੀਰ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ. ਪ੍ਰੀਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਆਦਿ ਹਾਜ਼ਰ ਸਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ