ਸ੍ਰੀ ਮੁਕਤਸਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਮੌਕੇ ਕੀਤੀ ਗਈ ਦੀਪਮਾਲਾ





ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਜਿਥੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ (ਸ੍ਰੀ ਦਰਬਾਰ ਸਾਹਿਬ) ਵਿਖੇ ਸਾਰਾ ਦਿਨ ਕੀਰਤਨ ਪ੍ਰਵਾਹ ਚੱਲਦਾ ਰਿਹਾ, ਉਥੇ ਸ਼ਾਮ ਮੌਕੇ ਸ੍ਰੀ ਦਰਬਾਰ ਸਾਹਿਬ, ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਗੁਰਦੁਆਰਾ ਤੰਬੂ ਸਾਹਿਬ ਅਤੇ ਗੁਰਦੁਆਰਾ ਮਾਤਾ ਭਾਗ ਕੌਰ ਵਿਖੇ ਦੀਪਮਾਲਾ ਕੀਤੀ ਗਈ। ਵੱਡੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਪਰਿਕਰਮਾ ਅਤੇ ਪਵਿੱਤਰ ਮੁਕਤ ਸਰੋਵਰ ਦੇ ਆਲੇ-ਦੁਆਲੇ ਦੀਵੇ ਅਤੇ ਮੋਮਬੱਤੀਆਂ ਜਗਾ ਕੇ ਰੌਸ਼ਨੀ ਕੀਤੀ। ਸ੍ਰੀ ਦਰਬਾਰ ਸਾਹਿਬ ਨੂੰ ਰੰਗ-ਬਿਰੰਗੀਆਂ ਸੁੰਦਰ ਬਿਜਲਈ ਲੜੀਆਂ ਨਾਲ ਸਜਾਇਆ ਗਿਆ। ਸਮੁੱਚਾ ਕੰਪਲੈਕਸ ਰੌਸ਼ਨੀਆਂ ਨਾਲ ਜਗਮਗਾ ਉੱਠਿਆ। ਸ਼ਾਮ ਮੌਕੇ ਵੱਡੀ ਗਿਣਤੀ ਵਿਚ ਦੂਰ-ਦੁਰਾਡੇ ਤੋਂ ਸੰਗਤਾਂ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰ ਰਹੀਆਂ ਸਨ।