ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵਲੋਂ ਸੰਗਰੂਰ ਜ਼ਿਲ੍ਹੇ ਦੇ ਸਾਰੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ’ਚ ਆਰ.ਓ ਲਗਾਉਣ ਦੀ ਹਦਾਇਤ
ਸੰਗਰੂਰ, 28 ਅਕਤੂਬਰ (ਧੀਰਜ ਪਸੋਰੀਆ) - ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਅੱਜ ਸੰਗਰੂਰ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਵਿਚ ਪੀਣ ਲਈ ਸਾਫ਼ ਪਾਣੀ ਉਪਲਬਧ ਕਰਵਾਉਣ ਲਈ ਆਰ.ਓ. ਲਗਾਉਣੇ ਯਕੀਨੀ ਬਣਾਏ ਜਾਣ।
ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਸ਼ਨ ਵੰਡ ਪ੍ਰਕਿਰਿਆ, ਮਿਡ ਡੇ ਮੀਲ ਸਕੀਮ, ਆਂਗਣਵਾੜੀ ਸੈਂਟਰਾਂ ਰਾਹੀਂ ਦਿੱਤੇ ਜਾਣ ਵਾਲੇ ਸਾਮਾਨ ਅਤੇ ਖਾਣੇ ਦੀ ਸਟੋਰੇਜ ਸਿਸਟਮ ਸੰਬੰਧੀ ਅਧਿਕਾਰੀਆਂ ਨਾਲ ਬੈਠਕ ਕਰ ਰਹੇ ਸਨ। ਮੀਟਿੰਗ ਦੌਰਾਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿਚ ਲੱਗੇ ਆਰ.ਓ. ਦਾ ਟੀ.ਡੀ.ਐਸ. ਚੈਕ ਕਰਨ ਸਮੇਤ ਖ਼ਰਾਬ ਆਰ.ਓ. ਨੂੰ ਠੀਕ ਕਰਵਾਉਣ ਅਤੇ ਸਾਰੇ ਸੈਂਟਰਾਂ ਵਿਚ ਆਰ.ਓ. ਲਗਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹਾ ਫੂਡ ਸੇਫ਼ਟੀ ਅਫ਼ਸਰ ਨੂੰ ਮਿਡ ਡੇ ਮੀਲ ਅਤੇ ਆਂਗਣਵਾੜੀ ਸੈਂਟਰਾਂ ਰਾਹੀਂ ਦਿੱਤੇ ਜਾਣ ਵਾਲੇ ਖਾਣੇ ਅਤੇ ਸਾਮਾਨ ਦੀ ਨਿਰੰਤਰ ਚੈਕਿੰਗ ਦੇ ਨਿਰਦੇਸ਼ ਦਿੰਦਿਆਂ ਸਖ਼ਤ ਸ਼ਬਦਾਂ ਵਿਚ ਹਦਾਇਤ ਕੀਤੀ ਕਿ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਵਿਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਡੀ.ਐਫ.ਐਸ.ਸੀ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ, ਆਂਗਣਵਾੜੀ ਸੈਂਟਰਾਂ ਅਤੇ ਰਾਸ਼ਨ ਡੀਪੂਆਂ ਦੇ ਬਾਹਰ ਪੰਜਾਬ ਸਟੇਟ ਫੂਡ ਕਮਿਸ਼ਨ ਦਾ ਹੈਲਪ ਲਾਈਨ ਨੰਬਰ ਅਤੇ ਸੰਪਰਕ ਵੇਰਵੇ ਸਪਸ਼ਟ ਤੌਰ ‘ਤੇ ਲਿਖੇ ਜਾਣ, ਤਾਂ ਜੋ ਲੋਕ ਆਪਣੀਆਂ ਸ਼ਿਕਾਇਤਾਂ ਸਿੱਧਾ ਕਮਿਸ਼ਨ ਤੱਕ ਪਹੁੰਚਾ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿਚ ਸਮਾਰਟ ਰਾਸ਼ਨ ਕਾਰਡ ਦੀ ਈ-ਕੇਵਾਈਸੀ ਯਕੀਨੀ ਬਣਾਉਣ ਸਮੇਤ ਨਵੇਂ ਰਾਸ਼ਨ ਕਾਰਡ ਬਣਾਉਣ ਦਾ ਵੀ ਕੀਤਾ ਜਾਵੇ ਤਾਂ ਜੋ ਲੋੜਵੰਦਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲ ਸਕੇ।
;
;
;
;
;
;
;
;