ਸ਼ਹੀਦੀ ਨਗਰ ਕੀਰਤਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਹੋਇਆ ਰਵਾਨਾ
ਤਲਵੰਡੀ ਸਾਬੋ, (ਬਠਿੰਡਾ), 1 ਨਵੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਸਾਮ ਦੇ ਗੁਰਦੁਆਰਾ ਧੁਬੜੀ ਸਾਹਿਬ ਤੋਂ ਸਜਾਇਆ ਗਿਆ ਮਹਾਨ ਨਗਰ ਕੀਰਤਨ ਬੀਤੀ ਦੇਰ ਰਾਤ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚਣ ਉਪਰੰਤ ਸਵੇਰੇ ਅੱਜ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਖਾਲਸਾਈ ਜਾਹੋ ਜਲਾਲ ਨਾਲ ਅਗਲੇ ਪੜਾਅ ਲਈ ਰਵਾਨਾ ਹੋ ਗਿਆ। ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਕੀਤੀ।
ਅਰਦਾਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ।ਇਸ ਮੌਕੇ ਪੰਜਾਬ ਪੁਲਿਸ ਦੀ ਵਿਸ਼ੇਸ਼ ਟੁਕੜੀ ਨੇ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਭੇਟ ਕੀਤੀ। ਨਗਰ ਕੀਰਤਨ ਦੇ ਅੱਗੇ ਗੱਤਕੇ ਦੀਆਂ ਟੀਮਾਂ ਗੱਤਕੇ ਦੇ ਜੌਹਰ ਦਿਖਾਉਂਦੀਆਂ ਚੱਲ ਰਹੀਆਂ ਹਨ ਜਦੋਂਕਿ ਨਗਰ ਕੀਰਤਨ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ/ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਧਾਰਮਿਕ ਸ਼ਖ਼ਸੀਅਤਾਂ ਪੁੱਜੀਆਂ ਹੋਈਆਂ ਸਨ।
;
;
;
;
;
;
;
;