ਵਿਸ਼ਾਲ ਨਗਰ ਕੀਰਤਨ ਦਾ ਸੰਗਰੂਰ ਪੁੱਜਣ ’ਤੇ ਅਮਨ ਅਰੋੜਾ ,ਮੀਤ ਹੇਅਰ ਤੇ ਸੰਗਤਾਂ ਵਲੋਂ ਭਰਵਾਂ ਸਵਾਗਤ
ਸੰਗਰੂਰ , 20 ਨਵੰਬਰ (ਧੀਰਜ ਪਸ਼ੌਰੀਆ ) - ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਲਵੰਡੀ ਸਾਬੋ ਤੋਂ ਚੱਲਿਆ ਵਿਸ਼ਾਲ ਨਗਰ ਕੀਰਤਨ ਬਡਬਰ ਰਾਹੀਂ ਸੰਗਰੂਰ ਜ਼ਿਲ੍ਹੇ ਵਿਚ ਪੁੱਜਾ, ਜਿਥੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਸਮੇਤ ਵੱਡੀ ਗਿਣਤੀ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਪਾਲਕੀ ਸਾਹਿਬ ਨੂੰ ਨਤਮਸਤਕ ਹੁੰਦਿਆਂ ਤੇ 5 ਪਿਆਰਿਆਂ ਨੂੰ ਸਿਰੋਪਾਉ ਭੇਟ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣਾ ਸਾਡੇ ਸਾਰਿਆਂ ਲਈ ਇਤਿਹਾਸਕ ਪਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਨਿਮਾਣੇ ਸ਼ਰਧਾਲੂ ਵਜੋਂ ਪੂਰੀ ਅਕੀਦਤ, ਸ਼ਰਧਾ ਭਾਵਨਾ ਤੇ ਗੁਰਮਤਿ ਮਰਿਯਾਦਾ ਨਾਲ ਮਨਾ ਰਹੀ ਹੈ। ਅਮਨ ਅਰੋੜਾ ਨੇ ਕਿਹਾ ਕਿ ਅਕਾਲ ਪੁਰਖ ਨੇ ਇਸ ਮਹਾਨ ਕਾਰਜ ਵਿਚ ਸੇਵਾ ਨਿਭਾਉਣ ਲਈ ਸੂਬਾ ਸਰਕਾਰ ’ਤੇ ਆਪਾਰ ਕਿਰਪਾ ਕੀਤੀ ਹੈ ਅਤੇ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਨੇ ਲੋਕਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਵਲੋਂ ਸਮੁੱਚੀ ਮਨੁੱਖਤਾ ਨੂੰ ਦਿਖਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ।
;
;
;
;
;
;
;
;
;