ਹਲਕਾ ਮਹਿਲ ਕਲਾਂ ਤੋਂ ਵੱਡੀ ਗਿਣਤੀ 'ਚ ਸ਼ਰਧਾਲੂ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੇ: ਵਿਧਾਇਕ ਪੰਡੋਰੀ
ਮਹਿਲ ਕਲਾਂ, 22 ਨਵੰਬਰ ( ਅਵਤਾਰ ਸਿੰਘ ਅਣਖੀ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ 23 ਤੋਂ 25 ਨਵੰਬਰ ਤੱਕ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਵਿਸ਼ਾਲ ਧਾਰਮਿਕ ਸਮਾਗਮਾਂ ਵਿਚ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਵੱਡੀ ਗਿਣਤੀ 'ਚ ਸੰਗਤਾਂ ਜਥਿਆਂ ਸਮੇਤ ਸ਼ਮੂਲੀਅਤ ਕਰਨਗੀਆਂ।
ਇਹ ਜਾਣਕਾਰੀ ਦਿੰਦਿਆਂ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਦੱਸਿਆ ਕਿ ਗੁਰੂ ਸਾਹਿਬਾਨ, ਸੂਰਬੀਰ ਜੋਧਿਆਂ ਮਹਾਨ ਸ਼ਹੀਦਾਂ ਦੀ ਯਾਦ 'ਚ ਹੋ ਰਹੇ ਧਾਰਮਿਕ ਸਮਾਗਮਾਂ ਲਈ ਸੰਗਤਾਂ 'ਚ ਭਾਰੀ ਉਤਸ਼ਾਹ ਵੇਖਿਆ ਜਾ ਰਿਹਾ ਹੈ।
ਇਸ ਸਬੰਧ ਵਿਚ ਵੱਖ ਵੱਖ ਥਾਵਾਂ ਤੋਂ ਆਰੰਭ ਨਗਰ ਕੀਰਤਨਾਂ ਦਾ ਹਰ ਇਲਾਕੇ ਅੰਦਰ ਭਰਵਾਂ ਸੁਆਗਤ ਕੀਤਾ ਜਾ ਰਿਹਾ ਹੈ। ਪਿੰਡਾਂ 'ਚੋਂ ਸੰਗਤਾਂ ਨੂੰ ਸਮਾਗਮ ਉਤੇ ਲੈ ਕੇ ਜਾਣ, ਲਿਆਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਇਸ ਯਾਦਗਾਰੀ ਸਮਾਗਮ ਮੌਕੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੀ ਲਾਸਾਨੀ ਸ਼ਹਾਦਤ ਨੂੰ ਵੀ ਸ਼ਰਧਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ। ਵਿਧਾਇਕ ਪੰਡੋਰੀ ਨੇ ਦੱਸਿਆ ਕਿ ਤਿਆਰੀਆਂ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾਂ ਨਿਰਦੇਸ਼ ਅਨੁਸਾਰ ਆਗੂਆਂ, ਵਰਕਰਾਂ ਨੂੰ ਡਿਊਟੀਆਂ ਵੰਡ ਕੇ ਜਿੰਮੇਵਾਰੀ ਸੌਂਪੀ ਗਈ ਹੈ। ਜੋ ਪੂਰੀ ਤਨਦੇਹੀ ਨਾਲ ਆਪਣੀ ਬਣਦੀ ਜਿੰਮੇਵਾਰੀ ਨਿਭਾਉਣ ਲਈ ਕੰਮ ਕਰ ਰਹੇ ਹਨ। ਵਿਧਾਇਕ ਪੰਡੋਰੀ ਨੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਦੀ ਅਪੀਲ ਕੀਤੀ ਹੈ।
;
;
;
;
;
;
;
;