ਸਬ ਡਿਵੀਜ਼ਨ ਮਹਿਲ ਕਲਾਂ ਦੇ ਕੰਪਿਊਟਰ ਆਪਰੇਟਰਾਂ ਵਲੋਂ ਕਾਲੇ ਬਿੱਲੇ ਲਾ ਕੇ ਰੋਸ ਪ੍ਰਦਰਸ਼ਨ
ਮਹਿਲ ਕਲਾਂ, 2 ਦਸੰਬਰ (ਅਵਤਾਰ ਸਿੰਘ ਅਣਖੀ )-ਸਬ ਡਿਵੀਜ਼ਨ ਮਹਿਲ ਕਲਾਂ ਦੇ ਫ਼ਰਦ ਕੇਂਦਰਾਂ ਵਿਚ ਸੇਵਾ ਨਿਭਾ ਰਹੇ ਕੰਪਿਊਟਰ ਆਪਰੇਟਰਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਕੰਮ ਕਾਜ ਪੂਰੀ ਤਰ੍ਹਾਂ ਠੱਪ ਕਰਨ ਉਪਰੰਤ ਕਾਲੇ ਬਿੱਲੇ ਲਗਾ ਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।
ਆਪਰੇਟਰਾਂ ਨੇ ਦੱਸਿਆ ਕਿ ਕਈ ਸਾਲਾਂ ਤੋਂ ਤਨਖ਼ਾਹ ‘ਚ ਕੋਈ ਵਾਧਾ ਨਹੀਂ ਕੀਤਾ ਗਿਆ ਅਤੇ ਮਹਿੰਗਾਈ ਦੇ ਬੇ ਹਿਸਾਬ ਵਧਣ ਨਾਲ ਉਨ੍ਹਾਂ ਲਈ ਘਰ ਚਲਾਉਣਾ ਬਹੁਤ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੇਵਲ 8 ਹਜ਼ਾਰ ਪ੍ਰਤੀ ਮਹੀਨਾ ਤਨਖ਼ਾਹ ‘ਤੇ ਕੰਮ ਲਿਆ ਜਾ ਰਿਹਾ ਹੈ, ਪਿਛਲੇ ਦੋ ਮਹੀਨਿਆਂ ਤੋਂ ਉਨ੍ਹਾਂ ਨੂੰ ਤਨਖ਼ਾਹ ਵੀ ਜਾਰੀ ਨਹੀਂ ਕੀਤੀ ਗਈ, ਜਿਸ ਕਾਰਨ ਆਪ੍ਰੇਟਰ ਆਰਥਿਕ ਤੰਗੀ ਦਾ ਸ਼ਿਕਾਰ ਹਨ।
ਐਸੋਸੀਏਸ਼ਨ ਦੇ ਆਗੂ ਕੁਲਦੀਪ ਕੁਮਾਰ, ਰਾਜਵਿੰਦਰ ਕੌਰ ਅਤੇ ਵੀਰਪਾਲ ਕੌਰ ਨੇ ਕਿਹਾ ਕਿ ਆਪਰੇਟਰਾਂ ਦੀਆਂ ਸੇਵਾਵਾਂ ਸੀ.ਐਮ.ਸੀ. ਲਿਮਟਿਡ ਨਾਂ ਦੀ ਪ੍ਰਾਈਵੇਟ ਕੰਪਨੀ ਰਾਹੀਂ ਲਈਆਂ ਜਾ ਰਹੀਆਂ ਹਨ, ਜਿਸ ਕਰਕੇ ਨੌਕਰੀ ਦੀ ਪੱਕੀ ਸੁਰੱਖਿਆ ਨੂੰ ਲੈ ਕੇ ਚਿੰਤਾ ਲਗਾਤਾਰ ਵਧ ਰਹੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਤਨਖ਼ਾਹ 'ਚ ਵਾਧਾ, ਸੇਵਾਵਾਂ ਨੂੰ ਸਥਾਈ ਕਰਕੇ ਸਰਕਾਰੀ ਭਰਤੀ ਅਧੀਨ ਲਿਆਂਦਾ ਜਾਵੇ, ਫ਼ਰਦ ਕੇਂਦਰਾਂ ਵਿਚ ਕੰਮ ਕਰ ਰਹੇ ਆਪਰੇਟਰਾਂ ਦੀਆਂ ਤਨਖ਼ਾਹਾਂ ਨਿਯਮਿਤ ਕੀਤੀਆਂ ਜਾਣ ਅਤੇ ਨੌਕਰੀ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਆਪਰੇਟਰਾਂ ਨੇ ਦੱਸਿਆ ਕਿ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਈ ਵਾਰ ਮੰਗ ਪੱਤਰ ਸੌਂਪਣ ਬਾਵਜੂਦ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਇਸ ਕਰਕੇ ਹੁਣ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਐਸੋਸੀਏਸ਼ਨ ਵਲੋਂ ਚੇਤਾਵਨੀ ਦਿੱਤੀ ਗਈ ਕਿ ਜੇਕਰ ਜਲਦੀ ਹੱਲ ਨਾ ਕੱਢਿਆ ਗਿਆ ਤਾਂ ਆਉਣ ਵਾਲੇ ਦਿਨਾਂ 'ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
;
;
;
;
;
;
;
;
;