ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ
ਹਰਸਾ ਛੀਨਾ/ਅਜਨਾਲਾ (ਅੰਮ੍ਰਿਤਸਰ), 12 ਦਸੰਬਰ (ਕੜਿਆਲ/ਅਜਨਾਲਾ)- ਸੂਬਾ ਚੋਣ ਕਮਿਸ਼ਨ ਵਲੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਜਾਰੀ ਸਮਾਂ ਸਾਰਨੀ ਅਨੁਸਾਰ ਚੋਣ ਪ੍ਰਚਾਰ ਲਈ ਅੱਜ ਆਖਰੀ ਦਿਨ ਹੋਣ ਕਾਰਨ ਵੱਖ ਵੱਖ ਸਿਆਸੀ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਵਲੋਂ ਆਪਣੇ ਹੱਕ ਵਿਚ ਵੋਟਰਾਂ ਦੀ ਲਾਮਬੰਦੀ ਕਰਨ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ।
ਇਸ ਸੰਬੰਧੀ ਅਜੀਤ ਨਾਲ ਗੱਲਬਾਤ ਕਰਦਿਆਂ ਬਲਾਕ ਸੰਮਤੀ ਹਰਸਾ ਛੀਨਾ ਅਤੇ ਚੋਗਾਵਾਂ ਲਈ ਨਿਯੁਕਤ ਰਿਟਰਨਿੰਗ ਅਫ਼ਸਰ-ਕਮ-ਉੱਪ ਮੰਡਲ ਮੈਜਿਸਟ੍ਰੇਟ ਲੋਪੋਕੇ ਖੁਸ਼ਪ੍ਰੀਤ ਸਿੰਘ, ਸਹਾਇਕ ਰਿਟਰਨਿੰਗ ਅਫਸਰ-ਕਮ-ਤਹਿਸੀਲਦਾਰ ਲੋਪੋਕੇ ਕਵਲਜੀਤ ਸਿੰਘ ਬਰਾੜ ਨੇ ਦੱਸਿਆ ਕਿ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤੀਪੂਰਨ ਤਰੀਕੇ ਨਾਲ ਨੇਪਰੇ ਚਾੜਨ ਲਈ ਪੁਖ਼ਤਾ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ ਚੋਣ ਪ੍ਰਚਾਰ ਦੇ ਆਖਰੀ ਦਿਨ 5 ਵਜੇ ਤੋਂ ਬਾਅਦ ਚੋਣ ਪ੍ਰਚਾਰ ’ਤੇ ਮੁਕੰਮਲ ਪਾਬੰਧੀ ਹੋਵੇਗੀ। ਚੋਣ ਅਧਿਕਾਰੀਆਂ ਦੱਸਿਆ ਕਿ ਚੋਣ ਜਾਬਤੇ ਪੂਰੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ ਅਤੇ ਚੋਣ ਜਾਬਤੇ ਦੀ ਉਲੰਘਣਾ ਕਰਨ ਤੇ ਬਣਦੀ ਕਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।
ਇਸ ਤਰ੍ਹਾਂ ਹੀ ਅਜਨਾਲਾ ਵਿਚ ਵੀ ਚੋਣਾਂ ਲੜ ਰਹੇ ਉਮੀਦਵਾਰਾਂ ਦੇ ਹੱਕ ਵਿਚ ਸਿਆਸੀ ਆਗੂਆਂ ਵਲੋਂ ਚੋਣ ਪ੍ਰਚਾਰ ਸਿਖਰਾਂ ’ਤੇ ਚੱਲ ਰਿਹਾ ਅਤੇ ਅੱਜ ਆਖਰੀ ਦਿਨ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਵਲੋਂ ਰੈਲੀਨੁਮਾ ਵੱਡੀਆਂ ਚੋਣ ਮੀਟਿੰਗਾਂ ਕੀਤੀਆਂ ਜਾਣਗੀਆਂ। ਹਲਕਾ ਅਜਨਾਲਾ ਵਿਚ 4 ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਅਤੇ 22 ਬਲਾਕ ਸੰਮਤੀ ਜ਼ੋਨਾਂ ਵਿਚ ਚੋਣ ਹੋ ਰਹੀ ਹੈ ਜਦਕਿ 11 ਬਲਾਕ ਸੰਮਤੀ ਜ਼ੋਨਾਂ ਵਿਚ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਹੋ ਚੁੱਕੇ ਹਨ। ਵੱਖ ਵੱਖ ਪਾਰਟੀਆਂ ਵਲੋਂ ਆਪਣੇ ਉਮੀਦਵਾਰਾਂ ਦੇ ਹੱਕ ਵਿਚ ਭਰਵਾਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।
;
;
;
;
;
;
;
;