ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਪੋਲਿੰਗ ਪਾਰਟੀਆਂ ਚੋਣ ਸਮੱਗਰੀ ਸਮੇਤ ਰਵਾਨਾ
ਸੰਗਰੂਰ, 13 ਦਸੰਬਰ (ਧੀਰਜ ਪਿਸੋਰੀਆ) - ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਦੇ 18 ਜ਼ੋਨਾਂ ਅਤੇ 10 ਪੰਚਾਇਤ ਸੰਮਤੀਆਂ ਦੇ 162 ਜ਼ੋਨਾਂ ਦੀਆਂ ਹੋਣ ਵਾਲੀਆਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਪੋਲਿੰਗ ਪਾਰਟੀਆਂ ਨੂੰ ਅੱਜ, ਉਨ੍ਹਾਂ ਦੇ ਨਿਰਧਾਰਤ ਪੋਲਿੰਗ ਸਟੇਸ਼ਨਾਂ ਲਈ ਚੋਣ ਸਮੱਗਰੀ ਸਮੇਤ ਰਵਾਨਾ ਕੀਤਾ ਗਿਆ। ਸੰਗਰੂਰ ਜ਼ਿਲ੍ਹੇ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸੁਚਾਰੂ ਢੰਗ ਨਾਲ ਕਰਵਾਉਣ ਲਈ 422 ਗ੍ਰਾਮ ਪੰਚਾਇਤਾਂ ਵਿਚ ਕੁੱਲ 790 ਪੋਲਿੰਗ ਬੂਥ ਬਣਾਏ ਗਏ ਹਨ, ਜਿਥੇ ਸੰਗਰੂਰ ਜ਼ਿਲ੍ਹੇ ਦੇ ਕੁੱਲ 7,09,857 ਰਜਿਸਟਰਡ ਵੋਟਰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨਗੇ। ਇਨ੍ਹਾਂ ਵਿਚ 3,75,906 ਪੁਰਸ਼, 3,33,946 ਇਸਤਰੀਆਂ ਅਤੇ 05 ਹੋਰ ਵੋਟਰ ਹਨ। 14 ਦਸੰਬਰ ਨੂੰ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਵੋਟਾਂ ਪਾਈਆ ਜਾਣਗੀਆਂ ਅਤੇ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਕੀਤੀ ਜਾਵੇਗੀ।ਜ਼ਿਲ੍ਹਾ ਚੋਣਕਾਰ ਅਫ਼ਸਰ- ਕਮ- ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਜਾਂ ਲਾਲਚ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਪ੍ਰਬੰਧ ਮੁਕੰਮਲ ਕਰ ਲਏ ਹਨ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਹਰੇਕ ਵੋਟਰ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਵੋਟ ਪਾਉਣ ਦੇ ਅਧਿਕਾਰ ਦੀ ਰਾਖੀ ਲਈ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਨੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਚੋਣ ਜ਼ਾਬਤੇ ਦੀ ਪਾਲਣਾ ਕਰਨ ਅਤੇ ਪੋਲਿੰਗ ਸਟੇਸ਼ਨਾਂ 'ਤੇ ਸ਼ਾਂਤੀ ਬਣਾਈ ਰੱਖਣ ਵਿੱਚ ਸਹਿਯੋਗ ਦੇਣ। ਸਮੂਹ ਰਿਟਰਨਿੰਗ ਅਫ਼ਸਰਾਂ ਨੂੰ ਨਿਰਪੱਖ, ਸ਼ਾਂਤੀਪੂਰਨ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਿਸਥਾਰਪੂਰਵਕ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ।ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਸੀ.ਸੀ.ਟੀ.ਵੀ. ਕੈਮਰੇ, ਵੀਡੀਓਗ੍ਰਾਫ਼ੀ ਤੇ ਸੁਰੱਖਿਆ ਪ੍ਰਬੰਧਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਤੋਂ ਇਲਾਵਾ ਚੋਣ ਅਮਲੇ ਦੀ ਸਿਖਲਾਈ ਵੀ ਪੁਖ਼ਤਾ ਤਰੀਕੇ ਨਾਲ ਕਰਵਾਈ ਗਈ ਹੈ ਤਾਂ ਕਿ ਸਮੁੱਚਾ ਚੋਣ ਅਮਲ ਨਿਰਵਿਘਨ ਤੇ ਸੁਤੰਤਰ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਸਕੇ।
;
;
;
;
;
;
;
;