ਅਮਰਗੜ੍ਹ 'ਚ ਸਾਬਕਾ ਵਿਧਾਇਕ ਝੂੰਦਾਂ ਨੂੰ ਗਿਣਤੀ ਕੇਂਦਰ 'ਚ ਵੜਨੋਂ ਰੋਕਿਆ
ਹਾਰਦੇ ਆਪ ਉਮੀਦਵਾਰਾਂ ਨੂੰ ਜਿਤਾਉਣ 'ਚ ਲੱਗਿਆ ਪ੍ਰਸ਼ਾਸਨ - ਝੂੰਦਾਂ
ਅਮਰਗੜ੍ਹ,17 ਦਸੰਬਰ (ਜਤਿੰਦਰ ਮੰਨਵੀ,ਪਵਿੱਤਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਅਮਰਗੜ੍ਹ ਤੋਂ ਸਾਬਕਾ ਵਿਧਾਇਕ ਜਥੇਦਾਰ ਇਕਬਾਲ ਸਿੰਘ ਝੂੰਦਾਂ ਨੂੰ ਅੱਜ ਉਸ ਸਮੇਂ ਪ੍ਰਸ਼ਾਸਨਿਕ ਰੋਕ ਦਾ ਸਾਹਮਣਾ ਕਰਨਾ ਪਿਆ, ਜਦੋਂ ਉਹ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਬਣੇ ਗਿਣਤੀ ਕੇਂਦਰ ਵਿੱਚ ਜਾਣ ਦੀ ਕੋਸ਼ਿਸ਼ ਕਰ ਰਹੇ ਸਨ। ਮੌਕੇ 'ਤੇ ਤਾਇਨਾਤ ਸੁਰੱਖਿਆ ਕਰਮੀਆਂ ਨੇ ਉਨ੍ਹਾਂ ਨੂੰ ਮੁੱਖ ਗੇਟ 'ਤੇ ਹੀ ਰੋਕ ਲਿਆ ਅਤੇ ਅੰਦਰ ਦਾਖਲ ਨਹੀਂ ਹੋਣ ਦਿੱਤਾ, ਜਿਸ ਕਾਰਨ ਮਾਹੌਲ ਗਰਮਾ ਗਿਆ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਝੂੰਦਾਂ ਨੇ ਰੋਸ ਜ਼ਾਹਰ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀ ਸ਼ੁਰੂਆਤ ਤੋਂ ਹੀ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਦੇ ਦਬਾਅ ਹੇਠ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਦੇ ਉਮੀਦਵਾਰਾਂ ਨਾਲ ਲਗਾਤਾਰ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਤਾਂ ਜੋ ਸੱਤਾਧਾਰੀ ਪਾਰਟੀ ਨੂੰ ਲਾਭ ਪਹੁੰਚਾਇਆ ਜਾ ਸਕੇ।ਇੱਕ ਗੰਭੀਰ ਖੁਲਾਸਾ ਕਰਦਿਆਂ ਸਾਬਕਾ ਵਿਧਾਇਕ ਨੇ ਦਾਅਵਾ ਕੀਤਾ ਕਿ ਗਿਣਤੀ ਕੇਂਦਰ ਦੇ ਅੰਦਰ ਇੱਕ ਗਿਣੀ-ਮਿੱਥੀ ਸਾਜ਼ਿਸ਼ ਚੱਲ ਰਹੀ ਹੈ। ਉਨ੍ਹਾਂ ਕਿਹਾ ਮੌਜੂਦਾ ਵਿਧਾਇਕ ਦੇ ਪਰਿਵਾਰਕ ਮੈਂਬਰ ਗੈਰ-ਅਧਿਕਾਰਤ ਤੌਰ 'ਤੇ ਗਿਣਤੀ ਕੇਂਦਰ ਦੇ ਅੰਦਰ ਬੈਠੇ ਹਨ, ਜੋ ਕਿ ਚੋਣ ਜ਼ਾਬਤੇ ਅਤੇ ਨਿਯਮਾਂ ਦੀ ਸ਼ਰੇਆਮ ਉਲੰਘਣਾ ਹੈ।ਝੂੰਦਾਂ ਨੇ ਸਪੱਸ਼ਟ ਕੀਤਾ ਕਿ ਭਾਵੇਂ ਉਹ ਅਜੇ ਗਿਣਤੀ ਪ੍ਰਕਿਰਿਆ 'ਤੇ ਸਿੱਧਾ ਸ਼ੱਕ ਨਹੀਂ ਕਰ ਰਹੇ, ਪਰ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਡਰ ਹੈ ਕਿ ਜੇਕਰ 'ਆਪ' ਦਾ ਕੋਈ ਬਲਾਕ ਸੰਮਤੀ ਜਾਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਹਾਰਦਾ ਦਿਖਾਈ ਦਿੱਤਾ, ਤਾਂ ਪ੍ਰਸ਼ਾਸਨ 'ਤੇ ਦਬਾਅ ਪਾ ਕੇ ਉਸਨੂੰ ਜਿਤਾਉਣ ਲਈ ਹਰ ਸੰਭਵ ਹੱਥਕੰਡੇ ਵਰਤੇ ਜਾਣਗੇ।ਇਸ ਮੌਕੇ ਜਥੇਦਾਰ ਇਕਬਾਲ ਸਿੰਘ ਝੂੰਦਾਂ ਦੇ ਨਾਲ ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਬਾਵਾ, ਪ੍ਰਧਾਨ ਮਨਜਿੰਦਰ ਸਿੰਘ ਮਨੀ ਲਾਂਗੜੀਆਂ ਅਤੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਸਮਰਥਕ ਹਾਜ਼ਰ ਸਨ।
;
;
;
;
;
;
;
;