ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਰਘਬੀਰ ਸਿੰਘ ਦਾ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ
ਕਪੂਰਥਲਾ, 5 ਜਨਵਰੀ (ਅਮਰਜੀਤ ਕੋਮਲ)-ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਰਘਬੀਰ ਸਿੰਘ ਦਾ ਸੰਖੇਪ ਬਿਮਾਰੀ ਪਿੱਛੋਂ ਬੀਤੀ ਰਾਤ 11 ਵਜੇ ਬਿਆਸ ਦੇ ਇਕ ਹਸਪਤਾਲ ਵਿਚ ਦਿਹਾਂਤ ਹੋ ਗਿਆ। ਉਹ ਆਪਣੇ ਪਿੱਛੇ 3 ਲੜਕੇ ਤੇ ਵਿਧਵਾ ਪਤਨੀ ਬੀਬੀ ਸੁਰਜੀਤ ਕੌਰ ਨੂੰ ਛੱਡ ਗਏ।
ਇੱਥੇ ਵਰਨਣਯੋਗ ਹੈ ਕਿ ਪਿੰਡ ਹੋਠੀਆਂ ਦੇ ਸਰਪੰਚ, ਲੈਂਡ ਮਾਰਟਗੇਜ ਬੈਂਕ ਦੇ ਚੇਅਰਮੈਨ, ਕੇਂਦਰੀ ਸਹਿਕਾਰੀ ਬੈਂਕ ਕਪੂਰਥਲਾ ਦੇ ਮੈਨੇਜਿੰਗ ਡਾਇਰੈਕਟਰ, ਐਮ.ਐਲ.ਏ. ਤੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਬਣੇ ਰਘਬੀਰ ਸਿੰਘ (ਐਲ.ਐਲ.ਬੀ) ਨੇ 32 ਵਰ੍ਹੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਤੇ ਹੋਰ ਅਹੁਦਿਆਂ 'ਤੇ ਰਹਿ ਕੇ ਆਪਣੇ ਫ਼ਰਜ਼ ਅਦਾ ਕੀਤੇ | ਉਨ੍ਹਾਂ ਦੇ ਦਿਹਾਂਤ 'ਤੇ ਪੰਜਾਬ ਦੀ ਸਾਬਕਾ ਵਿੱਤ ਮੰਤਰੀ ਡਾ. ਉਪਿੰਦਰਜੀਤ ਕੌਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਆਗੂ ਬੀਬੀ ਜਗੀਰ ਕੌਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਸਾਬਕਾ ਚੇਅਰਮੈਨ ਅਮਰਬੀਰ ਸਿੰਘ ਲਾਲੀ, ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ, ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਯੁਵਰਾਜ ਭੁਪਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸੂਬਾਈ ਆਗੂ ਦਵਿੰਦਰਬੀਰ ਸਿੰਘ ਚਾਹਲ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਢੱਪਈ, ਸਾਬਕਾ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਵਾਲੀਆ, ਸੰਯੁਕਤ ਸਮਾਜ ਮੋਰਚੇ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਕੁਲਵੰਤ ਸਿੰਘ ਜੋਸਨ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰਜੀਤ ਸਿੰਘ ਭੁੱਲਰ, ਕਮਲਜੀਤ ਸਿੰਘ ਐਸ.ਐਲ.ਈ. ਬੈਲਟਿੰਗ, ਸੁਖਜੀਤ ਸਿੰਘ ਢੱਪਈ, ਜਥੇ. ਗੁਰਦਿਆਲ ਸਿੰਘ, ਰਤਨ ਸਿੰਘ, ਸਾਬਕਾ ਸਰਪੰਚ ਗੁਰਨਾਮ ਸਿੰਘ ਕਾਦੂਪੁਰ ਤੇ ਹੋਰ ਆਗੂਆਂ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਾਬਕਾ ਟਰਾਂਸਪੋਰਟ ਮੰਤਰੀ ਦਾ ਅੰਤਿਮ ਸੰਸਕਾਰ 7 ਜਨਵਰੀ ਨੂੰ ਸ਼ਾਮ 5 ਵਜੇ ਡੇਰਾ ਬਿਆਸ ਦੇ ਸ਼ਮਸ਼ਾਨਘਾਟ ਵਿਖੇ ਹੋਵੇਗਾ |
;
;
;
;
;
;
;
;
;