ਐਕਸਪ੍ਰੈਸ ਵੇਅ ਮਾਮਲਾ : ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਕਿਸਾਨਾਂ ਨਾਲ ਕਰ ਰਹੀ ਧੱਕਾ -ਐਡਵੋਕੇਟ ਰਜਿੰਦਰ ਸਿੰਘ
ਸੁਲਤਾਨਪੁਰ ਲੋਧੀ,13 ਜਨਵਰੀ (ਥਿੰਦ)-ਹਲਕਾ ਸੁਲਤਾਨਪੁਰ ਲੋਧੀ ਅੰਦਰ ਨੈਸ਼ਨਲ ਹਾਈਵੇ ਅਥਾਰਟੀ ਵਲੋਂ ਉਸਾਰੇ ਜਾ ਰਹੇ ਐਕਸਪ੍ਰੈਸ ਵੇਅ ਦੇ ਨਿਰਮਾਣ ਕਾਰਜ ਰੋਕ ਕੇ ਰੋਡ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਪ੍ਰਭਾਵਿਤ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਅਣਮਿੱਥੇ ਸਮੇਂ ਦੇ ਧਰਨੇ ’ਚ ਸੰੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਭਰਵੀਂ ਸ਼ਮੂਲੀਅਤ ਕਰਦਿਆਂ ਐਲਾਨ ਕੀਤਾ ਕਿ ਉਹ ਕਿਸਾਨਾਂ ਨਾਲ ਧੱਕਾ ਨਹੀਂ ਹੋਣ ਦੇਣਗੇ।
ਇਸ ਮੌਕੇ ਵੱਡੀ ਗਿਣਤੀ ’ਚ ਪਹੁੰਚੇ ਮੋਰਚੇ ਦੇ ਆਗੂਆਂ ਨੇ ਮੋਦੀ ਸਰਕਾਰ ਅਤੇ ਨੈਸ਼ਨਲ ਹਾਈਵੇ ਅਥਾਰਟੀ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਇਸ਼ਾਰੇ ’ਤੇ ਦੇਸ਼ ਦੇ ਲੋਕਾਂ ਦੇ ਸੰਵਿਧਾਨਕ ਹੱਕਾਂ ਨੂੰ ਅੱਖੋਂ ਪਰੋਖੇ ਕਰਕੇ ਸੱਤਾ ਚਲਾ ਰਹੀ ਹੈ। ਇਸ ਮੌਕੇ ਧਰਨੇ ’ਤੇ ਡਟੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਕਨਵੀਨਰ ਐਡਵੋਕੇਟ ਰਜਿੰਦਰ ਸਿੰਘ ਰਾਣਾ ਨੇ ਕਿਹਾ ਕਿ ਮੋਦੀ ਸਰਕਾਰ ਲੋਕਤੰਤਰ ਦੀਆਂ ਧੱਜੀਆਂ ਉਡਾ ਕੇ ਲੋਕਾਂ ਦੇ ਸੰਵਿਧਾਨਕ ਹੱਕਾਂ ਦਾ ਘਾਣ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀਆਂ ਉਪਜਾਊ ਜ਼ਮੀਨਾਂ ਦਾ ਯੋਗ ਮੁਆਵਜ਼ਾ ਦਿੱਤੇ ਬਿਨਾਂ ਅਤੇ ਬਿਨਾਂ ਭਰੋਸੇ ਦੇ ਲਿਆਂ ਕੇਂਦਰ ਸਰਕਾਰ ਨੇ ਧੱਕਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਨੈਸ਼ਨਲ ਹਾਈਵੇ ਅਥਾਰਟੀ ਨੇ ਪੰਜਾਬ ਦੇ ਕਿਸਾਨਾਂ ਨੂੰ ਦੂਜੇ ਸੂਬਿਆਂ ਦੇ ਮੁਕਾਬਲੇ ਮੁਆਵਜ਼ਾ ਦੇਣ ਸਮੇਂ ਵੀ ਧੱਕਾ ਕੀਤਾ ਹੈ।
ਇਸ ਮੌਕੇ ਕੁਲ ਹਿੰਦ ਕਿਸਾਨ ਸਭਾ ਦੇ ਪ੍ਰਧਾਨ ਅਮਰਜੀਤ ਸਿੰਘ ਟਿੱਬਾ ਨੇ ਕਿਹਾ ਕਿ ਕੀਮਤੀ ਅਤੇ ਉਪਜਾਊ ਜ਼ਮੀਨਾਂ ਨੂੰ ਇੱਕ ਸਾਜ਼ਿਸ਼ ਤਹਿਤ ਐਕਵਾਇਰ ਕੀਤਾ ਗਿਆ ਹੈ। ਕਿਸਾਨਾਂ ਨੂੰ ਇਸ ਧੱਕੇ ਵਿਰੁੱਧ ਲਾਮਬੰਦ ਹੋਣ ਦੀ ਲੋੜ ਹੈ।
;
;
;
;
;
;
;
;