ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਜੋੜ ਮੇਲਾ ਸ਼ੁਰੂ-ਵੱਡੀ ਗਿਣਤੀ ’ਚ ਪਹੁੰਚ ਰਹੀਆਂ ਹਨ ਸੰਗਤਾਂ
ਸ੍ਰੀ ਮੁਕਤਸਰ ਸਾਹਿਬ, 13 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਜੋੜ ਮੇਲਾ ਸ਼ੁਰੂ ਹੋ ਗਿਆ ਹੈ ਅਤੇ ਦੇਸ਼ ਵਿਦੇਸ਼ ’ਚੋਂ ਸੰਗਤਾਂ ਪਹੁੰਚਣੀਆਂ ਸ਼ੁਰੂ ਹੋ ਗਈਆਂ ਹਨ। ਗੁਰਦੁਆਰਾ ਟੁੱਟੀ ਗੰਢੀ ਸਾਹਿਬ ਨੂੰ ਵੀ ਸੁੰਦਰ ਬਿਜਲਈ ਲੜੀਆਂ ਅਤੇ ਫੁੱਲਾਂ ਨਾਲ ਸਜਾਇਆ ਗਿਆ ਹੈ। 14 ਜਨਵਰੀ ਨੂੰ ਮਾਘੀ ਦੇ ਦਿਹਾੜੇ ’ਤੇ ਸਵੇਰੇ 7:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ। ਇਸ ਉਪਰੰਤ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਸਾਰਾ ਦਿਨ ਕੀਰਤਨ ਪ੍ਰਵਾਹ ਚੱਲੇਗਾ ਅਤੇ ਵੱਡੀ ਗਿਣਤੀ ’ਚ ਸੰਗਤਾਂ ਪਵਿੱਤਰ ਮੁਕਤ ਸਰੋਵਰ ’ਚ ਇਸ਼ਨਾਨ ਕਰਨਗੀਆਂ। ਹੁਣ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਕੀਰਤਨ ਪ੍ਰਵਾਹ ਚੱਲ ਰਿਹਾ ਹੈ। ਸ਼ਹਿਰ ਨੂੰ ਆਉਣ ਵਾਲੀਆਂ ਸਾਰੀਆਂ ਸੜਕਾਂ ’ਤੇ ਇਲਾਕਾ ਵਾਸੀਆਂ ਵਲੋਂ ਲੰਗਰ ਲਾਏ ਗਏ ਹਨ।
ਇਸ ਤੋਂ ਇਲਾਵਾ ਮਲੋਟ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਮਨੋਰੰਜਨ ਮੇਲੇ ਵਿੱਚ ਵੱਖ-ਵੱਖ ਤਰ੍ਹਾਂ ਦੇ ਪੰਘੂੜੇ ਅਤੇ ਹੋਰ ਆਈਟਮਾਂ ਚਾਲੂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਮਾਘੀ ਦੇ ਦਿਹਾੜੇ ’ਤੇ ਪੰਜਾਬ ਸਰਕਾਰ ਵਲੋਂ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ’ਚ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਵਲੋਂ ਸਿਆਸੀ ਕਾਨਫਰੰਸ ਪਹਿਲੀ ਵਾਰ ਕੀਤੀ ਜਾ ਰਹੀ ਹੈ, ਜਿਸ ’ਚ ਕੇਂਦਰੀ ਅਤੇ ਸੂਬੇ ਦੇ ਆਗੂ ਪਹੁੰਚਣਗੇ। ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਵੀ ਮਲੋਟ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਡੀ ਕਾਨਫਰੰਸ ਲਈ ਵੱਡਾ ਪੰਡਾਲ ਲਾਇਆ ਗਿਆ ਹੈ। ਇਸ ਤੋਂ ਇਲਾਵਾ ਅਕਾਲੀ ਦਲ ਵਾਰਸ ਪੰਜਾਬ ਵਲੋਂ ਵੀ ਮਲੋਟ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਥਕ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਨੂੰ ਪ੍ਰਸਿੱਧ ਪੰਥਕ ਆਗੂ ਸੰਬੋਧਨ ਕਰਨਗੇ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਡੇਰਾ ਭਾਈ ਮਸਤਾਨ ਸਿੰਘ ਵਿਖੇ ਸਿਆਸੀ ਕਾਨਫਰੰਸ ਕੀਤੀ ਜਾ ਰਹੀ ਹੈ।
;
;
;
;
;
;
;
;