ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਵਲੋਂ ਸਿਵਲ ਹਸਪਤਾਲ ਦਾ ਦੌਰਾ
ਕਪੂਰਥਲਾ, 29 ਜਨਵਰੀ (ਅਮਨਜੋਤ ਸਿੰਘ ਵਾਲੀਆ)- ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਅੱਜ ਬਾਅਦ ਦੁਪਹਿਰ ਸਿਵਲ ਹਸਪਤਾਲ ਕਪੂਰਥਲਾ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਸਿਵਲ ਹਸਪਤਾਲ ਵਿਚਲੇ ਵੱਖ-ਵੱਖ ਵਾਰਡਾਂ ਅਤੇ ਬਾਥਰੂਮਾਂ ਦੀ ਜਾਂਚ ਕੀਤੀ। ਉਨ੍ਹਾਂ ਸਿਵਲ ਹਸਪਤਾਲ ਵਿਚਲੇ ਬਾਥਰੂਮਾਂ ਦੀ ਬਦਤਰ ਹਾਲਤ ਦਾ ਨੋਟਿਸ ਲੈਂਦਿਆਂ ਕਿਹਾ ਕਿ ਮਰੀਜ਼ਾਂ ਦੀਆਂ ਸਹੂਲਤਾਂ ਲਈ ਹਸਪਤਾਲ ਬਣਾਏ ਜਾਂਦੇ ਹਨ, ਜੇਕਰ ਹਸਪਤਾਲ ’ਚ ਹੀ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਦੇ ਨਾਲ ਸਾਫ਼-ਸੁਥਰਾ ਵਾਤਾਵਰਣ ਨਾ ਮਿਲੇ ਤਾਂ ਮਰੀਜ਼ ਠੀਕ ਤਾਂ ਕੀ ਹੋਣੇ, ਉਹ ਹੋਰ ਬਿਮਾਰ ਹੋ ਜਾਣਗੇ।
ਇਸ ਮੌਕੇ ਉਨ੍ਹਾਂ ਸਿਵਲ ਸਰਜਨ ਡਾ. ਸੰਜੀਵ ਭਗਤ ਅਤੇ ਐਸ.ਐਮ.ਓ. ਡਾ. ਪਰਮਿੰਦਰ ਕੌਰ ਨਾਲ ਐਮਰਜੈਂਸੀ ਵਾਰਡ, ਸਰਜੀਕਲ ਵਾਰਡ, ਬਲੱਡ ਬੈਂਕ, ਮੁਰਦਾਘਰ ਦਾ ਵੀ ਨਿਰੀਖਣ ਕੀਤਾ ਅਤੇ ਮਰੀਜ਼ਾਂ ਨਾਲ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਗੱਲਬਾਤ ਕੀਤੀ। ਸਿਵਲ ਸਰਜਨ ਡਾ. ਸੰਜੀਵ ਭਗਤ ਨੇ ਦੱਸਿਆ ਕਿ ਹਸਪਤਾਲ ’ਚ ਸੀਵਰੇਜ ਦੀ ਸਮੱਸਿਆ ਹੈ ਅਤੇ ਇਸ ਸੰਬੰਧੀ ਉਨ੍ਹਾਂ ਸੰਬੰਧਤ ਵਿਭਾਗ ਨੂੰ ਲਿਖਤੀ ਰੂਪ ’ਚ ਸ਼ਿਕਾਇਤਾਂ ਦਿੱਤੀਆਂ ਹਨ, ਪਰ ਅਜੇ ਤੱਕ ਉਨ੍ਹਾਂ ਦੇ ਸੀਵਰੇਜ ਦੀ ਸਮੱਸਿਆ ਹੱਲ ਨਹੀਂ ਹੋਈ। ਜਤਿੰਦਰ ਸਿੰਘ ਸ਼ੰਟੀ ਨੇ ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਸਮੱਸਿਆ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਡਾ. ਰਵਜੀਤ ਸਿੰਘ, ਡਾ. ਸਿੰਮੀ ਧਵਨ, ਡਾ. ਰਣਦੀਪ ਸਿੰਘ, ਡਾ. ਪ੍ਰਭਜੋਤ ਕੌਰ, ਡਾ. ਜਸ਼ਨ, ਡਾ. ਅਮਨਦੀਪ ਸਿੰਘ, ਸੁਪਰਡੈਂਟ ਰਾਮ ਅਵਤਾਰ ਤੋਂ ਇਲਾਵਾ ਸਿਵਲ ਹਸਪਤਾਲ ਦੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।
;
;
;
;
;
;
;
;