ਥਾਣਾ ਬਲੌਂਗੀ ਦਾ ਏ.ਐੱਸ.ਆਈ. 1.25 ਲੱਖ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਐੱਸ. ਏ. ਐੱਸ. ਨਗਰ, 30 ਜਨਵਰੀ (ਕਪਿਲ ਵਧਵਾ)– ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਵੱਡੀ ਕਾਰਵਾਈ ਕਰਦਿਆਂ ਮੁਹਾਲੀ ਦੇ ਥਾਣਾ ਬਲੌਂਗੀ ਵਿਚ ਤਾਇਨਾਤ ਏ.ਐੱਸ.ਆਈ. ਬੀਰ ਚੰਦ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਦੋਸ਼ ਹੈ ਕਿ ਉਕਤ ਏ.ਐੱਸ.ਆਈ. ਨੇ ਇਕ ਲੜਾਈ-ਝਗੜੇ ਦੇ ਮਾਮਲੇ ਵਿਚ ਨਾਮਜ਼ਦ ਵਿਅਕਤੀ ਨੂੰ ਲਾਭ ਪਹੁੰਚਾਉਣ ਦੇ ਬਦਲੇ ਰਿਸ਼ਵਤ ਦੀ ਮੰਗ ਕੀਤੀ ਸੀ।
ਸੂਤਰਾਂ ਅਨੁਸਾਰ ਬੀਰ ਚੰਦ ਵਲੋਂ 1 ਲੱਖ 25 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ ਸੀ। ਮਾਮਲੇ ਦੀ ਸ਼ਿਕਾਇਤ ਮਿਲਣ ਉਪਰੰਤ ਵਿਜੀਲੈਂਸ ਬਿਊਰੋ ਨੇ ਪੂਰੀ ਯੋਜਨਾ ਤਹਿਤ ਟ੍ਰੈਪ ਲਗਾਇਆ, ਜਿਸ ਦੌਰਾਨ ਮੁਲਜ਼ਮ ਅਧਿਕਾਰੀ ਨੂੰ ਰਿਸ਼ਵਤ ਦੀ ਰਕਮ ਸਵੀਕਾਰ ਕਰਦੇ ਸਮੇਂ ਕਾਬੂ ਕਰ ਲਿਆ ਗਿਆ।
ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਮੁਤਾਬਕ ਗ੍ਰਿਫ਼ਤਾਰੀ ਤੋਂ ਬਾਅਦ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮਾਮਲੇ ਨਾਲ ਜੁੜੇ ਹੋਰ ਪੱਖਾਂ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਵਿਜੀਲੈਂਸ ਬਿਊਰੋ ਨੇ ਕਿਹਾ ਕਿ ਭ੍ਰਿਸ਼ਟਾਚਾਰ ਖ਼ਿਲਾਫ਼ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇ ਕਿਸੇ ਸਰਕਾਰੀ ਅਧਿਕਾਰੀ ਵਲੋਂ ਰਿਸ਼ਵਤ ਦੀ ਮੰਗ ਕੀਤੀ ਜਾਂਦੀ ਹੈ ਤਾਂ ਤੁਰੰਤ ਵਿਜੀਲੈਂਸ ਬਿਊਰੋ ਨਾਲ ਸੰਪਰਕ ਕੀਤਾ ਜਾਵੇ।
;
;
;
;
;
;
;
;