ਕਾਰ-ਮੋਟਰਸਾਈਕਲ ਦੀ ਟੱਕਰ ’ਚ ਦੋ ਨੌਜਵਾਨਾਂ ਦੀ ਮੌਤ
ਪਠਾਨਕੋਟ, 31 ਜਨਵਰੀ (ਸੰਧੂ )-ਪਠਾਨਕੋਟ ਦੇ ਡਲਹੌਜ਼ੀ ਰੋਡ 'ਤੇ ਬੀਤੀ ਦੇਰ ਰਾਤ ਲਗਭਗ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇਕ ਤੇਜ਼ ਰਫ਼ਤਾਰ ਕਾਰ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਜੋ ਹਾਦਸੇ ਦੀ ਗੰਭੀਰਤਾ ਨੂੰ ਸਪੱਸ਼ਟ ਤੌਰ 'ਤੇ ਦਰਸਾਉਂਦੀ ਹੈ। ਹਾਦਸੇ ’ਚ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂਕਿ ਦੂਜੇ ਨੂੰ ਗੰਭੀਰ ਹਾਲਤ ’ਚ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਹ ਵੀ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ।
ਮ੍ਰਿਤਕਾਂ ਦੀ ਪਛਾਣ 21 ਸਾਲਾ ਯੋਗੇਸ਼ ਕੁਮਾਰ, ਪੁੱਤਰ ਮੋਹਨ ਲਾਲ, ਵਾਸੀ ਢਾਂਗੂ ਰੋਡ, ਪਠਾਨਕੋਟ ਅਤੇ 20 ਸਾਲਾ ਮਨੁਭਵ, ਵਾਸੀ ਸੁਜਾਨਪੁਰ ਵਜੋਂ ਹੋਈ ਹੈ। ਪਰਿਵਾਰ ਦੇ ਅਨੁਸਾਰ, ਮਨੁਭਵ ਡਲਹੌਜ਼ੀ ਰੋਡ 'ਤੇ ਇੱਕ ਨਿੱਜੀ ਰੈਸਟੋਰੈਂਟ ’ਚ ਕੰਮ ਕਰਦਾ ਸੀ। ਬੀਤੀ ਰਾਤ ਰੈਸਟੋਰੈਂਟ ਸਟਾਫ ਦੁਆਰਾ ਕਿਸੇ ਕੰਮ ਲਈ ਬਾਹਰ ਭੇਜੇ ਜਾਣ ਤੋਂ ਬਾਅਦ ਉਹ ਆਪਣੇ ਦੋਸਤ ਯੋਗੇਸ਼ ਕੁਮਾਰ ਨਾਲ ਮੋਟਰਸਾਈਕਲ 'ਤੇ ਜਾ ਰਿਹਾ ਸੀ। ਇਸ ਦੌਰਾਨ, ਡਲਹੌਜ਼ੀ ਰੋਡ 'ਤੇ ਇਕ ਹਸਪਤਾਲ ਦੇ ਸਾਹਮਣੇ ਇਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਯੋਗੇਸ਼ ਕੁਮਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂਕਿ ਮਨੁਭਵ ਨੂੰ ਗੰਭੀਰ ਹਾਲਤ ’ਚ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਉਸਦੀ ਵੀ ਇਲਾਜ ਦੌਰਾਨ ਮੌਤ ਹੋ ਗਈ। ਯੋਗੇਸ਼ ਕੁਮਾਰ ਦੀ ਲਾਸ਼ ਨੂੰ ਸਵੇਰੇ 2:30 ਵਜੇ ਦੇ ਕਰੀਬ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਜਾਇਆ ਗਿਆ, ਜਦੋਂਕਿ ਮਨੁਭਵ ਦੀ ਲਾਸ਼ ਨੂੰ ਅੱਜ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਇਸ ਘਟਨਾ ਤੋਂ ਬਾਅਦ ਦੋਵਾਂ ਮ੍ਰਿਤਕਾਂ ਦੇ ਪਰਿਵਾਰ ਸੋਗ ’ਚ ਡੁੱਬੇ ਹੋਏ ਹਨ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਦੋਸ਼ੀ ਕਾਰ ਚਾਲਕ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਉਨ੍ਹਾਂ ਦੇ ਬੱਚਿਆਂ ਨੂੰ ਇਨਸਾਫ ਮਿਲ ਸਕੇ।
;
;
;
;
;
;
;