ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰ ’ਤੇ ਛਾਪੇਮਾਰੀ, ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ
ਗੁਰੂ ਹਰਸਹਾਏ, 3 ਫਰਵਰੀ (ਕਪਿਲ ਕੰਧਾਰੀ)-ਜ਼ਿਲ੍ਹਾ ਫਿਰੋਜ਼ਪੁਰ ’ਚ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਡਰੱਗ ਇੰਸਪੈਕਟਰ ਸੋਨੀਆ ਗੁਪਤਾ ਅਤੇ ਡੀ.ਐਸ.ਪੀ. ਗੁਰੂ ਹਰ ਸਹਾਏ ਰਾਜਵੀਰ ਸਿੰਘ ਦੀ ਸਾਂਝੀ ਟੀਮ ਵਲੋਂ ਪਿੰਡ ਅਹਿਮਦ ਢੰਡੀ ਵਿਖੇ ਬਣੇ ਬਾਬਾ ਦੀਪ ਸਿੰਘ ਮੈਡੀਕਲ ਹਾਲ ’ਤੇ ਅਚਾਨਕ ਛਾਪੇਮਾਰੀ ਕੀਤੀ ਗਈ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਰੱਗ ਇੰਸਪੈਕਟਰ ਸੋਨੀਆ ਗੁਪਤਾ ਅਤੇ ਡੀਐਸਪੀ ਰਾਜਵੀਰ ਸਿੰਘ ਨੇ ਦੱਸਿਆ ਕਿ ਚੈਕਿੰਗ ਦੌਰਾਨ ਟੀਮ ਨੇ ਵੱਡੀ ਮਾਤਰਾ ’ਚ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਕੀਤੇ, ਜੋ ਕਿ ਬਿਨਾਂ ਕਿਸੇ ਵੈਧ ਦਸਤਾਵੇਜ਼ਾਂ ਅਤੇ ਰਿਕਾਰਡ ਦੇ ਰੱਖੇ ਹੋਏ ਸਨ। ਛਾਪੇਮਾਰੀ ਦੌਰਾਨ ਮੈਡੀਕਲ ਹਾਲ ਦੀ ਪੂਰੀ ਤਲਾਸ਼ੀ ਲਈ ਗਈ, ਜਿਸ ’ਚ ਕਈ ਕਿਸਮਾਂ ਦੀਆਂ ਨਸ਼ੀਲੀਆਂ ਦਵਾਈਆਂ ਮਿਲੀਆਂ। ਡਰੱਗ ਇੰਸਪੈਕਟਰ ਸੋਨੀਆ ਗੁਪਤਾ ਨੇ ਦੱਸਿਆ ਕਿ ਇਸ ਦੌਰਾਨ 1586 ਨਸ਼ੀਲੀਆਂ ਗੋਲੀਆਂ ਅਤੇ 198 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ ਜਦਕਿ ਬਾਕੀ ਸਟਾਕ ਨੂੰ ਕਬਜ਼ੇ ’ਚ ਲੈ ਲਿਆ ਗਿਆ ਹੈ। ਡਰੱਗ ਇੰਸਪੈਕਟਰ ਸੋਨੀਆ ਗੁਪਤਾ ਨੇ ਮੈਡੀਕਲ ਸਟੋਰ ਦੇ ਮਾਲਕ ਤੋਂ ਦਵਾਈਆਂ ਦੀ ਖਰੀਦ-ਫਰੋਖ਼ਤ ਸੰਬੰਧੀ ਰਿਕਾਰਡ ਮੰਗੇ, ਪਰ ਸੰਤੋਸ਼ਜਨਕ ਜਵਾਬ ਨਾ ਮਿਲਣ ’ਤੇ ਕਾਨੂੰਨੀ ਕਾਰਵਾਈ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਡੀ.ਐਸ.ਪੀ. ਗੁਰੂ ਹਰਸਹਾਇ ਰਾਜਵੀਰ ਸਿੰਘ ਨੇ ਕਿਹਾ ਕਿ ਨਸ਼ੀਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਜਿਹੀਆਂ ਛਾਪੇਮਾਰੀਆਂ ਅੱਗੇ ਵੀ ਜਾਰੀ ਰਹਿਣਗੀਆਂ। ਡਰੱਗ ਇੰਸਪੈਕਟਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਮੈਡੀਕਲ ਸਟੋਰ ਨੂੰ ਸੀਲ ਕਰ ਦਿੱਤਾ ਗਿਆ ਹੈ ਉਨ੍ਹਾਂ ਨੇ ਮੈਡੀਕਲ ਸਟੋਰ ਚਲਾਣ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਬਿਨਾਂ ਡਾਕਟਰੀ ਪਰਚੀ ਅਤੇ ਨਿਯਮਾਂ ਦੀ ਉਲੰਘਣਾ ਕਰਕੇ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
;
;
;
;
;
;
;
;
;