JALANDHAR WEATHER

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ : ਪਦਮ ਸ਼੍ਰੀ ਜਿਤੇਂਦਰ ਸਿੰਘ ਸ਼ੰਟੀ

ਜਲੰਧਰ, 6 ਫਰਵਰੀ-  ਪੰਜਾਬ ਰਾਜ ਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਿਤੇਂਦਰ ਸਿੰਘ ਸ਼ੰਟੀ ਨੇ ਅੱਜ ਕਿਹਾ ਕਿ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹੈ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਸਮੇਤ ਜ਼ਿਲ੍ਹਾ ਪੁਲਿਸ, ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਅਤੇ ਵੱਖ-ਵੱਖ ਐਨ.ਜੀ.ਓਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪਦਮ ਸ਼੍ਰੀ ਜਿਤੇਂਦਰ ਸਿੰਘ ਸ਼ੰਟੀ ਨੇ ਕਿਹਾ ਕਿ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦਾ ਮੁੱਖ ਉਦੇਸ਼ ਹਰੇਕ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਪ੍ਰਾਪਤ ਮੂਲ ਅਧਿਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰੱਖਿਆ ਦੀ ਮਜ਼ਬੂਤੀ ਲਈ ਕਮਿਸ਼ਨ ਵਲੋਂ ਨਵੀਆਂ ਐਡਵਾਈਜ਼ਰੀਜ਼ ਜਾਰੀ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਕੋਈ ਵੀ ਹਸਪਤਾਲ ਬਿੱਲ ਬਕਾਇਆ ਹੋਣ ਦੀ ਸੂਰਤ ’ਚ ਮ੍ਰਿਤਕ ਦੇਹ ਨੂੰ ਪਰਿਵਾਰ ਨੂੰ ਦੇਣ ਤੋਂ ਇਨਕਾਰ ਨਹੀਂ ਕਰ ਸਕਦਾ। ਉਨ੍ਹਾਂ ਨਿਰਦੇਸ਼ ਦਿੰਦਿਆਂ ਕਿਹਾ ਕਿ ਹਸਪਤਾਲ ਪਰਿਵਾਰ ਤੋਂ ਘੋਸ਼ਣਾ ਪੱਤਰ ਲੈ ਕੇ ਬਿਨਾਂ ਕਿਸੇ ਦੇਰੀ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪਣ। ਜੇਕਰ ਕੋਈ ਲੋੜਵੰਦ ਮਰੀਜ਼ ਇਲਾਜ ਦੀ ਰਕਮ ਅਦਾ ਕਰਨ ਤੋਂ ਅਸਮਰੱਥ ਹੋਵੇ ਤਾਂ ਬੈਂਕ ਚੈਕ ਜਾਂ ਐਫੀਡੇਵਿਟ ਲੈ ਕੇ ਇਲਾਜ ਉਪਰੰਤ ਘਰ ਭੇਜ ਦਿੱਤਾ ਜਾਵੇ। ਹਸਪਤਾਲ ਲਈ ਮ੍ਰਿਤਕ ਦੇਹ ਨੂੰ ਮ੍ਰਿਤਕ ਦੇ ਘਰ ਛੱਡਣਾ ਲਾਜ਼ਮੀ ਹੈ।20 ਬੈੱਡਾਂ ਵਾਲੇ ਹਰ ਹਸਪਤਾਲ ਵਿਚ ਮੌਰਚਰੀ ਅਤੇ ਐਂਬੂਲੈਂਸ ਦਾ ਹੋਣਾ ਜ਼ਰੂਰੀ ਹੈ।

ਜਿਤੇਂਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਲਈ ਹੈਲਪਲਾਈਨ ਨੰਬਰ 9855475547 ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਸਿਵਲ ਹਸਪਤਾਲ ਵਿਚ ਮਰੀਜ਼ਾਂ ਲਈ ਆਕਸੀਜ਼ਨ ਪਲਾਂਟ, ਲੈਬ, ਬਲੱਡ ਬੈਂਕ, ਮੋਰਚਰੀ, ਐਂਬੂਲੈਂਸ ਸਮੇਤ ਹੋਰ ਸਹੂਲਤਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਖੂਨਦਾਨ ਪ੍ਰਤੀ ਜਾਗਰੂਕਤਾ ਫੈਲਾਉਣ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ 4 ਏਕੜ ਤੋਂ ਵੱਡੇ ਪਾਰਕਾਂ ਵਿਚ ਰੈਂਪ, ਮਹਿਲਾਵਾਂ ਤੇ ਪੁਰਸ਼ਾਂ ਲਈ ਬਾਥਰੂਮ ਅਤੇ ਹਰੇਕ ਪਾਰਕ ਵਿੱਚ ਬੈਂਚਾਂ ਦੀ ਸਹੂਲਤ ਯਕੀਨੀ ਬਣਾਉਣ ਲਈ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ਪੁਲਿਸ ਵਿਭਾਗ ਨੂੰ ਥਾਣਿਆਂ ਵਿਚ ਆਉਣ ਵਾਲੇ ਲੋਕਾਂ ਲਈ ਬਾਥਰੂਮ, ਬੈਠਣ ਲਈ ਢੁੱਕਵੇਂ ਪ੍ਰਬੰਧ ਅਤੇ ਢੁੱਕਵੀਂ ਪਾਰਕਿੰਗ ਵਿਵਸਥਾ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ।

ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਿਤੇਂਦਰ ਸਿੰਘ ਸ਼ੰਟੀ ਨੇ ਕਿਹਾ ਕਿ ਕਮਿਸ਼ਨ ਵਲੋਂ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਹਰ ਜ਼ਿਲ੍ਹੇ ’ਚ 15-15 ਵਿਅਕਤੀਆਂ ’ਤੇ ਆਧਾਰਿਤ ਕੋਰ ਗਰੁੱਪ ਗਠਿਤ ਕੀਤੇ ਜਾ ਰਹੇ ਹਨ। ਇਹ ਕੋਰ ਗਰੁੱਪ ਮਨੁੱਖੀ ਅਧਿਕਾਰਾਂ ਨਾਲ ਸੰਬੰਧਤ ਸ਼ਿਕਾਇਤਾਂ ਤੇ ਸਮੱਸਿਆਵਾਂ ਧਿਆਨ ’ਚ ਲਿਆਉਣ ’ਚ ਮਦਦ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਰ ਗਰੁੱਪਾਂ ’ਚ ਵੱਖ-ਵੱਖ ਵਰਗਾਂ ਨਾਲ ਸੰਬੰਧਤ ਵਿਅਕਤੀ ਸ਼ਾਮਲ ਕੀਤੇ ਜਾਣਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ, ਸਿਵਲ ਸਰਜਨ ਡਾ. ਰਾਜੇਸ਼ ਗਰਗ, ਜੁਆਇੰਟ ਕਮਿਸ਼ਨਰ ਨਗਰ ਨਿਗਮ ਮਨਦੀਪ ਕੌਰ ਤੋਂ ਇਲਾਵਾ ਪੁਲਿਸ ਵਿਭਾਗ, ਸਿੱਖਿਆ, ਸਿਹਤ, ਸਮਾਜਿਕ ਸੁਰੱਖਿਆ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ