ਕਾਂਗਰਸ ਖ਼ਿਲਾਫ਼ ‘ਆਪ’ ਨੇ ਵਿਜੈਇੰਦਰ ਸਿੰਗਲਾ ਦੀ ਕੋਠੀ ਮੂਹਰੇ ਦਿੱਤਾ ਧਰਨਾ
ਸੰਗਰੂਰ. 13 ਫਰਵਰੀ (ਧੀਰਜ ਪਸੋਰੀਆ)- ਕਾਂਗਰਸ ਦੇ ਦਲਿਤ ਵਿਰੋਧੀ ਵਤੀਰੇ ਖ਼ਿਲਾਫ਼ ਆਮ ਆਦਮੀ ਪਾਰਟੀ ਵਲੋਂ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਵਿਜੈਇੰਦਰ ਸਿੰਗਲਾ ਦੀ ਸਥਾਨਕ ਕੋਠੀ ਮੂਹਰੇ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਗਿਆ। ਜ਼ਿਕਰ ਯੋਗ ਹੈ ਕਿ ਆਮ ਆਦਮੀ ਪਾਰਟੀ ਵਲੋਂ ਦੋਸ਼ ਲਗਾਇਆ ਜਾ ਰਿਹਾ ਹੈ ਕਿ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਬਾਰੇ ਅਪਮਾਨਜਨਕ ਟਿੱਪਣੀ ਕੀਤੀ ਗਈ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਯੋਜਨਾ ਬੋਰਡ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਤੇ ਹੋਰ ਆਗੂਆਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਬਾਰੇ ਕੀਤੀ ਗਈ ਅਪਮਾਨਜਨਕ ਟਿੱਪਣੀ ਦੀ ਜਿੰਨੀ ਨਿੰਦਾ ਕੀਤੀ ਜਾਵੇ, ਉਹ ਥੋੜੀ ਹੈ।
ਬੁਲਾਰਿਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਆਪਣਾ ਮਾਨਸਿਕ ਸੰਤੁਲਨ ਗਵਾ ਚੁੱਕੇ ਹਨ, ਉਨਾਂ ਦੀ ਦਲਿਤ ਵਿਰੋਧੀ ਮਾਨਸਿਕਤਾ ਲਗਾਤਾਰ ਸਾਹਮਣੇ ਆ ਰਹੀ ਹੈ। ਕਾਂਗਰਸ ਪਾਰਟੀ ਦੇ ਆਗੂ ਲਗਾਤਾਰ ਦਲਿਤ ਭਾਈਚਾਰੇ ਦੇ ਆਗੂਆਂ ਨੂੰ ਨਿਸ਼ਾਨਾ ਬਣਾ ਰਹੇ ਹਨ ਕਦੇ ਉਹ ਚੁਣੇ ਹੋਏ ਨੁਮਾਇੰਦਿਆਂ ਨੂੰ ਮਟੀਰੀਅਲ ਦੱਸਦੇ ਹਨ, ਕਦੇ ਬਾਜੇ ਵਾਲੇ ਅਤੇ ਕਦੇ ਰੰਗ ਭੇਦ ਟਿੱਪਣੀਆਂ ਕਰਦੇ ਹਨ। ਦੂਜੇ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਗਰੀਬ ਨੌਜਵਾਨਾਂ ਨੂੰ ਲਗਾਤਾਰ ਅੱਗੇ ਲਿਆਂਦਾ ਜਾ ਰਿਹਾ ਹੈ, ਜੋ ਕਾਂਗਰਸ ਪਾਰਟੀ ਦੇ ਸਰਮਾਏਦਾਰ ਆਗੂਆਂ ਨੂੰ ਹਜ਼ਮ ਨਹੀਂ ਹੋ ਰਿਹਾ। ਉਨ੍ਹਾਂ ਦੀ ਮਾਨਸਿਕਤਾ ਦਲਿਤ ਭਾਈਚਾਰੇ ਨੂੰ ਗੁਲਾਮ ਬਣਾ ਕੇ ਰੱਖਣ ਦੀ ਹੈ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਉਹਨਾਂ ਨੂੰ ਉੱਚ ਅਹੁਦਿਆਂ ’ਤੇ ਬਿਠਾ ਦਿੱਤਾ ਹੈ। ਬੁਲਾਰਿਆਂ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਤੁਰੰਤ ਮਾਫੀ ਮੰਗਣ ਨਹੀਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
;
;
;
;
;
;
;
;