ਛੱਤੀਸਗੜ੍ਹ ਦੇ ਰਾਏਪੁਰ ਸਥਿਤ ਗੁਰਦੁਆਰਾ ਗੁਰੂ ਨਾਨਕ ਸਾਹਿਬ ਜੀ ਰਾਵਾਭਾਟਾ ਦੀ ਇਮਾਰਤ ਨਵੀਨੀਕਰਨ ਮਗਰੋਂ ਸੰਗਤ ਅਰਪਣ
ਅੰਮ੍ਰਿਤਸਰ, 17 ਫਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਰਾਏਪੁਰ ਵਿਖੇ ਛੱਤੀਸਗੜ੍ਹ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧੰਕ ਕਮੇਟੀਆਂ ਅਤੇ ਪ੍ਰਮੁੱਖ ਸਿੱਖ ਆਗੂਆਂ ਨਾਲ ਇਕੱਤਰਤਾ ਕਰਕੇ ਸੂਬੇ ਅੰਦਰ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਚਰਚਾ ਕੀਤੀ ਅਤੇ ਭਵਿੱਖ 'ਚ ਸਿੱਖੀ ਦੇ ਪ੍ਰਚਾਰ ਪ੍ਰਸਾਰ ਨੂੰ ਹੋਰ ਤੇਜ਼ ਕਰਨ ਲਈ ਰੂਪ-ਰੇਖਾ ਉਲੀਕੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਛੱਤੀਸਗੜ੍ਹ ਦੇ ਰਾਏਪੁਰ ਵਿਖੇ ਸਥਿਤ ਗੁਰਦੁਆਰਾ ਗੁਰੂ ਨਾਨਕ ਸਾਹਿਬ ਜੀ ਰਾਵਾਭਾਟਾ ਦੀ ਇਮਾਰਤ ਦੇ ਨਵੀਨੀਕਰਨ ਮਗਰੋਂ ਸੰਗਤ ਅਰਪਣ ਕਰਨ ਸਮੇਂ ਹੋ ਰਹੇ ਗੁਰਮਤਿ ਸਮਾਗਮ 'ਚ ਸ਼ਮੂਲੀਅਤ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ ਸਨ। ਇਸ ਦੇ ਨਾਲ ਹੀ ਐਡਵੋਕੇਟ ਧਾਮੀ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਆਉਂਦੀਆਂ ਸੰਗਤਾਂ ਦੀ ਰਿਹਾਇਸ਼ ਲਈ ‘ਸ੍ਰੀ ਗੁਰੂ ਨਾਨਕ ਦੇਵ ਭਵਨ’ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਗੁਰਦੁਆਰਾ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਿਸ਼ਨ ਛੱਤੀਸਗੜ੍ਹ ਰਾਹੀਂ ਚਲਾਇਆ ਜਾਂਦਾ ਹੈ। ਇਸ ਦਰਬਾਰ ਦੇ ਨਵੀਨੀਕਰਨ ਦੀ ਸੇਵਾ ਸੰਗਤਾਂ ਦੇ ਸਹਿਯੋਗ ਨਾਲ ਸ. ਜਗਜੀਤ ਸਿੰਘ ਖਨੂਜਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਕਰਵਾਈ ਗਈ ਹੈ।
ਸਮਾਗਮ ਦੌਰਾਨ ਸੰਬੋਧਨ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਤੋਂ ਬਾਹਰ ਸਿੱਖ ਮਿਸ਼ਨਾਂ ਰਾਹੀਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਉਚੇਚੇ ਯਤਨ ਕੀਤੇ ਜਾਂਦੇ ਹਨ। ਇਸੇ ਤਰ੍ਹਾਂ ਸਿੱਖ ਮਿਸ਼ਨ ਛੱਤੀਸਗੜ੍ਹ ਵੀ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਨਿਰੰਤਰ ਕਾਰਜਸ਼ੀਲ ਹੈ ਅਤੇ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕਰਨ ਲਈ ਛੱਤੀਸਗੜ੍ਹ ਦੀਆਂ ਗੁਰਦੁਆਰਾ ਕਮੇਟੀਆਂ ਦੇ ਸਹਿਣੋਗ ਨਾਲ ਉਚੇਚੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਵੱਡੇ ਮਾਣ ਵਾਲੀ ਗੱਲ ਹੈ ਕਿ ਬਾਹਰ ਵੱਸਦੇ ਸਿੱਖਾਂ ਨੇ ਗੁਰੂ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਆਪਣੇ ਸਿੱਖੀ ਸਰੂਪ ਨੂੰ ਸੰਭਾਲ ਕੇ ਰੱਖਿਆ ਹੈ।
ਇਸੇ ਦੌਰਾਨ ਛੱਤੀਗੜ੍ਹ ਦੇ ਸਮਾਜਸੇਵੀ ਤੇ ਸਿੱਖ ਆਗੂ ਬਲਦੇਵ ਸਿੰਘ ਭਾਟੀਆ ਅਤੇ ਛੱਤੀਸਗੜ੍ਹ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਅਮਰਜੀਤ ਸਿੰਘ ਛਾਬੜਾ ਨੇ ਵੀ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਓ.ਐਸ.ਡੀ ਸ. ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਸਿੱਖ ਮਿਸ਼ਨ ਛੱਤੀਸਗੜ੍ਹ ਦੇ ਇੰਚਾਰਜ ਸ. ਗੁਰਮੀਤ ਸਿੰਘ ਸ਼ੈਣੀ ਤੇ ਸ. ਅਜੀਤ ਸਿੰਘ ਛੱਤੀਸਗੜ੍ਹ ਦੇ ਸਿੱਖ ਆਗੂ ਸ. ਜਗਜੀਤ ਸਿੰਘ ਖਨੂਜਾ, ਸ. ਜੀ.ਐਸ. ਬਾਮਰਾ, ਘੱਟਗਿਣਤੀ ਕਮਿਸ਼ਨ ਛੱਤੀਸਗੜ੍ਹ ਦੇ ਚੇਅਰਮੈਨ ਸ. ਅਮਰਜੀਤ ਸਿੰਘ ਛਾਬੜਾ, ਸ. ਬਲਦੇਵ ਸਿੰਘ ਭਾਟੀਆ, ਸਾਬਕਾ ਵਿਧਾਇਕ ਸ. ਗੁਰਮੁੱਖ ਸਿੰਘ, ਸ. ਕੁਲਦੀਪ ਸਿੰਘ ਜਨੇਜਾ, ਸ. ਰਵੀ ਰਾਜ ਸਿੰਘ, ਸ. ਬਲਰਾਜ ਸਿੰਘ, ਸ. ਗੁਰਮੇਜ ਸਿੰਘ ਭਾਵਰਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।
;
;
;
;
;
;
;
;