ਸੰਗਰੂਰ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਦੀ ਪਲੇਠੀ ਜ਼ਿਲ੍ਹਾ ਪੱਧਰੀ ਬੈਠਕ ਹੋਈ
ਸੰਗਰੂਰ, 17 ਫਰਵਰੀ (ਧੀਰਜ ਪਿਸ਼ੋਰੀਆ):- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਵਪਾਰ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਸਮਾਂਬੱਧ ਢੰਗ ਨਾਲ ਕਰਨ ਲਈ ਬਣਾਏ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੀ ਜ਼ਿਲ੍ਹਾ ਪੱਧਰੀ ਇਕਾਈ ਵੱਲੋਂ ਅੱਜ ਸੰਗਰੂਰ ਦੇ ਵਪਾਰੀਆਂ ਨਾਲ ਕਿਲ੍ਹਾ ਮਾਰਕਿਟ ਵਿਖੇ ਪਲੇਠੀ ਜ਼ਿਲ੍ਹਾ ਪੱਧਰੀ ਬੈਠਕ ਕੀਤੀ ਗਈ। ਇਸ ਮੌਕੇ ਛੋਟੇ ਅਤੇ ਦਰਮਿਆਨੇ ਵਪਾਰੀਆਂ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਦਿਆਂ ਆਪਣੀਆਂ ਸਮੱਸਿਆਵਾਂ ਰੱਖੀਆਂ। ਇਸ ਮੌਕੇ ਸੰਗਰੂਰ ਦੇ ਵਿਧਾਇਕ ਨਰਿੰਦਰ ਕੌਰ ਭਰਾਜ, ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਏ.ਡੀ.ਸੀ. ਅੰਕੁਰ ਮਹਿੰਦਰੂ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਰੁਣ ਜਿੰਦਲ ਵੀ ਮੌਜੂਦ ਸਨ। ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਖ਼ੁਦ ਵਪਾਰੀਆਂ ਤੱਕ ਪੁੱਜ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦਾ ਉਦੇਸ਼ ਵਪਾਰ-ਪੱਖੀ ਨੀਤੀਆਂ ਨੂੰ ਹੋਰ ਮਜ਼ਬੂਤ ਕਰਨਾ ਅਤੇ ਪਾਰਦਰਸ਼ੀ ਸ਼ਿਕਾਇਤ ਨਿਵਾਰਨ ਪ੍ਰਣਾਲੀ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਵਪਾਰੀਆਂ ਲਈ ਜ਼ਿਲ੍ਹਾ ਪੱਧਰ ਤੋਂ ਵੀ ਹੇਠਾਂ ਵਿਧਾਨ ਸਭਾ ਹਲਕੇ ਤੱਕ ਸੁਣਵਾਈ ਲਈ ਟਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ ਅਤੇ ਇਹ ਵੀ ਸੁਨਿਸ਼ਚਿਤ ਕੀਤਾ ਗਿਆ ਹੈ ਕਿ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਤੇ ਮੈਂਬਰ ਵਪਾਰੀ ਵਰਗ ਨਾਲ ਹੀ ਸਬੰਧ ਰੱਖਦੇ ਹੋਣ। ਉਨ੍ਹਾਂ ਕਿਹਾ ਕਿ ਅੱਜ ਜੋ ਵਪਾਰੀਆਂ ਵੱਲੋਂ ਸਮੱਸਿਆਵਾਂ ਰੱਖੀਆਂ ਗਈਆਂ ਹਨ। ਉਨ੍ਹਾਂ 'ਚੋਂ ਕੁਝ ਦਾ ਨਿਪਟਾਰਾ ਮੌਕੇ ’ਤੇ ਕੀਤਾ ਗਿਆ ਹੈ ਜਦਕਿ ਕੁਝ ਸਮੱਸਿਆਵਾਂ ਦਾ ਨਿਪਟਾਰਾ ਸਮਾਂਬੱਧ ਢੰਗ ਨਾਲ ਕਰਨ ਲਈ ਸਬੰਧੰਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਨ੍ਹਾਂ ਦਾ ਨਿਪਟਾਰਾ ਅਗਲੀ ਬੈਠਕ ਤੋਂ ਪਹਿਲਾਂ ਕੀਤਾ ਜਾਣਾ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਮਾਮਲੇ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਨੂੰ ਲਿਖਤੀ ਰੂਪ 'ਚ ਦਰਜ ਕਰਵਾਉਣ ਤਾਂ ਜੋ ਸਮੱਸਿਆ ਦਾ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਟਰੇਡਰਜ਼ ਕਮਿਸ਼ਨ ਕੋਲ ਰੱਖੀ ਹਰੇਕ ਸਮੱਸਿਆ ਜ਼ਿਲ੍ਹਾ ਪ੍ਰਸ਼ਾਸਨ ਕੋਲ ਤੁਰੰਤ ਪੁੱਜੇਗੀ ਅਤੇ ਉਸ ’ਤੇ ਤੁਰੰਤ ਕਾਰਵਾਈ ਵੀ ਯਕੀਨੀ ਬਣਾਈ ਜਾਵੇਗੀ। ਵਪਾਰ ਮੰਡਲ ਸੰਗਰੂਰ ਦੇ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸ, ਆੜਤੀ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਸ਼ਿਸ਼ਨ ਕੁਮਾਰ ਤੁੰਗਾ ਅਤੇ ਕਰਿਆਣਾ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਗੋਇਲ ਨੇ ਬੇਝਿਜਕ ਹੋ ਕੇ ਵਪਾਰੀਆਂ ਦੀਆਂ ਸਮੱਸਿਆਵਾਂ ਰੱਖੀਆਂ। ਜਸਵਿੰਦਰ ਸਿੰਘ ਪ੍ਰਿੰਸ ਨੇ ਸੰਗਰੂਰ ਦੇ ਬਾਜ਼ਾਰਾਂ 'ਚ ਪਾਰਕਿੰਗ ਦਾ ਪ੍ਰਬੰਧ ਕਰਨ ਅਤੇ ਦੁਕਾਨਦਾਰਾਂ ਲਈ ਬਿਜਲੀ ਦੀਆਂ ਦਰਾਂ ਘਟਾਉਣ ਦੀ ਮੰਗ ਕੀਤੀ। ਆਰਤੀ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਸ਼ੀਸ਼ਨ ਕੁਮਾਰ ਤੁੰਗਾਂ ਨੇ ਅਨਾਜ ਮੰਡੀ ਨੂੰ ਕਿਸੇ ਖੁੱਲੀ ਥਾਂ ਤੇ ਬਣਾਉਣ ਦੀ ਮੰਗ ਕੀਤੀ। ਜ਼ਿਲ੍ਹਾ ਪੱਧਰੀ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਰੁਣ ਜਿੰਦਲ ਨੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਲਈ ਕਮਿਸ਼ਨ ਨਾਲ ਸਿੱਧਾ ਰਾਬਤਾ ਕਰਨ ਤਾਂ ਜੋ ਉਨ੍ਹਾਂ ਨੂੰ ਤੁਰੰਤ ਅਤੇ ਪ੍ਰਭਾਵਸ਼ਾਲੀ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਹਰੇਕ ਬੁੱਧਵਾਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਦਫ਼ਤਰ 'ਚ ਵਪਾਰੀਆਂ ਦੀ ਸਮੱਸਿਆਵਾਂ ਨੂੰ ਸੁਣਨਗੇ। ਇਸ ਤੋਂ ਇਲਾਵਾ ਵਪਾਰੀ ਕਿਸੇ ਵੀ ਸਮੇਂ ਟਰੇਡਸ ਕਮਿਸ਼ਨ ਦੇ ਕਿਸੇ ਵੀ ਮੈਂਬਰ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਵਪਾਰੀਆਂ ਨੇ ਇਸ ਪਹਿਲਕਦਮੀ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਬੈਠਕਾਂ ਨਾਲ ਸਰਕਾਰ ਅਤੇ ਵਪਾਰੀ ਭਾਈਚਾਰੇ ਵਿਚਕਾਰ ਸੰਚਾਰ ਹੋਰ ਮਜ਼ਬੂਤ ਹੋਵੇਗਾ ਅਤੇ ਜ਼ਮੀਨੀ ਪੱਧਰ ’ਤੇ ਦਰਪੇਸ਼ ਮੁੱਦਿਆਂ ਦਾ ਸਮੇਂ ਸਿਰ ਹੱਲ ਯਕੀਨੀ ਬਣੇਗਾ। ਏ.ਈ.ਟੀ.ਸੀ. ਰੋਹਿਤ ਕੁਮਾਰ ਨੇ ਸਮਾਗਮ 'ਚ ਪਹੁੰਚੇ ਮਹਿਮਾਨਾਂ ਅਤੇ ਵਪਾਰੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਜ਼ਿਲ੍ਹਾ ਚੇਅਰਮੈਨ ਅਰੁਣ ਜਿੰਦਲ, ਹਲਕਾ ਚੇਅਰਮੈਨ ਸੁਖਜਿੰਦਰ ਮਾਨ, ਹਲਕਾ ਲਹਿਰਾ ਚੇਅਰਮੈਨ ਪ੍ਰਿੰਸ ਗਰਗ, ਹਲਕਾ ਧੂਰੀ ਚੇਅਰਮੈਨ ਪੁਸ਼ਪਿੰਦਰ ਸ਼ਰਮਾ, ਹਲਕਾ ਸੁਨਾਮ ਚੇਅਰਮੈਨ ਰਾਮ ਕੁਮਾਰ, ਹਲਕਾ ਦਿੜ੍ਹਬਾ ਚੇਅਰਮੈਨ ਅਜੇ ਬਾਂਸਲ, ਜੀ.ਐਮ. ਡੀ.ਆਈ.ਸੀ. ਰਾਕੇਸ਼ ਕੁਮਾਰ, ਸੁਖਵਿੰਦਰ ਸਿੰਘ ਸੁੱਖਾ, ਧਰਮਿੰਦਰ ਤਿਵਾੜੀ, ਪ੍ਰਦੀਪ ਕੁਮਾਰ ਭਵਾਨੀਗੜ੍ਹ, ਰਾਵਿੰਦਰਪਾਲ ਨੋਨੀ, ਬਲਜੀਤ ਕਾਂਜਲਾ ਵਰਨ ਵੰਡ ਟੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵਪਾਰੀ ਪ੍ਰਤੀਨਿਧੀ ਮੌਜੂਦ ਸਨ।
;
;
;
;
;
;
;