JALANDHAR WEATHER

ਜੰਡਿਆਲਾ ਗੁਰੂ ’ਚ ਵਪਾਰੀਆਂ ਤੋਂ ਰੰਗਦਾਰੀ ਮਾਮਲੇ ’ਚ ਵੱਡੀ ਕਾਰਵਾਈ , ਇਕ ਗ੍ਰਿਫ਼ਤਾਰ

ਜੰਡਿਆਲਾ ਗੁਰੂ, 20 ਫਰਵਰੀ (ਹਰਜਿੰਦਰ ਸਿੰਘ ਕਲੇਰ) - ਜੰਡਿਆਲਾ ਗੁਰੂ ਇਲਾਕੇ ਵਿਚ ਵਪਾਰੀਆਂ ਤੋਂ ਰੰਗਦਾਰੀ ਮੰਗਣ ਦੇ ਮਾਮਲੇ ਵਿਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਦਿਹਾਤੀ ਸੋਹੇਲ ਮੀਰ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਡੀ.ਜੀ.ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੁਝ ਬਾਹਰ ਬੈਠੇ ਗੈਂਗਸਟਰਾਂ ਵਲੋਂ ਸਥਾਨਕ ਵਪਾਰੀਆਂ ਨੂੰ ਕਾਫੀ ਸਮੇਂ ਤੋਂ ਧਮਕੀ ਭਰੀਆਂ ਕਾਲਾਂ ਆ ਰਹੀਆਂ ਸਨ। ਧਮਕੀ ਦੇਣ ਵਾਲੇ ਵੱਖ-ਵੱਖ ਨੰਬਰਾਂ ਤੋਂ ਕਾਲ ਕਰਦੇ ਅਤੇ ਆਪਣੀ ਪਹਿਚਾਣ ਵਾਰ-ਵਾਰ ਬਦਲਦੇ ਰਹਿੰਦੇ ਸਨ। ਵਪਾਰੀਆਂ ਤੋਂ ਕਰੀਬ 30 ਲੱਖ ਰੁਪਏ ਦੀ ਰੰਗਦਾਰੀ ਮੰਗੀ ਜਾ ਰਹੀ ਸੀ।

ਇਸ ਮਾਮਲੇ ਵਿਚ ਪੁਲਿਸ ਨੇ ਤੁਰੰਤ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ। ਡੀ.ਐਸ.ਪੀ. ਰਵਿੰਦਰ ਸਿੰਘ ਤੇ ਐਸ. ਐਚ. ਓ. ਨਰੇਸ਼ ਕੁਮਾਰ ਦੀ ਅਗਵਾਈ ਹੇਠ ਖਾਸ ਟੀਮਾਂ ਬਣਾਈਆਂ ਗਈਆਂ। ਟੈਕਨੀਕਲ ਜਾਂਚ ਅਤੇ ਹਿਊਮਨ ਇੰਟੈਲੀਜੈਂਸ ਦੇ ਆਧਾਰ ’ਤੇ ਪੁਲਿਸ ਨੇ ਇਕ ਦੋਸ਼ੀ ਆਜ਼ਾਦ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨੂੰ ਪੁਲਿਸ ਰਿਮਾਂਡ ’ਤੇ ਲਿਆ ਗਿਆ ਹੈ ਅਤੇ ਰਿਮਾਂਡ ਦੌਰਾਨ ਉਸ ਦੇ ਗੈਂਗਸਟਰ ਨੈੱਟਵਰਕ ਨਾਲ ਸੰਬੰਧ ਅਤੇ ਹੋਰ ਸਾਥੀਆਂ ਬਾਰੇ ਅਹਿਮ ਜਾਣਕਾਰੀਆਂ ਸਾਹਮਣੇ ਆਈਆਂ ਹਨ। ਪੁਲਿਸ ਵਲੋਂ ਇਸ ਕੇਸ ਨਾਲ ਜੁੜੇ ਹੋਰ ਲੋਕਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ। ਐਸ.ਐਸ.ਪੀ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਨੂੰ ਗੈਂਗਸਟਰਾਂ ਜਾਂ ਰੰਗਦਾਰੀ ਸੰਬੰਧੀ ਕੋਈ ਧਮਕੀ ਕਾਲ ਆਉਂਦੀ ਹੈ ਤਾਂ ਏ.ਜੀ. ਟੀ. ਐਫ. ਪੰਜਾਬ ਦੀ ਹੈਲਪਲਾਈਨ ਜਾਂ ਨਜ਼ਦੀਕੀ ਪੁਲਿਸ ਸਟੇਸ਼ਨ ਨਾਲ ਤੁਰੰਤ ਸੰਪਰਕ ਕੀਤਾ ਜਾਵੇ। ਪੁਲਿਸ ਨੇ ਭਰੋਸਾ ਦਿਵਾਇਆ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ