ਕਿਸਾਨਾਂ ਦੇ ਆਲੂ ਨਾ ਖ਼ਰੀਦਣ ’ਤੇ ਫੈਕਟਰੀ ਅੱਗੇ ਨਾਅਰੇਬਾਜ਼ੀ
ਭਵਾਨੀਗੜ੍ਹ, 24 ਫਰਵਰੀ (ਰਣਧੀਰ ਸਿੰਘ ਫੱਗੂਵਾਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਵਲੋਂ ਫੈਕਟਰੀ ਨੂੰ ਆਲੂ ਵੇਚਣ ਸਮੇਂ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਦੇ ਵਿਰੋਧ ਵਿਚ ਫੈਕਟਰੀ ਵਿਖੇ ਰੋਸ ਧਰਨਾ ਦਿੰਦਿਆਂ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ, ਬਲਾਕ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਜਸਵੀਰ ਸਿੰਘ ਗੱਗੜਪੁਰ, ਗੁਰਚੇਤ ਸਿੰਘ ਭੱਟੀਵਾਲ, ਰਘਬੀਰ ਸਿੰਘ ਘਰਾਚੋਂ , ਕਰਮ ਚੰਦ ਪੰਨਵਾਂ ਨੇ ਦੱਸਿਆ ਚੰਨੋ ਫੈਕਟਰੀ ਦੇ ਪ੍ਰਬੰਧਕਾਂ ਵਲੋਂ ਪਹਿਲਾਂ ਕਿਸਾਨਾਂ ਤੋਂ ਆਲੂ ਬਿਜਾ ਕੇ ਹੁਣ ਵੇਚਣ ਸਮੇਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਕਈ ਦਿਨਾਂ ਤੋਂ ਕਿਸਾਨ ਟਰਾਲੀਆਂ ਸਮੇਤ ਫੈਕਟਰੀ ਦੇ ਅੱਗੇ ਲਾਈਨਾਂ ਲਗਾ ਕੇ ਖੜ੍ਹੇ ਹਨ, ਪਰ ਉਨ੍ਹਾਂ ਨੂੰ ਗੇਟ ਪਾਸ ਨਹੀਂ ਦਿੱਤੇ ਜਾ ਰਹੇ, ਜਿਸ ਨੂੰ ਲੈ ਕੇ ਕਿਸਾਨਾਂ ਵਿਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ । ਉਕਤ ਆਗੂਆਂ ਨੇ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਜੇਕਰ ਫੈਕਟਰੀ ਪ੍ਰਬੰਧਕਾਂ ਨੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨਾ ਬੰਦ ਨਾ ਕੀਤਾ ਤਾਂ 27 ਫਰਵਰੀ ਨੂੰ ਫੈਕਟਰੀ ਦੇ ਗੇਟ ਅੱਗੇ ਵੱਡਾ ਸੰਘਰਸ਼ ਕੀਤਾ ਜਾਵੇਗਾ । ਇਸ ਮੌਕੇ ਕਾਲਾਝਾੜ ਪਿੰਡ ਇਕਾਈ ਦੇ ਪ੍ਰਧਾਨ ਗੁਰਬਚਨ ਸਿੰਘ ਮਾਘ ਸਿੰਘ ਖੇੜੀ ਗਿੱਲਾਂ ਤੋਂ ਇਲਾਵਾ ਹੋਰ ਕਿਸਾਨ ਆਗੂ ਹਾਜ਼ਰ ਸਨ ।
;
;
;
;
;
;
;
;