ਛਤਰਪਤੀ ਕਤਲ ਮਾਮਲਾ: ਡੇਰਾ ਮੁਖੀ ਰਾਮ ਰਹੀਮ ਨੂੰ ਅਦਾਲਤ ਨੇ ਕੀਤਾ ਬਰੀ
ਚੰਡੀਗੜ੍ਹ, 7 ਮਾਰਚ (ਸੰਦੀਪ ਕੁਮਾਰ ਮਾਹਨਾ)- ਡੇਰਾ ਮੁਖੀ ਰਾਮ ਰਹੀਮ ਨੂੰ ਛਤਰਪਤੀ ਕਤਲ ਕੇਸ ਵਿਚ ਵੱਡੀ ਰਾਹਤ ਮਿਲੀ ਹੈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਰਾਮ ਰਹੀਮ ਨੂੰ ਇਸ ਮਾਮਲੇ ਵਿਚ ਬਰੀ ਕਰ ਦਿੱਤਾ ਹੈ। ਹਾਲਾਂਕਿ ਬਾਕੀ ਤਿੰਨ ਦੋਸ਼ੀਆਂ ਕੁਲਦੀਪ, ਨਿਰਮਲ ਅਤੇ ਕਿਸ਼ਨ ਲਾਲ ਦੀਆਂ ਸਜ਼ਾਵਾਂ ਨੂੰ ਬਰਕਰਾਰ ਰੱਖਿਆ ਗਿਆ ਹੈ। ਇਨ੍ਹਾਂ ਸਾਰਿਆਂ ਨੂੰ ਇਸ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ ਦੋਸ਼ੀ ਠਹਿਰਾਇਆ ਸੀ ਅਤੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਤੇ ਹਾਈਕੋਰਟ ਨੇ ਇਸ ਫ਼ੈਸਲੇ ਨੂੰ ਬਦਲ ਦਿੱਤਾ ਹੈ।
ਦੱਸ ਦੇਈਏ ਕਿ ਸਿਰਸਾ ਦੇ ਪੱਤਰਕਾਰ ਰਾਮਚੰਦਰ ਛਤਰਪਤੀ ਨੂੰ 24 ਅਕਤੂਬਰ, 2002 ਨੂੰ ਉਨ੍ਹਾਂ ਦੇ ਘਰ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਸੀ। ਉਨ੍ਹਾਂ ਦੀ 21 ਨਵੰਬਰ ਨੂੰ ਮੌਤ ਹੋ ਗਈ ਸੀ। ਅਗਸਤ 2002 ਵਿਚ ਇਕ ਗੁਮਨਾਮ ਪੱਤਰ ਵਿਚ ਡੇਰਾ ਔਰਤਾਂ ਦੇ ਜਿਨਸੀ ਸ਼ੋਸ਼ਣ ਅਤੇ ਜਬਰ ਜਨਾਹ ਦਾ ਦੋਸ਼ ਲਗਾਇਆ ਗਿਆ ਸੀ। ਛਤਰਪਤੀ ਨੇ ਇਹ ਪੱਤਰ ਆਪਣੇ ਅਖਬਾਰ ਵਿਚ ਪ੍ਰਕਾਸ਼ਿਤ ਕੀਤਾ ਸੀ।
2003 ਵਿਚ ਛਤਰਪਤੀ ਦੇ ਪੁੱਤਰ ਅੰਸ਼ੁਲ ਛਤਰਪਤੀ ਦੁਆਰਾ ਦਾਇਰ ਪਟੀਸ਼ਨ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਾਂਚ ਸੀ.ਬੀ.ਆਈ. ਨੂੰ ਸੌਂਪ ਦਿੱਤੀ। ਨਵੰਬਰ 2003 ਵਿਚ ਸੀ.ਬੀ.ਆਈ. ਨੇ ਹਾਈ ਕੋਰਟ ਦੇ ਹੁਕਮਾਂ 'ਤੇ ਐਫ.ਆਈ.ਆਰ. ਦਰਜ ਕੀਤੀ। 2004 ਵਿਚ ਡੇਰਾ ਸੱਚਾ ਸੌਦਾ ਨੇ ਜਾਂਚ ਨੂੰ ਰੋਕਣ ਲਈ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ, ਪਰ ਸੁਪਰੀਮ ਕੋਰਟ ਨੇ ਪਟੀਸ਼ਨ ਨੂੰ ਰੱਦ ਕਰ ਦਿੱਤਾ। ਇਸ ਮਾਮਲੇ ਦੀ ਸੁਣਵਾਈ ਪੰਚਕੂਲਾ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਵਿਚ ਲਗਭਗ 16 ਸਾਲਾਂ ਤੱਕ ਚੱਲੀ।
ਸੀ.ਬੀ.ਆਈ. ਨੇ 2018-2019 ਵਿਚ ਇਸ ਮਾਮਲੇ ਵਿਚ ਚਾਰਜਸ਼ੀਟ ਦਾਇਰ ਕੀਤੀ। ਅਦਾਲਤ ਨੇ ਇਸ ਨੂੰ ਇਕ ਯੋਜਨਾਬੱਧ ਸਾਜ਼ਿਸ਼ ਘੋਸ਼ਿਤ ਕੀਤਾ ਅਤੇ ਰਾਮ ਰਹੀਮ, ਕੁਲਦੀਪ ਸਿੰਘ, ਨਿਰਮਲ ਸਿੰਘ ਅਤੇ ਕ੍ਰਿਸ਼ਨ ਲਾਲ ਨੂੰ ਦੋਸ਼ੀ ਠਹਿਰਾਇਆ।
ਗੁਰਮੀਤ ਰਾਮ ਰਹੀਮ ਨੇ 2019 ਦੇ ਫੈਸਲੇ ਵਿਰੁੱਧ ਅਪੀਲ ਦਾਇਰ ਕੀਤੀ ਸੀ ਅਤੇ ਅੱਜ ਹਾਈ ਕੋਰਟ ਨੇ ਉਸ ਨੂੰ ਬਰੀ ਕਰ ਦਿੱਤਾ। ਗੁਰਮੀਤ ਰਾਮ ਰਹੀਮ ਦੋ ਸਾਧਵੀਆਂ ਨਾਲ ਜਬਰ ਜਨਾਹ ਦੇ ਦੋਸ਼ ਵਿਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ ਤੇ ਉਹ ਇਸ ਸਮੇਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਬੰਦ ਹੈ।
ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਦੇ ਫੈਸਲੇ ਵਿਰੁੱਧ ਦੋਸ਼ੀਆਂ ਵਲੋਂ ਦਾਇਰ ਅਪੀਲਾਂ 'ਤੇ ਸੁਣਵਾਈ ਕਰਨ ਤੋਂ ਬਾਅਦ ਇਹ ਫ਼ੈਸਲਾ ਸੁਣਾਇਆ। ਮਾਮਲੇ ਨਾਲ ਸੰਬੰਧਿਤ ਸਬੂਤਾਂ ਅਤੇ ਦਲੀਲਾਂ 'ਤੇ ਵਿਸਥਾਰ ਨਾਲ ਵਿਚਾਰ ਕਰਨ ਤੋਂ ਬਾਅਦ ਅਦਾਲਤ ਨੇ ਡੇਰਾ ਮੁਖੀ ਨੂੰ ਇਸ ਆਧਾਰ 'ਤੇ ਬਰੀ ਕਰ ਦਿੱਤਾ ਕਿ ਉਨ੍ਹਾਂ ਦੇ ਵਿਰੁੱਧ ਦੋਸ਼ ਸਾਬਤ ਨਹੀਂ ਹੋਏ ਸਨ। ਜਦਕਿ ਬਾਕੀ ਤਿੰਨ ਦੋਸ਼ੀਆਂ ਦੇ ਵਿਰੁੱਧ ਮੌਜੂਦ ਸਬੂਤਾਂ ਨੂੰ ਕਾਫ਼ੀ ਮੰਨਦੇ ਹੋਏ ਉਨ੍ਹਾਂ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ।
ਹਾਈ ਕੋਰਟ ਦੀ ਸੁਣਵਾਈ ਵਿਚ ਬਚਾਅ ਪੱਖ ਅਤੇ ਸੀ.ਬੀ.ਆਈ. ਵਲੋਂ ਵਿਆਪਕ ਦਲੀਲਾਂ ਦਿੱਤੀਆਂ ਗਈਆਂ। ਅਦਾਲਤ ਨੇ ਰਿਕਾਰਡ 'ਤੇ ਮੌਜੂਦ ਸਬੂਤਾਂ, ਗਵਾਹਾਂ ਦੇ ਬਿਆਨਾਂ ਅਤੇ ਹਾਲਾਤੀ ਤੱਥਾਂ ਦਾ ਵਿਸ਼ਲੇਸ਼ਣ ਕਰਨ ਤੋਂ ਬਾਅਦ ਆਪਣਾ ਫੈਸਲਾ ਸੁਣਾਇਆ। ਅਦਾਲਤ ਨੇ ਕਿਹਾ ਕਿ ਡੇਰਾ ਮੁਖੀ ਵਿਰੁੱਧ ਇਸਤਗਾਸਾ ਪੱਖ ਦੇ ਸਬੂਤ ਕਿਸੇ ਵੀ ਅਪਰਾਧਿਕ ਸਾਜ਼ਿਸ਼ ਵਿਚ ਉਨ੍ਹਾਂ ਦੀ ਸ਼ਮੂਲੀਅਤ ਨੂੰ ਸਾਬਤ ਕਰਨ ਲਈ ਨਾਕਾਫ਼ੀ ਹਨ।
ਇਸ ਦੌਰਾਨ ਅਦਾਲਤ ਨੇ ਪਾਇਆ ਕਿ ਕੁਲਦੀਪ, ਨਿਰਮਲ ਅਤੇ ਕਿਸ਼ਨ ਲਾਲ ਵਿਰੁੱਧ ਸਬੂਤਾਂ ਅਤੇ ਗਵਾਹੀਆਂ ਨੇ ਉਨ੍ਹਾਂ ਦੀ ਭੂਮਿਕਾ ਨੂੰ ਸਪੱਸ਼ਟ ਤੌਰ 'ਤੇ ਸਥਾਪਿਤ ਕੀਤਾ। ਇਸ ਦੇ ਆਧਾਰ 'ਤੇ ਹਾਈ ਕੋਰਟ ਨੇ ਉਨ੍ਹਾਂ ਦੀਆਂ ਸਜ਼ਾਵਾਂ ਅਤੇ ਉਮਰ ਕੈਦ ਦੀ ਸਜ਼ਾ ਨੂੰ ਬਰਕਰਾਰ ਰੱਖਿਆ।
ਹਾਈ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਇਸ ਮਾਮਲੇ ਨੇ ਇਕ ਵਾਰ ਫਿਰ ਕਾਨੂੰਨੀ ਅਤੇ ਸਮਾਜਿਕ ਹਲਕਿਆਂ ਵਿਚ ਚਰਚਾ ਤੇਜ਼ ਕਰ ਦਿੱਤੀ ਹੈ।
;
;
;
;
;
;