ਪਿੰਡ ਸਠਿਆਲਾ ’ਚ ਪਾਵਨ ਸਰੂਪ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਸਖ਼ਤ ਨਿੰਦਾ
ਅੰਮ੍ਰਿਤਸਰ, 7 ਮਾਰਚ (ਜਸਵੰਤ ਸਿੰਘ ਜੱਸ)--ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਬਕਾਲਾ ਸਾਹਿਬ ਨੇੜਲੇ ਪਿੰਡ ਸਠਿਆਲਾ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਲਗਾਤਾਰ ਵਾਪਰ ਰਹੀਆਂ ਬੇਅਦਬੀਆਂ ਦੀਆਂ ਘਟਨਾਵਾਂ ’ਤੇ ਚਿੰਤਾ ਜ਼ਾਹਰ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ’ਚ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਵੱਡੀ ਸਾਜਿਸ਼ ਹੈ, ਜਿਸ ਦੇ ਦੋਸ਼ੀਆਂ ਨੂੰ ਸਾਹਮਣੇ ਲਿਆਉਣਾ ਸਰਕਾਰ ਦੀ ਜ਼ੁੰਮੇਵਾਰੀ ਹੈ।
ਉਨ੍ਹਾਂ ਕਿਹਾ ਕਿ ਮਨੁੱਖ ਨੂੰ ਜੀਵਨ ਦਾ ਰਾਹ ਦਰਸਾਉਣ ਵਾਲੀ ਗੁਰਬਾਣੀ ਦੀਆਂ ਬੇਅਦਬੀ ਦੀਆਂ ਅਜਿਹੀਆਂ ਘਟਨਾਵਾਂ ਵਾਪਰਨ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਦਾ ਪ੍ਰਬੰਧ ਹੋਣਾ ਜ਼ਰੂਰੀ ਹੈ, ਜਿਸ ਦੀ ਸਿੱਖ ਸੰਗਤਾਂ ਵਲੋਂ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ। ਸਰਕਾਰਾਂ ਵਲੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਨਾ ਹੋਣ ਕਾਰਨ ਅਜਿਹੇ ਅਨਸਰਾਂ ਦੇ ਹੌਸਲੇ ਹੋਰ ਵਧ ਰਹੇ ਹਨ। ਐਡਵੋਕੇਟ ਧਾਮੀ ਨੇ ਸਰਕਾਰ ਨੂੰ ਆਖਿਆ ਕਿ ਬੇਅਦਬੀ ਦੇ ਦੋਸ਼ੀਆਂ ਦਾ ਪਤਾ ਲਗਾ ਕੇ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਗੁਰਦੁਆਰਾ ਸਾਹਿਬਾਨ ਅੰਦਰ ਪਹਿਰੇਦਾਰੀ ਲਾਜ਼ਮੀ ਬਣਾਉਣ, ਤਾਂ ਜੋ ਅਜਿਹੀਆਂ ਘਟਨਾਵਾਂ ਨਾ ਵਾਪਰਨ।
;
;
;
;
;
;