ਤਿੰਨ ਨਕਾਬਪੋਸ਼ ਨੌਜਵਾਨ ਤੋਂ ਮੋਬਾਈਲ ਤੇ ਮੋਟਰਸਾਈਕਲ ਖੋਹ ਕੇ ਫਰਾਰ
ਗੁਰੂ ਹਰਸਹਾਏ 8 ਮਾਰਚ (ਕਪਿਲ ਕੰਧਾਰੀ)-ਗੁਰੂ ਹਰਸਹਾਏ ਸ਼ਹਿਰ ਵਿਚ ਉਸ ਵੇਲੇ ਦਿਨ ਦਿਹਾੜੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਤਿੰਨ ਨੌਜਵਾਨਾਂ ਵਲੋਂ ਇਕ ਨੌਜਵਾਨ ਨੂੰ ਰੋਕ ਕੇ ਉਸ ਨਾਲ ਮਾਰਕੁੱਟ ਕਰਦੇ ਹੋਏ ਉਸਦਾ ਮੋਬਾਈਲ ਫੋਨ ਅਤੇ ਮੋਟਰਸਾਈਕਲ ਖੋਹ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਅਤੇ ਤਿੰਨੋਂ ਮੋਟਰਸਾਈਕਲ ਸਵਾਰ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਰਾਜੂ ਭਗਤ ਦੇ ਮੰਦਰ ਕੋਲ ਰਹਿਣ ਵਾਲਾ ਇਕ ਨੌਜਵਾਨ ਅੱਜ ਸ਼ਹਿਰ ਵਿਚ ਪੂੜੀਆਂ ਖਾਣ ਲਈ ਆਇਆ ਹੋਇਆ ਸੀ। ਜਦੋਂ ਉਹ ਵਾਪਸ ਆਪਣੇ ਘਰ ਵੱਲ ਜਾ ਰਿਹਾ ਸੀ ਤਾਂ ਰਸਤੇ ਵਿਚ ਤਿੰਨ ਨੌਜਵਾਨ, ਜਿਨ੍ਹਾਂ ਨੇ ਆਪਣੇ ਮੂੰਹ ਬੰਨ੍ਹੇ ਹੋਏ ਸਨ, ਉਸਨੂੰ ਰੋਕ ਲਿਆ। ਦੋਸ਼ ਹੈ ਕਿ ਉਨ੍ਹਾਂ ਨੌਜਵਾਨਾਂ ਨੇ ਉਸਦੀ ਬੁਰੀ ਤਰ੍ਹਾਂ ਮਾਰਕੁੱਟ ਕੀਤੀ ਅਤੇ ਉਸਦਾ ਆਈਫੋਨ ਅਤੇ ਮੋਟਰਸਾਈਕਲ ਖੋਹ ਕੇ ਮੌਕੇ ਤੋਂ ਫਰਾਰ ਹੋ ਗਏ।ਮਾਰਕੁੱਟ ਕਾਰਨ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਸ਼ਹਿਰ ਦੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਦਾਖਲ ਕਰਵਾਇਆ ਗਿਆ। ਨੌਜਵਾਨ ਦੇ ਸਰੀਰ 'ਤੇ ਕਾਫੀ ਸੱਟਾਂ ਦੇ ਨਿਸ਼ਾਨ ਪਾਏ ਗਏ ਹਨ ਅਤੇ ਉਸਦਾ ਇਲਾਜ ਜਾਰੀ ਹੈ।
ਉਧਰ ਇਸ ਸੰਬੰਧੀ ਸਬ ਡਵੀਜ਼ਨ ਗੁਰੂ ਹਰਸਹਾਏ ਦੇ ਡੀ.ਐਸ.ਪੀ. ਰਾਜਵੀਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿਚ ਇਹ ਮਾਮਲਾ ਲੁੱਟ ਖੋਹ ਦਾ ਨਹੀਂ ਲੱਗਦਾ, ਸਗੋਂ ਨੌਜਵਾਨਾਂ ਦੀ ਆਪਸੀ ਰੰਜਿਸ਼ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਵਿਚ ਕੁਝ ਦਿਨ ਪਹਿਲਾਂ ਵੀ ਕਿਸੇ ਗੱਲ ਨੂੰ ਲੈ ਕੇ ਬੋਲਬਾਲਾ ਹੋਇਆ ਸੀ। ਪੀੜਤ ਨੌਜਵਾਨ ਵਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਇਕ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਬਾਕੀ ਨੌਜਵਾਨਾਂ ਨੂੰ ਵੀ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਪੁਲਿਸ ਵਲੋਂ ਇਸ ਘਟਨਾ ਸੰਬੰਧੀ ਅਗਲੀ ਕਾਰਵਾਈ ਜਾਰੀ ਹੈ। ਉਧਰ ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਹੈ।
;
;
;
;
;
;
;
;