ਫਾਜ਼ਿਲਕਾ 'ਚ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦਾ ਰੋਸ ਮਾਰਚ
ਫਾਜ਼ਿਲਕਾ, 11 ਮਾਰਚ (ਪ੍ਰਦੀਪ ਕੁਮਾਰ) - 1158 ਭਰਤੀ ਦੇ ਮੁੱਦੇ ਨੂੰ ਲੈ ਕੇ ਜ਼ਿਲ੍ਹਾ ਫਾਜ਼ਿਲਕਾ ਦੇ ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸਮੂਹ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫਾਜ਼ਿਲਕਾ ਦੇ ਬਜ਼ਾਰਾਂ ਵਿਚ ਰੋਸ ਮਾਰਚ ਕਰਦੇ ਹੋਏ ਡੀ.ਸੀ. ਦਫ਼ਤਰ ਸਾਹਮਣੇ ਪਹੁੰਚੇ ਅਤੇ ਆਪਣਾ ਗੁੱਸਾ ਜਤਾਇਆ।
ਇਸ ਮੌਕੇ ਜ਼ਿਲ੍ਹਾ ਆਗੂ ਪ੍ਰੋਫੈਸਰ ਗੁਰਪ੍ਰੀਤ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਵੇਂ ਮਾਣਯੋਗ ਸੁਪਰੀਮ ਕੋਰਟ ਵਲੋਂ ਇਕ ਵਾਰ 1158 ਭਰਤੀ ਨੂੰ ਰੱਦ ਕੀਤਾ ਗਿਆ ਹੈ, ਪਰ ਇਹ ਅਦਾਲਤ ਦਾ ਅੰਤਿਮ ਫ਼ੈਸਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਅਜੇ ਵੀ ਕਈ ਹੋਰ ਕਾਨੂੰਨੀ ਅਤੇ ਪ੍ਰਸ਼ਾਸਨਿਕ ਰਸਤੇ ਹਨ, ਜਿਨ੍ਹਾਂ ਰਾਹੀਂ ਇਸ ਭਰਤੀ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਕੀਤਾ ਜਾ ਸਕਦਾ ਹੈ। ਪ੍ਰੋਫ਼ੈਸਰ ਸੁਖਮਨਪ੍ਰੀਤ ਕੌਰ ਨੇ ਕਿਹਾ ਕਿ ਜੇ ਇਹ ਭਰਤੀ ਰੱਦ ਰਹਿੰਦੀ ਹੈ ਤਾਂ 1158 ਪਰਿਵਾਰਾਂ ਦੇ ਘਰਾਂ ਦੇ ਚੁੱਲ੍ਹੇ ਠੰਢੇ ਹੋ ਜਾਣਗੇ ਅਤੇ ਸਰਕਾਰੀ ਕਾਲਜਾਂ ਦੀ ਹਾਲਤ ਹੋਰ ਵੀ ਖਰਾਬ ਹੋ ਜਾਵੇਗੀ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲੋਂ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦਾ ਰੁਜ਼ਗਾਰ ਸੁਰੱਖਿਅਤ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਸਰਕਾਰ ਨੂੰ ਇਸ ਦਾ ਰਾਜਨੀਤਕ ਨੁਕਸਾਨ ਵੀ ਝੱਲਣਾ ਪਵੇਗਾ। ਵਿਭਾਗ ਵਲੋਂ ਉਨ੍ਹਾਂ ਦੀਆਂ ਛੁੱਟੀਆਂ ’ਤੇ ਵੀ ਪਾਬੰਦੀ ਲਗਾਈ ਗਈ ਹੈ, ਜੋ ਕਿ ਗ਼ੈਰ -ਮਨੁੱਖੀ ਵਰਤਾਰਾ ਹੈ। ਇਸ ਮੌਕੇ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫਰੰਟ ਦੇ ਆਗੂਆਂ ਨੇ ਐਲਾਨ ਕੀਤਾ ਕਿ 15 ਮਾਰਚ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹਲਕੇ ਗੰਭੀਰਪੁਰ ਵਿਚ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
;
;
;
;
;
;
;
;
;