ਨਗਰ ਕੌਂਸਲ ਦਫਤਰ ਦੇ ਬਾਹਰ ਸਫਾਈ ਸੇਵਕ ਯੂਨੀਅਨ ਵਲੋਂ ਪ੍ਰਦਰਸ਼ਨ
ਗੁਰੂਹਰਸਹਾਏ, 12 ਮਾਰਚ (ਕਪਿਲ ਕੰਧਾਰੀ)-ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਸਫਾਈ ਸੇਵਕ ਯੂਨੀਅਨ ਗੁਰੂ ਹਰ ਸਹਾਏ ਵਲੋਂ ਅੱਜ ਨਗਰ ਕੌਂਸਲ ਦਫਤਰ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਕੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਫਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਕੁਮਾਰ ਦੀ ਅਗਵਾਈ ਹੇਠ ਯੂਨੀਅਨ ਦੇ ਆਗੂਆਂ ਅਤੇ ਮੈਂਬਰਾਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸਰਕਾਰ ਦਾ ਪੁਤਲਾ ਫੂਕਿਆ ਅਤੇ ਆਪਣਾ ਗੁੱਸਾ ਜ਼ਾਹਿਰ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲਾ ਪ੍ਰਧਾਨ ਸੁਨੀਲ ਕੁਮਾਰ ਨੇ ਕਿਹਾ ਕਿ ਸਫਾਈ ਸੇਵਕ ਲੰਬੇ ਸਮੇਂ ਤੋਂ ਸ਼ਹਿਰਾਂ ਅਤੇ ਕਸਬਿਆਂ ਵਿਚ ਆਪਣੀਆਂ ਡਿਊਟੀਆਂ ਨਿਭਾ ਰਹੇ ਹਨ, ਪਰ ਸਰਕਾਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਡਿੱਠਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੱਚੇ ਸਫਾਈ ਸੇਵਕਾਂ ਨੂੰ ਪੱਕਾ ਕਰਨਾ, ਤਨਖਾਹਾਂ ਵਿਚ ਵਾਧਾ ਕਰਨਾ, ਸੇਵਾ ਸੁਰੱਖਿਆ ਮੁਹੱਈਆ ਕਰਵਾਉਣਾ ਅਤੇ ਹੋਰ ਭਲਾਈ ਸੰਬੰਧੀ ਮੰਗਾਂ ਨੂੰ ਲੈ ਕੇ ਕਈ ਵਾਰ ਸਰਕਾਰ ਅਤੇ ਸੰਬੰਧਿਤ ਵਿਭਾਗਾਂ ਨੂੰ ਮੰਗ ਪੱਤਰ ਦਿੱਤੇ ਗਏ ਹਨ, ਪਰ ਅਜੇ ਤੱਕ ਕੋਈ ਢੁੱਕਵਾਂ ਹੱਲ ਨਹੀਂ ਕੀਤਾ ਗਿਆ। ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵਲੋਂ ਜਲਦ ਹੀ ਸਫਾਈ ਸੇਵਕਾਂ ਦੀਆਂ ਮੰਗਾਂ ਨੂੰ ਮਨਜ਼ੂਰ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਵੱਡੇ ਪੱਧਰ ‘ਤੇ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
;
;
;
;
;
;
;
;