ਧਰਤੀ ਹੇਠਲੇ ਪਾਣੀ ਨੂੰ ਡੂੰਘਾ ਹੋਣ ਤੋਂ ਬਚਾਉਣ ਲਈ ਪੰਜਾਬ ਸਰਕਾਰ ਯਤਨਸ਼ੀਲ - ਖੁੱਡੀਆਂ
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ- (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ 15 ਹਜ਼ਾਰ ਕਿਲੋਮੀਟਰ ਤੋਂ ਵੱਧ ਨਹਿਰਾਂ, ਰਜਬਾਹੇ ਤੇ ਕੱਸੀਆਂ ਨੂੰ ਪੱਕਾ ਕੀਤਾ ਗਿਆ ਹੈ ਤਾਂ ਜੋ ਟੇਲ ਉਤੇ ਪੈਂਦੇ ਪਿੰਡਾਂ ਨੂੰ ਖੇਤੀਬਾੜੀ ਅਤੇ ਪੀਣ ਲਈ ਸਾਫ-ਸੁਥਰਾ ਪਾਣੀ ਮੁਹੱਈਆ ਹੋ ਸਕੇ।
ਇਹ ਪ੍ਰਗਟਾਵਾ ਅੱਜ ਗੁਰਮੀਤ ਸਿੰਘ ਖੁੱਡੀਆ ਖੇਤੀਬਾੜੀ, ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਨੇ ਅੱਜ ਲੰਬੀ ਰਜਬਾਹਾ ਜੋ ਸਰਹੱਦ ਫੀਡਰ ਨਹਿਰ ਦੀ ਬੁਰਜੀ ਨੰ. 386325 ਪਿੰਡ ਖੁੱਡੀਆ ਤੋਂ ਨਿਕਲਦਾ ਹੈ, ਦੇ ਨਵ ਨਿਰਮਾਣ ਦਾ ਉਦਘਾਟਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਰਜਬਾਹੇ ਦੇ ਨਵ ਨਿਰਮਾਣ ਉਤੇ ਪੰਜਾਬ ਸਰਕਾਰ ਵਲੋਂ 2 ਕਰੋੜ 40 ਲੱਖ ਰੁਪਏ ਖਰਚ ਕੀਤੇ ਗਏ ਹਨ। ਇਸ ਰਜਬਾਹੇ ਤੋਂ ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਦੇ ਲੱਗਭਗ 25 ਪਿੰਡਾਂ ਨੂੰ ਪੀਣ ਵਾਲਾ ਪਾਣੀ ਅਤੇ ਕੁਲ 47632 ਏਕੜ ਰਕਬੇ ਨੂੰ ਸਿੰਚਾਈ ਦੀ ਸਹੂਲਤ ਮਿਲੇਗੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਦਾ ਦੋ ਦਰਜਨ ਪਿੰਡਾਂ ਨੂੰ ਫਾਇਦਾ ਪਹੁੰਚੇਗਾ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਾਸ਼ਤਕਾਰਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਬਸਿਡੀ ਦਿੱਤੀ ਜਾਵੇਗੀ ਅਤੇ ਸਰਕਾਰ ਵਲੋਂ ਇਸ ਸਕੀਮ ਤਹਿਤ 40 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਾਸ਼ਤਕਾਰਾਂ ਦੇ ਬੈਂਕ ਖਾਤਿਆਂ ਵਿਚ 32 ਕਰੋੜ ਰੁਪਏ ਦੀ ਰਾਸ਼ੀ ਭੇਜੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਪੰਜਾਬ ਵਿਚ ਨਰਮੇ ਦੀ ਕਾਸ਼ਤ ਨੂੰ ਪ੍ਰਫੁੱਲਤ ਕਰਨ ਲਈ 33 ਪ੍ਰਤੀਸ਼ਤ ਸਬਸਿਡੀ ਪੰਜਾਬ ਸਰਕਾਰ ਵਲੋਂ ਦਿੱਤੀ ਜਾਵੇਗੀ ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਡੂੰਘਾ ਹੋਣ ਤੋਂ ਬਚਾਇਆ ਜਾਵੇ ਅਤੇ ਖੇਤੀਬਾੜੀ ਯੂਨੀਵਰਸਿਟੀ ਦੀ ਸਲਾਹ ਉਤੇ ਦੇਸੀ ਕਪਾਹ ਦੇ ਬੀਜ ਦਾ ਵੀ ਪ੍ਰਬੰਧ ਕੀਤਾ ਜਾਵੇਗਾ।
;
;
;
;
;
;
;
;
;