JALANDHAR WEATHER

ਫ਼ਤਹਿਗੜ੍ਹ ਸਾਹਿਬ ਦੀ ਧਰਤੀ ਸਾਨੂੰ ਸਦਾ ਸੱਚ ਤੇ ਨਿਆਂ ਦੇ ਰਸਤੇ 'ਤੇ ਚੱਲਣ ਦੀ ਪ੍ਰੇਰਣਾ ਦਿੰਦੀ ਰਹੇਗੀ-ਗੁਲਾਬ ਚੰਦ ਕਟਾਰੀਆ

ਫ਼ਤਹਿਗੜ੍ਹ ਸਾਹਿਬ, 11 ਅਪ੍ਰੈਲ (ਬਲਜਿੰਦਰ ਸਿੰਘ)- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਸ਼ਹੀਦਾਂ ਦੀ ਪਵਿੱਤਰ ਧਰਤੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ, ਜਿਥੇ ਉਨ੍ਹਾਂ ਛੋਟੋ ਸਾਹਿਬਜਾਦਿਆਂ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਅਕੀਦਤ ਭੇਟ ਕੀਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਛੋਟੇ ਸਾਹਿਬਜ਼ਾਦਿਆਂ ਦੀ ਹੋਈ ਸ਼ਹਾਦਤ ਬਲੀਦਾਨ ਅਤੇ ਅਟੱਲ ਵਿਸ਼ਵਾਸ ਦਾ ਪ੍ਰਤੀਕ ਹੈ, ਜੋ ਸਾਨੂੰ ਸਦਾ ਸੱਚ ਤੇ ਨਿਆਂ ਦੇ ਰਸਤੇ 'ਤੇ ਚੱਲਣ ਦੀ ਪ੍ਰੇਰਣਾ ਦਿੰਦੀ ਰਹੇਗੀ। ਉਨ੍ਹਾਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਦੇਸ਼ਵਾਸੀਆਂ ਲਈ ਉਹ ਮਹਾਨ ਤੀਰਥ ਅਸਥਾਨ ਹੈ, ਜਿਥੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੇ ਧਰਮ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਖਾਤਰ ਸ਼ਹਾਦਤ ਦਿੱਤੀ, ਜਿਸ ਦਾ ਦੁਨੀਆ ਵਿਚ ਕੋਈ ਸਾਨੀ ਨਹੀਂ ਹੈ।

ਰਾਜਪਾਲ ਨੇ ਕਿਹਾ ਕਿ ਉਨ੍ਹਾਂ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ ਅਤੇ ਮਾਨਵਤਾ ਦੀ ਭਲਾਈ ਲਈ ਹਮੇਸ਼ਾ ਮੋਹਰੀ ਹੋ ਕੇ ਕਾਰਜ ਕਰਨ ਦਾ ਆਸ਼ੀਰਵਾਦ ਲਿਆ ਹੈ। ਉਨ੍ਹਾਂ ਲੰਗਰ ਪ੍ਰਥਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬੀਆਂ ਖਾਸਕਰ ਸਿੱਖ ਕੌਮ ਵਲੋਂ ਲੰਗਰ ਪ੍ਰਥਾ ਰਾਹੀਂ ਗਰੀਬ ਤੇ ਲੋੜਵੰਦ ਲੋਕਾਂ ਨੂੰ ਰੋਟੀ ਦੇਣ ਦਾ ਜੋ ਉਪਰਾਲਾ ਕੀਤਾ ਜਾ ਰਿਹਾ ਹੈ, ਉਸ ਦੀ ਮਿਸਾਲ ਦੁਨੀਆ ਭਰ ਵਿਚ ਕਿਧਰੇ ਵੀ ਨਹੀਂ ਮਿਲਦੀ। ਉਨ੍ਹਾਂ ਹੜ੍ਹਾਂ ਦੌਰਾਨ ਪੰਜਾਬੀਆਂ ਵਲੋਂ ਲਗਾਏ ਲੰਗਰਾਂ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਜਦੋਂ ਵੀ ਦੇਸ਼ਵਾਸੀਆਂ ਤੇ ਕੋਈ ਭੀੜ ਪਈ ਤਾਂ ਪੰਜਾਬੀਆਂ ਨੇ ਹਮੇਸ਼ਾ ਹੀ ਮੋਹਰੀ ਹੋ ਕੇ ਆਪਣੀਆਂ ਸੇਵਾਵਾਂ ਦਿੱਤੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਗੌਰਵਮਈ ਇਤਿਹਾਸ ਤੋਂ ਸਿੱਖਿਆ ਲੈ ਕੇ ਆਪਣੇ ਜੀਵਨ ਵਿਚ ਸੱਚਾਈ ਅਤੇ ਇਮਾਨਦਾਰੀ ਨੂੰ ਅਪਣਾਉਣ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਗੁਰਦੁਆਰਾ ਪ੍ਰਬੰਧ ਵਲੋਂ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਯਾਦਗਾਰੀ ਤਸਵੀਰ ਭੇਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਜ਼ਿਲ੍ਹਾ ਪੁਲਿਸ ਮੁੱਖੀ ਸ਼ੁਭਮ ਅਗਰਵਾਲ, ਐਸ.ਡੀ.ਐਮ. ਅਰਵਿੰਦ ਗੁਪਤਾ, ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰਾ ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਬੀਬੀ ਹਰਜਿੰਦਰ ਕੌਰ, ਮੈਨੇਜਰ ਗੁਰਦੀਪ ਸਿੰਘ ਕੰਗ, ਹਰਜੀਤ ਸਿੰਘ ਅਲੀਪੁਰ ਵੀ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ