JALANDHAR WEATHER

ਅੰਮ੍ਰਿਤਪਾਲ ਖ਼ਿਲਾਫ਼ ਹਾਈਕੋਰਟ ਪੁੱਜੀ ਪੰਜਾਬ ਸਰਕਾਰ

ਚੰਡੀਗੜ੍ਹ,16 ਅਪ੍ਰੈਲ - ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 'ਤੇ ਲਗਾਇਆ ਗਿਆ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਇਸ ਮਹੀਨੇ ਖ਼ਤਮ ਹੋਣ ਵਾਲਾ ਹੈ। ਪੰਜਾਬ ਸਰਕਾਰ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਹੁੰਚ ਕਰ ਚੁੱਕੀ ਹੈ। ਸਰਕਾਰ ਨੇ ਇਕ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿਚ ਦਲੀਲ ਦਿੱਤੀ ਗਈ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਐਨ.ਐਸ.ਏ. ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਵੀ ਡਿਬਰੂਗੜ੍ਹ ਜੇਲ੍ਹ ਵਿਚ ਰੱਖਿਆ ਜਾਵੇ। ਇਸ ਮਾਮਲੇ 'ਤੇ ਸੁਣਵਾਈ ਅੱਜ ਦੁਪਹਿਰ ਨੂੰ ਹੋਣ ਦੀ ਉਮੀਦ ਹੈ, ਕਿਉਂਕਿ ਸਰਕਾਰ ਨੇ ਇਹ ਮੰਗ ਅਦਾਲਤ ਦੇ ਸਾਹਮਣੇ ਰੱਖੀ ਹੈ।

ਸਰਕਾਰ ਦੇ ਵਕੀਲ ਨੇ ਪਟੀਸ਼ਨ ਵਿਚ ਕਿਹਾ ਹੈ ਕਿ ਐਨ.ਐਸ.ਏ. ਅਧੀਨ ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ 22 ਅਪ੍ਰੈਲ ਨੂੰ ਖ਼ਤਮ ਹੋ ਰਹੀ ਹੈ। ਖੁਫ਼ੀਆ ਜਾਣਕਾਰੀ ਅਤੇ ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ ਰਾਜ ਸਰਕਾਰ ਨੇ ਅਦਾਲਤ ਨੂੰ ਸੂਚਿਤ ਕੀਤਾ ਕਿ ਉਹ ਉਸ ਨੂੰ ਪੰਜਾਬ ਨਹੀਂ ਲਿਆਉਣਾ ਚਾਹੁੰਦੀ। ਸਰਕਾਰ ਚਾਹੁੰਦੀ ਹੈ ਕਿ ਉਸ ਨੂੰ ਅਸਮ ਵਿਚ ਨਜ਼ਰਬੰਦ ਕੀਤਾ ਜਾਵੇ ਅਤੇ ਮਾਮਲੇ ਦੀ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇ। ਪੰਜਾਬ ਸਰਕਾਰ ਨੇ ਪਹਿਲਾਂ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਦੀਆਂ ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਇਕ ਅਜਿਹਾ ਹੀ ਪੱਤਰ ਲਿਖਿਆ ਸੀ।

ਸੂਤਰਾਂ ਅਨੁਸਾਰ ਰਾਜ ਸਰਕਾਰ ਨੇ ਕੇਂਦਰੀ ਗ੍ਰਹਿ ਸਕੱਤਰ ਨੂੰ ਬੇਨਤੀ ਕੀਤੀ ਹੈ ਕਿ ਉਹ ਅਸਮ ਸਰਕਾਰ ਦੀ ਸਹਿਮਤੀ ਨਾਲ ਕੈਦੀਆਂ ਦੇ ਤਬਾਦਲੇ ਐਕਟ, 1952 ਅਤੇ ਪੰਜਾਬ ਸੋਧ ਐਕਟ, 2025 ਦੇ ਉਪਬੰਧਾਂ ਦੇ ਤਹਿਤ ਅੰਮ੍ਰਿਤਪਾਲ ਨੂੰ ਡਿਬਰੂਗੜ੍ਹ ਜੇਲ੍ਹ ਵਿਚ ਰੱਖਣ ਦੀ ਇਜਾਜ਼ਤ ਦੇਣ। ਇਸ ਮਾਮਲੇ ਵਿਚ ਜਲਦੀ ਫ਼ੈਸਲਾ ਲੈਣ ਲਈ ਇੱਕ ਅਪੀਲ ਵੀ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ