ਪ੍ਰਧਾਨ ਮੰਤਰੀ ਮੋਦੀ ਵਲੋਂ ਆਸਟ੍ਰੀਆ ਦੇ ਚਾਂਸਲਰ ਨਾਲ ਮੁਲਾਕਾਤ
ਨਵੀਂ ਦਿੱਲੀ,16 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਹੈਦਰਾਬਾਦ ਹਾਊਸ ਵਿਖੇ ਆਸਟ੍ਰੀਆ ਦੇ ਚਾਂਸਲਰ ਡਾ. ਕ੍ਰਿਸ਼ਚੀਅਨ ਸਟਾਕਰ ਨਾਲ ਇਕ ਮਹੱਤਵਪੂਰਨ ਮੁਲਾਕਾਤ ਕੀਤੀ। ਇਸ ਮੁਲਾਕਾਤ ਦਾ ਮੁੱਖ ਉਦੇਸ਼ ਭਾਰਤ ਅਤੇ ਆਸਟ੍ਰੀਆ ਵਿਚਕਾਰ ਦੁਵੱਲੇ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨਾ ਸੀ। ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਕੇਂਦਰੀ ਮੰਤਰੀ ਪਿਊਸ਼ ਗੋਇਲ ਵੀ ਮੀਟਿੰਗ ਦੌਰਾਨ ਮੌਜੂਦ ਸਨ। ਮੀਟਿੰਗ ਦੌਰਾਨ ਦੋਵਾਂ ਦੇਸ਼ਾਂ ਵਿਚਕਾਰ ਕਈ ਮਹੱਤਵਪੂਰਨ ਸਮਝੌਤਿਆਂ 'ਤੇ ਦਸਤਖ਼ਤ ਕੀਤੇ ਗਏ। ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਸਟ੍ਰੀਆ ਦੇ ਚਾਂਸਲਰ ਕ੍ਰਿਸ਼ਚੀਅਨ ਸਟਾਕਰ ਨਾਲ ਇਕ ਸਾਂਝੇ ਪ੍ਰੈਸ ਬਿਆਨ ਵਿਚ ਦੋਵਾਂ ਦੇਸ਼ਾਂ ਵਿਚਕਾਰ ਸੰਬੰਧਾਂ ਨੂੰ ਮਜ਼ਬੂਤ ਕਰਨ ਬਾਰੇ ਗੱਲ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਚਾਂਸਲਰ ਦੀ ਫੇਰੀ ਵਪਾਰ ਅਤੇ ਨਿਵੇਸ਼ ਵਿਚ ਨਵੀਂ ਊਰਜਾ ਭਰੇਗੀ। ਉਨ੍ਹਾਂ ਕਿਹਾ ਕਿ ਭਾਰਤ ਅਤੇ ਆਸਟ੍ਰੀਆ ਦੁਨੀਆ ਨੂੰ ਭਰੋਸੇਯੋਗ ਹੱਲ ਪ੍ਰਦਾਨ ਕਰਨ ਲਈ ਤਕਨਾਲੋਜੀ ਅਤੇ ਸਪਲਾਈ ਚੇਨਾਂ ਨੂੰ ਸਾਂਝੇ ਤੌਰ 'ਤੇ ਮਜ਼ਬੂਤ ਕਰਨਗੇ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਮੌਜੂਦਾ ਵਿਸ਼ਵ ਤਣਾਅ ਦੇ ਵਿਚਕਾਰ, ਦੋਵੇਂ ਦੇਸ਼ ਇਸ ਗੱਲ 'ਤੇ ਸਹਿਮਤ ਹਨ ਕਿ ਜੰਗ ਸਮੱਸਿਆਵਾਂ ਦਾ ਹੱਲ ਨਹੀਂ ਕਰ ਸਕਦੀ। ਭਾਵੇਂ ਯੂਕਰੇਨ ਵਿਚ ਹੋਵੇ ਜਾਂ ਪੱਛਮੀ ਏਸ਼ੀਆ ਵਿਚ ਦੋਵੇਂ ਦੇਸ਼ ਸ਼ਾਂਤੀ ਅਤੇ ਸਥਿਰਤਾ ਦਾ ਸਮਰਥਨ ਕਰਦੇ ਹਨ। ਦੋਵੇਂ ਨੇਤਾ ਗਲੋਬਲ ਸੰਸਥਾਵਾਂ ਵਿਚ ਸੁਧਾਰ ਕਰਨ ਅਤੇ ਅੱਤਵਾਦ ਨੂੰ ਖ਼ਤਮ ਕਰਨ 'ਤੇ ਵੀ ਸਹਿਮਤ ਹੋਏ। ਇਸ ਤੋਂ ਪਹਿਲਾਂ ਆਸਟ੍ਰੀਆ ਦੇ ਚਾਂਸਲਰ ਸਟਾਕਰ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦੇਣ ਲਈ ਰਾਜਘਾਟ ਦਾ ਦੌਰਾ ਕੀਤਾ ਅਤੇ ਉਨ੍ਹਾਂ ਦੀ ਸਮਾਧ 'ਤੇ ਫੁੱਲਮਾਲਾ ਭੇਟ ਕੀਤੀ। ਚਾਂਸਲਰ ਸਟਾਕਰ ਭਾਰਤ ਦੇ ਚਾਰ ਦਿਨਾਂ ਦੌਰੇ 'ਤੇ ਹਨ ਤੇ 2025 ਵਿਚ ਅਹੁਦਾ ਸੰਭਾਲਣ ਤੋਂ ਬਾਅਦ ਭਾਰਤ ਅਤੇ ਏਸ਼ੀਆ ਦਾ ਉਨ੍ਹਾਂ ਦਾ ਪਹਿਲਾ ਦੌਰਾ ਹੈ।
;
;
;
;
;
;
;
;
;