ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਈ ਕੇਂਦਰਾਂ ਦਾ ਦੌਰਾ ਕਰਕੇ ਕਣਕ ਦੀ ਖ਼ਰੀਦ ਪ੍ਰਕਿਰਿਆ ਦਾ ਲਿਆ ਜਾਇਜ਼ਾ
ਸੰਗਰੂਰ, 20 ਅਪ੍ਰੈਲ (ਧੀਰਜ ਪਸੋਰੀਆ) - ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅਨਾਜ ਮੰਡੀ ਸੰਗਰੂਰ ਸਮੇਤ ਬਾਲੀਆਂ, ਭਿੰਡਰਾਂ, ਘਾਬਦਾਂ, ਦੇਹਕਲਾਂ, ਗਹਿਲਾਂ, ਚੰਗਾਲ ਪਿੰਡਾਂ ਦੇ ਖ਼ਰੀਦ ਕੇਂਦਰਾਂ ਦਾ ਦੌਰਾ ਕਰ ਕੇ ਕਣਕ ਦੇ ਸੀਜਨ ਦੌਰਾਨ ਚੱਲ ਰਹੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਵਿਧਾਇਕਾ ਭਰਾਜ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਪ੍ਰਬੰਧਾਂ ਬਾਰੇ ਜਾਣਕਾਰੀ ਲਈ। ਮੌਕੇ 'ਤੇ ਹੀ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਪੇਸ਼ ਨਾ ਆਵੇ ਅਤੇ ਖ਼ਰੀਦ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਣਕ ਦਾ ਇਕ ਇਕ ਦਾਣਾ ਖ਼ਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਪੂਰਾ ਮੁੱਲ ਮਿਲੇਗਾ। ਉਨ੍ਹਾਂ ਕਿਹਾ ਕਿ ਖ਼ਰੀਦ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਉਣ ਲਈ ਆਨਲਾਈਨ ਪ੍ਰਣਾਲੀਆਂ ਨੂੰ ਲਾਗੂ ਕੀਤਾ ਗਿਆ ਹੈ, ਇਸ ਨਾਲ ਫ਼ਸਲ ਦਾ ਭੁਗਤਾਨ ਸਿੱਧਾ ਕਿਸਾਨਾਂ ਦੇ ਖਾਤਿਆਂ ਵਿਚ ਹੋਵੇਗਾ। ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਕਣਕ ਦੀ ਤੁਲਾਈ, ਲਿਫਟਿੰਗ ਅਤੇ ਫ਼ਸਲ ਦਾ ਭੁਗਤਾਨ ਨਾਲੋ ਨਾਲ ਕੀਤਾ ਜਾਵੇ।ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿਚ ਬਾਰਦਾਨੇ ਸਮੇਤ ਹੋਰ ਸਾਜੋ ਸਮਾਨ ਦੀ ਕਿਸੇ ਕਿਸਮ ਦੀ ਵੀ ਕੋਈ ਘਾਟ ਨਹੀਂ ਹੈ।
;
;
;
;
;
;
;