ਧਾਰਮਿਕ ਆਸਥਾ ਅਤੇ ਮਰਿਆਦਾ ਦੀ ਰੱਖਿਆ ਵੱਲ ਇਕ ਮਹੱਤਵਪੂਰਨ ਕਦਮ ਹੈ, ਬੇਅਦਬੀ ਵਿਰੁੱਧ ਬਣਿਆ ਕਾਨੂੰਨ - ਭਰਾਜ
ਸੰਗਰੂਰ, 20 ਅਪ੍ਰੈਲ (ਧੀਰਜ ਪਸੋਰੀਆ) - ਪੰਜਾਬ ਵਿਧਾਨ ਸਭਾ ਵਿਚ ਪਵਿੱਤਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਲਿਆਂਦਾ ਬਿੱਲ ਹੁਣ ਕਾਨੂੰਨ ਬਣ ਗਿਆ ਹੈ। ਪੰਜਾਬ ਦੇ ਮਾਨਯੋਗ ਰਾਜਪਾਲ ਵਲੋਂ ਇਸ ਬਿੱਲ ਨੂੰ ਮਨਜ਼ੂਰੀ ਦੇਣ ਨਾਲ ਇਹ ਫ਼ੈਸਲਾ ਲਾਗੂ ਹੋ ਗਿਆ ਹੈ, ਜੋ ਧਾਰਮਿਕ ਆਸਥਾ ਅਤੇ ਮਰਿਆਦਾ ਦੀ ਰੱਖਿਆ ਵੱਲ ਇਕ ਮਹੱਤਵਪੂਰਨ ਕਦਮ ਹੋਵੇਗਾ। ਇਹ ਪ੍ਰਗਟਾਵਾ ਕਰਦਿਆਂ ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤਾ ਗਿਆ ਇਹ ਬਿੱਲ ਹੁਣ ਕਾਨੂੰਨ ਦਾ ਰੂਪ ਧਾਰਨ ਕਰ ਚੁੱਕਾ ਹੈ। ਇਸ ਕਾਨੂੰਨ ਦੇ ਤਹਿਤ ਬੇਅਦਬੀ ਦੇ ਮਾਮਲਿਆਂ ਉੱਤੇ ਹੋਰ ਸਖ਼ਤ ਨਿਗਰਾਨੀ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ। ਵਿਧਾਇਕਾ ਭਰਾਜ ਨੇ ਕਿਹਾ ਕਿ ਇਹ ਕਾਨੂੰਨ ਉਨ੍ਹਾਂ ਤਾਕਤਾਂ ਲਈ ਸਖ਼ਤ ਜਵਾਬ ਹੈ ਜੋ ਧਰਮ ਦੇ ਨਾਂ ਉੱਤੇ ਲੋਕਾਂ ਵਿਚ ਫੁੱਟ ਪਾਉਣ ਦੀ ਕੋਸ਼ਿਸ਼ ਕਰਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਜਿਹੜੀਆਂ ਪਾਰਟੀਆਂ ਆਪਣੇ ਆਪ ਨੂੰ ਪੰਥ ਕਹਿੰਦੀਆਂ ਰਹੀਆਂ ਹਨ, ਉਹ ਇਸ ਮੁੱਦੇ ਦਾ ਹੱਲ ਨਹੀਂ ਕਰ ਸਕੀਆਂ। ਵਿਧਾਇਕਾ ਭਰਾਜ ਨੇ ਹੋਰ ਕਿਹਾ ਕਿ ਹੁਣ ਕਿਸੇ ਨੂੰ ਵੀ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਕਰਨ ਦੀ ਹਿੰਮਤ ਨਹੀਂ ਹੋਵੇਗੀ। ਇਹ ਕਾਨੂੰਨ ਸਮਾਜ ਵਿਚ ਆਪਸੀ ਸਾਂਝ ਅਤੇ ਸਦਭਾਵਨਾ ਨੂੰ ਮਜ਼ਬੂਤ ਕਰੇਗਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕਦਮ ਪੰਜਾਬ ਵਿਚ ਸ਼ਾਂਤੀ ਅਤੇ ਏਕਤਾ ਦਾ ਵੱਡਾ ਸੁਨੇਹਾ ਦੇਵੇਗਾ।
;
;
;
;
;
;
;