JALANDHAR WEATHER

ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਸ੍ਰੀ ਮੁਕਤਸਰ ਸਾਹਿਬ, 4 ਮਈ (ਰਣਜੀਤ ਸਿੰਘ ਢਿੱਲੋਂ)- 40 ਮੁਕਤਿਆਂ ਦਾ ਸ਼ਹੀਦੀ ਦਿਹਾੜਾ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸੰਬੰਧ ਵਿੱਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ। ਇਸ ਮੌਕੇ ਭਾਈ ਗੁਰਪ੍ਰੀਤ ਸਿੰਘ ਖਾਲਸਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਜਥੇ ਵੱਲੋਂ ਸ਼ਬਦ ਕੀਰਤਨ ਕੀਤਾ ਗਿਆ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਸ਼ਾਮਿਲ ਹੋਏ ਅਤੇ ਉਨ੍ਹਾਂ 40 ਮੁਕਤਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਅਤੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ (ਸ੍ਰੀ ਦਰਬਾਰ ਸਾਹਿਬ) ਵਿਖੇ ਮੱਥਾ ਟੇਕਿਆ। ਇੱਥੇ ਸਵੇਰ ਤੋਂ ਹੀ ਕੀਰਤਨ ਪ੍ਰਵਾਹ ਚੱਲ ਰਿਹਾ ਹੈ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਕੀਰਤਨ ਸਰਵਣ ਕਰ ਰਹੀਆਂ ਹਨ।

ਇਸਤੋਂ ਇਲਾਵਾ ਸੰਗਤਾਂ ਪਵਿੱਤਰ ਮੁਕਤ ਸਰੋਵਰ ਵਿੱਚ ਇਸ਼ਨਾਨ ਕਰਕੇ ਖਿਦਰਾਣੇ ਦੀ ਢਾਬ ਦੇ ਸ਼ਹੀਦਾਂ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰ ਰਹੀਆਂ ਹਨ। ਠੰਢੇ ਮਿੱਠੇ ਜਲ ਦੀਆਂ ਛਬੀਲਾਂ, ਸ਼ਰਦਾਈ ਦੀ ਛਬੀਲ, ਪਕੌੜਿਆਂ ਸਮੇਤ ਵੱਖ-ਵੱਖ ਪਕਵਾਨਾਂ ਦੇ ਲੰਗਰ ਲੱਗੇ ਹੋਏ ਹਨ। ਗੁਰਦੁਆਰਾ ਤੰਬੂ ਸਾਹਿਬ ਵਿਖੇ ਅੰਮ੍ਰਿਤ ਅਭਿਲਾਖੀਆਂ ਨੂੰ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁਗਲ ਸਾਮਰਾਜ ਦੇ ਜ਼ੁਲਮ ਖਿਲਾਫ ਦਸ਼ਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਵੱਲੋਂ ਇਸ ਧਰਤੀ ਤੇ ਆਖਰੀ ਤੇ ਫੈਸਲਾਕੁੰਨ ਯੁੱਧ ਕਰਕੇ ਮੁਗਲ ਸਾਮਰਾਜ ਦੀਆਂ ਜੜ੍ਹਾਂ ਪੁੱਟੀਆਂ ਗਈਆਂ।

ਉਨ੍ਹਾਂ ਕਿਹਾ ਕਿ ਦਸ਼ਮੇਸ਼ ਪਿਤਾ ਨੇ ਹੀ ਇਸ ਧਰਤੀ ਨੂੰ ਮੁਕਤੀ ਦੇ ਸਰ ਦਾ ਵਰਦਾਨ ਬਖਸ਼ਿਆ ਅਤੇ 40 ਸਿੱਖਾਂ ਨਾਲ ਟੁੱਟੀ ਗੰਢ ਕੇ ਇਤਿਹਾਸ ਵਿੱਚ ਵਿਲੱਖਣ ਮਿਸਾਲ ਕਾਇਮ ਕੀਤੀ। ਹੈਡ ਗ੍ਰੰਥੀ ਭਾਈ ਜਗਬੀਰ ਸਿੰਘ ਵੱਲੋਂ 40 ਮੁਕਤਿਆਂ ਦੇ ਜੀਵਨ ਤੇ ਚਾਨਣਾ ਪਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਤੋਂ ਇਲਾਵਾ ਵੱਖ-ਵੱਖ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਰਮਲਜੀਤ ਸਿੰਘ ਅਤੇ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਇਸ ਧਰਤੀ ਤੇ 21 ਵਿਸਾਖ ਸੰਮਤ 1762 ਨੂੰ ਜੰਗ ਹੋਈ ਅਤੇ ਅੱਜ ਸ਼ਹੀਦੀ ਦਿਹਾੜੇ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਇਤਿਹਾਸਿਕ ਧਰਤੀ ਤੇ ਨਤਮਸਤਕ ਹੋ ਰਹੀਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ